Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ  ਕਿਹਾ ਕਿ ਸੂਬਾ ਸਰਕਾਰ ਨੇ ਤਕਰੀਬਨ ਇੱਕ ਸਾਲ ਦੇ ਵਕਫ਼ੇ ਵਿੱਚ ਸੂਬੇ ਦੇ ਨੌਜਵਾਨਾਂ ਨੂੰ 29,684 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਅਜਿਹੀਆਂ ਹੋਰ ਬਹੁਤ ਸਾਰੀਆਂ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ।


ਇੱਥੇ ਸਥਾਨਕ ਸਰਕਾਰਾਂ ਵਿਭਾਗ ਵਿੱਚ 401 ਕਲਰਕਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 17 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੌਰਾਨ ਮੁੱਖ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਆਪਣਾ ਫ਼ਰਜ਼ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਲਈ ਆਖਿਆ।






ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਆਉਣ ਵਾਲੀਆਂ ਨਸਲਾਂ ਲਈ ਪੰਜਾਬ ਨੂੰ ਰੰਗਲਾ ਬਣਾਉਣ ਲਈ ਪਹਿਲਾਂ ਹੀ ਵਿਆਪਕ ਯੋਜਨਾ ਉਲੀਕੀ ਹੈ। 


ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਪੰਜਾਬ ਦੇ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵੱਡ-ਆਕਾਰੀ ਟੀਚੇ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਦੇ ਦੋ ਹੀ ਆਧਾਰ ਹਨ ਪਹਿਲਾ ਪਾਰਦਰਸ਼ਤਾ ਤੇ ਦੂਜਾ ਮੈਰਿਟ। ਭਗਵੰਤ ਮਾਨ ਨੇ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਲਈ ਪੁਖ਼ਤਾ ਢਾਂਚਾ ਅਪਣਾਇਆ ਗਿਆ, ਜਿਸ ਕਾਰਨ 29 ਹਜ਼ਾਰ ਤੋਂ ਵੱਧ ਨਿਯੁਕਤੀਆਂ ਵਿੱਚੋਂ ਇਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ।


ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਆਪਣੀ ਜਿੱਤ ਉਤੇ ਘਮੰਡ ਨਾ ਕਰਨ, ਸਗੋਂ ਜ਼ਮੀਨ ਨਾਲ ਜੁੜੇ ਰਹਿ ਕੇ ਹੋਰ ਸਫ਼ਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਸਵੈ-ਵਿਸ਼ਵਾਸ ਤੇ ਹਾਂ-ਪੱਖੀ ਪਹੁੰਚ ਕਿਸੇ ਵੀ ਸ਼ਖ਼ਸੀਅਤ ਦੇ ਮੂਲ ਆਧਾਰ ਹੋਣੇ ਚਾਹੀਦੇ ਹਨ ਪਰ ਇਨ੍ਹਾਂ ਉਤੇ ਹੰਕਾਰ ਨਹੀਂ ਕਰਨਾ ਚਾਹੀਦਾ। ਭਗਵੰਤ ਮਾਨ ਨੇ ਕਿਹਾ ਕਿ ਇਹ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੀ ਕੁੰਜੀ ਹੈ ਪਰ ਇਨ੍ਹਾਂ ਨੂੰ ਸਹੀ ਦਿਸ਼ਾ ਵਿੱਚ ਲਾਗੂ ਕਰਨਾ ਚਾਹੀਦਾ ਹੈ।