Ludhiana News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ, 'ਸਰਕਾਰਾਂ ਸਿੱਖ ਕੌਮ ਦੇ ਇਤਿਹਾਸ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਐਡਵੋਕੇਟ ਧਾਮੀ ਨੇ ਸਰਕਾਰਾਂ ਨੂੰ ਕੋਸਦਿਆਂ ਕਿਹਾ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਚ ਪ੍ਰਧਾਨੀ ਤੇ ਸਿੱਖ ਕੌਮ ਦੇ ਸ਼ਾਨਾਮੱਤੀ ਇਤਹਾਸ ਨੂੰ ਤੋੜ-ਮਰੋੜ ਕੇ ਖਤਮ ਕਰਨ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਸਿੱਖੀ ਸਿਧਾਤਾਂ ਨੂੰ ਭਾਰੀ ਸੱਟ ਵੱਜੀ ਹੈ।' 



ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਇਸ ਕਰਕੇ ਸੰਗਤਾਂ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀਆਂ ਪ੍ਰੰਪਰਾਵਾਂ ਦੇ ਖ਼ਿਲਾਫ਼ ਜਾ ਕੇ ਭਾਰਤ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੇ ਦਿਵਸ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣਾ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਸਭ ਤੋਂ ਵੱਡੀ ਸਾਜਿਸ਼ ਹੈ। 



ਦੱਸ ਦਈਏ ਕਿ ਐਡਵੋਕੇਟ ਧਾਮੀ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਤ ਕਿਸ਼ਨ ਸਿੰਘ ਦੀ 33ਵੀਂ ਬਰਸੀ ਸਬੰਧੀ ਕਰਵਾਏ ਸਮਾਗਮ ਵਿੱਚ ਪੁੱਜੇ ਸੀ। ਸੰਤ ਕਿਸ਼ਨ ਸਿੰਘ ਦੀ ਬਰਸੀ ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਦੇਖਰੇਖ ਹੇਠ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਸ਼੍ਰੋਮਣੀ ਐਡਵੋਕੇਟ ਧਾਮੀ ਨੇ ਮਹਾਪੁਰਸ਼ਾਂ ਨੂੰ ਸ਼ਰਧਾ-ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸੰਤਾਂ ਨੇ ਸੰਗਤਾਂ ਨੂੰ ਰੱਬੀ ਬਾਣੀ ਨਾਲ ਜੋੜਿਆ ਹੈ।


 


ਆਖਰ ਦੀ ਹੈ ਵੀਰ ਬਾਲ ਦਿਵਸ ਦਾ ਵਿਵਾਦ
ਦੱਸ ਦਈਏ ਕਿ ਕੇਂਦਰ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਦੇਸ਼ ਪੱਧਰ ’ਤੇ ਮਨਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਇਸ ਦਿਵਸ ਨੂੰ ਵੀਰ ਬਾਲ ਦਿਵਸ ਦਾ ਨਾਂ ਦਿੱਤਾ ਗਿਆ। ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਸਿੱਖ ਵਿਦਵਾਨਾਂ ਦੀ ਕਮੇਟੀ ਨੇ ਇਸ ਦਿਵਸ ਦਾ ਨਾਂ ‘ਸਾਹਿਬਜ਼ਾਦੇ ਸ਼ਹਾਦਤ’ ਦਿਵਸ ਰੱਖਣ ਦਾ ਸੁਝਾਅ ਦਿੱਤਾ ਸੀ। 


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮਾਮਲੇ ਵਿੱਚ ਕੇਂਦਰ ’ਤੇ ਦੋਸ਼ ਲਾਇਆ ਕਿ ਉਹ ਸਿੱਖਾਂ ਦੇ ਇਤਿਹਾਸ ਨੂੰ ਰਲਗੱਡ ਕਰਨਾ ਚਾਹੁੰਦੀ ਹੈ। ਸਿੱਖ ਕੌਮ ਦੀਆਂ ਪ੍ਰੰਪਰਾਵਾਂ ਖ਼ਿਲਾਫ਼ ਜਾ ਕੇ ਭਾਰਤ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਵਸ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣਾ ਦੁਨੀਆ ਦੇ ਧਰਮ ਇਤਿਹਾਸ ਅੰਦਰ ਸਭ ਤੋਂ ਵੱਡੀ ਸ਼ਹਾਦਤ ਤੇ ਮੁੱਲਵਾਨ ਵਿਰਾਸਤ ਨੂੰ ਖੋਰਾ ਲਗਾਉਣ ਦੀ ਕੋਝੀ ਸਾਜ਼ਿਸ਼ ਹੈ। 


ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਾਹਿਬਜ਼ਾਦਿਆਂ ਨੂੰ ਸੱਚਮੁੱਚ ਹੀ ਸ਼ਰਧਾ ਤੇ ਸਤਿਕਾਰ ਭੇਟ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਇਹ ਦਿਹਾੜਾ ਮਨਾਉਣ ਵਿੱਚ ਕੀ ਪ੍ਰੇਸ਼ਾਨੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦੀ ਜ਼ਿੱਦ ਕਰ ਰਹੀ ਹੈ ਉਸ ਤੋਂ ਸਪਸ਼ਟ ਹੈ ਕਿ ਇਹ ਖੇਡ ਪੰਥ ਵਿਰੋਧੀ ਸ਼ਕਤੀਆਂ ਦੇ ਇਸ਼ਾਰੇ ’ਤੇ ਖੇਡੀ ਜਾ ਰਹੀ ਹੈ।