ਚੰਡੀਗੜ੍ਹ: ਸਿੱਖ ਕੈਦੀਆਂ ਦੀ ਰਿਹਾਈ ਲਈ ਸੰਘਰਸ਼ ਦੌਰਾਨ ਜਾਨ ਦੇਣ ਵਾਲੇ ਭਾਈ ਗੁਰਬਖਸ ਸਿੰਘ ਖਾਲਸਾ ਦੀਆਂ ਅਸਥੀਆਂ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਅੱਜ ਘਾਟ ‘ਤੇ ਭਾਈ ਰਤਨ ਸਿੰਘ ਅਜਨਾਲਾ ਵੱਲੋਂ ਅਰਦਾਸ ਕੀਤੀ ਗਈ, ਉਪਰੰਤ ਸਤਲੁਜ ਦਰਿਆ ‘ਚ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਗੁਰਬਖਸ ਸਿੰਘ ਨੇ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਜਾਨ ਦੇ ਦਿੱਤੀ ਸੀ। ਉਨ੍ਹਾਂ ਦੀਆਂ ਅਸਥੀਆਂ ਅੱਜ ਪਰਿਵਾਰਕ ਮੈਂਬਰਾਂ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਕਾਫਲੇ ਦੇ ਰੂਪ ‘ਚ ਸਥਾਨਕ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਲਿਆਂਦੀਆਂ ਗਈਆਂ। ਖ਼ਾਲਸਾ ਦੀਆਂ ਅਸਥੀਆਂ ਲੈ ਕੇ ਸਿੱਖ ਸੰਗਤਾਂ ਦਾ ਕਾਫ਼ਲਾ ਅੱਜ ਤੀਜੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਸ੍ਰੀ ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਸੰਤ ਬਲਜੀਤ ਸਿੰਘ ਦਾਦੂਵਾਲ ਤੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਮੇਤ ਭਾਈ ਖ਼ਾਲਸਾ ਦੇ ਪਰਿਵਾਰਕ ਮੈਂਬਰ ਤੇ ਹੋਰ ਸੰਗਤਾਂ ਹਾਜ਼ਰ ਸਨ।