Punjab News : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਿਨਸੀ ਸ਼ੋਸ਼ਣ ਦੇ ਆਰੋਪਾਂ ਦਾ ਸਾਹਮਣਾ ਕਰ ਰਹੇ ਮੰਤਰੀ ਲਾਲ ਚੰਦ ਕਟਾਰੂਚੱਕ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ। ਮੰਤਰੀ 'ਤੇ 'ਘਿਨਾਉਣੇ ਅਪਰਾਧ' ਕਰਨ ਦਾ ਦੋਸ਼ ਲਗਾਉਂਦੇ ਹੋਏ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਮੰਤਰੀ ਮੰਡਲ 'ਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਇਸ ਤੋਂ ਪਹਿਲਾਂ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (NCSC) ਨੇ ਗੁਰਦਾਸਪੁਰ ਦੇ ਇੱਕ ਮਰਦ ਪੀੜਤ ਵੱਲੋਂ ਕਟਾਰੂਚੱਕ ਖ਼ਿਲਾਫ਼ ਦਰਜ ਕਰਵਾਈ ਗਈ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ।


 

ਰਾਜਪਾਲ ਤੋਂ ਤੁਰੰਤ ਕਾਰਵਾਈ ਦੀ ਕੀਤੀ ਮੰਗ 

 

ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਮੰਤਰੀ ਖਿਲਾਫ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਇਹ ਨਾ ਭੁੱਲੋ। ਇਹ ਇੱਕ ਘਿਨੌਣਾ ਅਪਰਾਧ ਹੈ, ਜੋ ਉਸਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਹੈ। ਉਸ ਨੂੰ ਮੰਤਰੀ ਮੰਡਲ ਵਿਚ ਰਹਿਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਤੁਹਾਡੇ ਮੀਡੀਆ ਰਾਹੀਂ ਮੁੜ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਇਸ ਮੰਤਰੀ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਮੁੱਦੇ 'ਤੇ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਿਰੋਧੀ ਪਾਰਟੀਆਂ ਕਟਾਰੂਚੱਕ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੀਆਂ ਹਨ।

 

ਬੀਜੇਪੀ ਲੀਡਰ ਨੇ CM ਮਾਨ ਨੂੰ ਘੇਰਿਆ


ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਬਿਆਨ 'ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਸੀਐਮ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਰਾਜਪਾਲ ਦੀ ਗੱਲ ਸੁਣਨੀ ਚਾਹੀਦੀ ਹੈ। ਸਿਰਸਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਦੱਸਣ ਕਿ ਮੰਤਰੀ ਲਾਲਚੰਦ ਕਟਾਰੂਚੱਕ ਪਾਰਟੀ ਦੀ ਉੱਚ ਲੀਡਰਸ਼ਿਪ ਨੂੰ 'ਆਪ' ਸਰਕਾਰ 'ਚ ਬਣੇ ਰਹਿਣ ਲਈ ਕਿੰਨਾ ਪੈਸਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਇੱਕ ਕੈਬਨਿਟ ਮੰਤਰੀ ਵੱਲੋਂ ਇੱਕ ਲੜਕੇ ਨਾਲ ਸਰੀਰਕ ਸ਼ੋਸ਼ਣ ਕੀਤੇ ਜਾਣ ਤੋਂ ਬਾਅਦ ਵੀ ਮੁੱਖ ਮੰਤਰੀ ਨੇ ਕੋਈ ਕਾਰਵਾਈ ਨਹੀਂ ਕੀਤੀ।