ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਰਹੂਮ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੇ ਭਤੀਜੇ ਉਪਕਾਰ ਸਿੰਘ ਟੌਹੜਾ ਨੇ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਾਂਗਰਸ ਵਿੱਚ ਜੀ ਆਇਆਂ ਕਿਹਾ।


ਉਪਕਾਰ ਟੌਹੜਾ ਦੇ ਨਾਲ ਉਨ੍ਹਾਂ ਦੀ ਪਤਨੀ ਰਣਦੀਪ ਕੌਰ ਟੌਹੜਾ ਵੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਤੇ ਤ੍ਰਿਣਮੂਲ ਕਾਂਗਰਸ ਦੀ ਲੀਡਰ ਅੰਮ੍ਰਿਤ ਗਿੱਲ ਵੀ ਕਾਂਗਰਸ ਵਿੱਚ ਸ਼ਾਮਲ ਹੋ ਗਈ।

ਜ਼ਿਕਰਯੋਗ ਹੈ ਕਿ ਗੁਰਚਰਨ ਸਿੰਘ ਟੌਹੜਾ ਦੀ ਧੀ ਕੁਲਦੀਪ ਕੌਰ ਟੌਹੜਾ ਅਤੇ ਉਨ੍ਹਾਂ ਦੇ ਪਤੀ ਹਰਮੇਲ ਸਿੰਘ ਟੌਹੜਾ ਤੇ ਪੁੱਤਰ ਪਿਛਲੇ ਮਹੀਨੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਟੌਹੜਾ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਸੀ।

ਕੁਲਦੀਪ ਕੌਰ ਟੌਹੜਾ ਨੇ ਵਿਧਾਨ ਸਭਾ ਹਲਕਾ ਸਨੌਰ ਤੋਂ 'ਆਪ' ਦੀ ਟਿਕਟ 'ਤੇ ਚੋਣ ਲੜੀ ਸੀ, ਪਰ ਹਾਰ ਗਏ ਸਨ। ਹੁਣ ਟੌਹੜਾ ਪਰਿਵਾਰ ਵੀ ਅੱਧੋ-ਅੱਧ ਹੋ ਕੇ ਕਾਂਗਰਸ ਤੇ ਅਕਾਲੀ ਦਲ ਦਾ ਹਿੱਸਾ ਬਣ ਚੁੱਕਿਆ ਹੈ।