Punjab News: ਪਸ਼ੂ ਪਾਲਕਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਰਕਾਰ ਦੇ ਰਹੀ ਹੈ ਵੱਡੀ ਸਬਸਿਡੀ
ਸਰਕਾਰ ਵੱਲੋਂ ਗੁਣਵੱਤਾ ਭਰਪੂਰ ਦੁੱਧ ਉਤਪਾਦਨ ਲਈ ਸਿਖਲਾਈ ਦੇਣ ਅਤੇ ਡੇਅਰੀ ਕਿੱਤਾ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ 50 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ।
Punjab News: ਪੰਜਾਬ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਕਰਵਾਏ ਜਾਂਦੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ ਤਹਿਤ ਇਸ ਵਰ੍ਹੇ ਹੁਣ ਤੱਕ 6116 ਕਿਸਾਨਾਂ ਨੇ ਐਡਵਾਂਸ ਡੇਅਰੀ ਫ਼ਾਰਮਿੰਗ ਦੀ ਸਿਖਲਾਈ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 9 ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰਾਂ ਰਾਹੀਂ ਪੇਂਡੂ ਨੌਜਵਾਨਾਂ ਨੂੰ ਡੇਅਰੀ ਕਿੱਤੇ ਰਾਹੀਂ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 20 ਫ਼ਰਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਕਿਸਾਨਾਂ ਅਤੇ ਦੁੱਧ ਉਤਪਾਦਕਾਂ ਨੂੰ ਕਿਸਾਨੀ ਦੇ ਨਾਲ-ਨਾਲ ਖੇਤੀਬਾੜੀ ਦੇ ਸਹਾਇਕ ਕਿੱਤੇ ਅਪਨਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੁਣਵੱਤਾ ਭਰਪੂਰ ਦੁੱਧ ਉਤਪਾਦਨ ਲਈ ਸਿਖਲਾਈ ਦੇਣ ਅਤੇ ਡੇਅਰੀ ਕਿੱਤਾ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ 50 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਨਵਾਂ ਡੇਅਰੀ ਯੂਨਿਟ ਸਥਾਪਤ ਕਰਨ ਲਈ 2 ਤੋਂ 20 ਦੁਧਾਰੂ ਪਸ਼ੂਆਂ ਦੀ ਖ਼ਰੀਦ ਵਾਸਤੇ ਜਨਰਲ ਵਰਗ ਨੂੰ 17, 500 ਰੁਪਏ ਪ੍ਰਤੀ ਪਸ਼ੂ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀ ਨੂੰ 23, 100 ਰੁਪਏ ਪ੍ਰਤੀ ਪਸ਼ੂ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਦੁੱਧ ਉਤਪਾਦਕਾਂ ਨੂੰ ਸਾਫ਼ ਦੁੱਧ ਪੈਦਾ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਡਬਲ ਟੀਟ ਕੱਪ ਮਿਲਕਿੰਗ ਮਸ਼ੀਨ 'ਤੇ 50% (ਵੱਧ ਤੋਂ ਵੱਧ 24, 366 ਰੁਪਏ) ਸਬਸਿਡੀ ਦਿੱਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਹਰੇ ਚਾਰੇ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ 'ਤੇ 5.60 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਦੁੱਧ ਉਤਪਾਦਕ/ਕਿਸਾਨ ਵਾਧੂ ਹਰੇ ਚਾਰੇ ਵਾਲੇ ਮਹੀਨਿਆਂ ਦੌਰਾਨ ਹਰੇ ਚਾਰੇ ਤੋਂ ਸਾਈਲੇਜ ਜਾਂ ਆਚਾਰ ਬਣਾ ਕੇ, ਚਾਰੇ ਦੀ ਤੋਟ ਵਾਲੇ ਮਹੀਨਿਆਂ ਦੌਰਾਨ ਇਨ੍ਹਾਂ ਗੱਠਾਂ ਨੂੰ ਵੇਚ ਸਕਦੇ ਹਨ। ਹਰੇ ਚਾਰੇ ਦੇ ਆਚਾਰ ਦੀਆਂ ਗੱਠਾਂ ਨੂੰ ਪੰਜਾਬ ਦੇ ਨਾਲ-ਨਾਲ ਹੋਰਨਾਂ ਰਾਜਾਂ ਵਿੱਚ ਵੀ ਭੇਜ ਕੇ ਮੁਨਾਫ਼ਾ ਕਮਾਇਆ ਜਾ ਸਕਦਾ ਹੈ। ਇਸ ਤਰ੍ਹਾਂ ਛੋਟੇ ਅਤੇ ਸ਼ਹਿਰੀ ਡੇਅਰੀ ਫ਼ਾਰਮਰਾਂ ਨੂੰ ਵਾਜਬ ਕੀਮਤ ਉੱਤੇ ਸਾਰਾ ਸਾਲ ਸੰਤੁਲਿਤ ਪਸ਼ੂ ਖ਼ੁਰਾਕ ਉਪਲਬਧ ਹੋ ਸਕਦੀ ਹੈ ਅਤੇ ਨੌਜਵਾਨ ਨੂੰ ਰੋਜ਼ਗਾਰ ਹਾਸਲ ਹੋਵੇਗਾ।ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਵਿਭਾਗ ਦੇ ਹੈਲਪਲਾਈਨ ਨੰਬਰ 0172-5027285 'ਤੇ ਸੰਪਰਕ ਕੀਤਾ ਜਾ ਸਕਦਾ ਹੈ।