ਗੁਰਦਾਸਪੁਰ : ਗੁਰਦਾਸਪੁਰ 'ਚ ਆਪਣੀਆਂ ਮੰਗਾਂ ਨੂੰ ਲੈ ਅਧਿਆਪਕਾਂ ਨੇ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕੀਤਾ ਹੈ। ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਰੁਕੀਆਂ ਹੋਈਆਂ ਤਰੱਕੀਆਂ ਨੂੰ ਲੈ ਕੇ ਅਧਿਆਪਕਾਂ ਨੇ ਸਾਂਝੇ ਤੌਰ 'ਤੇ ਡੀਈਓ ਐਲੀਮੈਂਟਰੀ ਦੇ ਦਫ਼ਤਰ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ ਹੈ।
ਅਧਿਆਪਕਾਂ ਨੇ ਕਿਹਾ ਕਿ ਇਸ ਸਬੰਧੀ ਉਹਨਾਂ ਵੱਲੋਂ ਪਹਿਲਾਂ ਵੀ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪੇ ਗਏ ਹਨ ਅਤੇ ਕਈ ਵਾਰ ਸਰਕਾਰ ਦੇ ਖਿਲਾਫ਼ ਧਰਨੇ ਲਗਾ ਕੇ ਪੁਤਲੇ ਫੂਕੇ ਗਏ ਸਨ ਪਰ ਸਰਕਾਰ ਵੱਲੋਂ ਜਾਣ-ਬੁੱਝ ਕੇ ਅਧਿਆਪਕਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਸਾਡੀਆਂ ਪ੍ਰਮੋਸ਼ਨਾਂ ਰੁਕੀਆਂ ਹੋਈਆਂ ਹਨ। ਇਸ ਸੰਬੰਧੀ ਅਸੀਂ ਡੀਈਓ ਐਲੀਮੈਂਟਰੀ ਨੂੰ ਵੀ ਕਈ ਵਾਰ ਜਾਨੂੰ ਕਰਵਾਇਆ ਹੈ ਪਰ ਉਹਨਾਂ ਵੱਲੋਂ ਸਾਡੀਆਂ ਪਰਮੋਸ਼ਨਾਂ ਨੂੰ ਅਨਦੇਖਾ ਕੀਤਾ ਜਾ ਰਿਹਾ ਹੈ। ਪਿਛਲੀ ਬੈਠਕ ਵਿਚ ਮੌਜੂਦ ਅਧਿਕਾਰੀ ਨੇ ਮੀਟਿੰਗ ਦੌਰਾਨ ਕਿਹਾ ਸੀ ਕਿ ਰੋਸਟਰ ਰਜਿਸਟਰ ਅਤੇ ਇਸ ਨਾਲ ਸੰਬੰਧਿਤ ਸਾਰਾ ਕੰਮ ਮੁਕੰਮਲ ਹੋ ਚੁੱਕਿਆ ਹੈ।
ਉਨ੍ਹਾਂ ਦੱਸਿਆ ਕਿ ਦੋ ਦਿਨਾਂ ਵਿੱਚ ਪ੍ਰਮੋਸ਼ਨਾਂ ਦੀ ਲਿਸਟ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਹਫ਼ਤਿਆਂ ਦਾ ਸਮਾਂ ਬੀਤਣ ਤੋਂ ਬਾਅਦ ਲਿਸਟ ਜਾਰੀ ਨਹੀਂ ਕੀਤੀ ਗਈ। ਲਗਾਤਾਰ ਲਾਰੇ ਲੱਪੇ ਦੀ ਨੀਤੀ ਅਪਣਾਈ ਰੱਖਣ ਦਾ ਮਨ ਬਣਾਇਆ ਲੱਗ ਰਿਹਾ ਹੈ। ਇਸ ਸਮੇਂ ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ ਉਹ ਹੁਣ ਲਾਰਿਆਂ ਤੋਂ ਅੱਕੇ ਅਧਿਆਪਕਾਂ ਦੀਆਂ ਮੰਗਾਂ ਦੀ ਪੂਰਤੀ ਤੱਕ ਲਗਾਤਾਰ ਲੜੀਵਾਰ ਧਰਨਾ ਜਾਰੀ ਰੱਖਣਗੇ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।