Shaheedi Sabha Fatehgarh Sahib: ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾ ਸ਼ਹੀਦੀ ਸਭਾ 26 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ। ਸ਼ਹੀਦੀ ਸਭਾ ਦੇ ਪਹਿਲੇ ਦਿਨ 26 ਦਸੰਬਰ ਨੂੰ ਸਵੇਰੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 28 ਦਸੰਬਰ ਨੂੰ ਸਵੇਰੇ ਪਾਏ ਜਾਣਗੇ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਪੁਖ਼ਤਾ ਪ੍ਰਬੰਧ ਕੀਤੇ ਹਨ।
ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਫ਼ਤਹਿਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਸ਼ਹੀਦੀ ਸਭਾ ਦੇ ਪਹਿਲੇ ਦਿਨ 26 ਦਸੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਵਿਕਾਸ ਯੋਜਨਾਵਾਂ ਸਬੰਧੀ ਵਿਸ਼ਾਲ ਪ੍ਰਦਰਸ਼ਨੀ ਲਾਈ ਜਾਵੇਗੀ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਨ ਲਈ ਧਾਰਮਿਕ ਕਵੀ ਦਰਬਾਰ ਕਰਵਾਇਆ ਜਾਵੇਗਾ ਜਿਸ ਵਿਚ ਨਾਮਵਰ ਕਵੀ ਆਪਣੀਆਂ ਰਚਨਾਵਾਂ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨਗੇ। 26 ਦਸੰਬਰ ਨੂੰ ਆਮ ਖ਼ਾਸ ਬਾਗ਼ ਵਿਖੇ ਇਤਿਹਾਸਕ ਨਾਟਕ ‘ਜਿੰਦਾਂ ਨਿੱਕੀਆਂ` ਦੀ ਪੇਸ਼ਕਾਰੀ ਕੀਤੀ ਜਾਵੇਗੀ।
ਕੰਟਰੋਲ ਰੂਮ ਸਥਾਪਿਤ
ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿੱਚ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿਹਤ ਵਿਭਾਗ ਵੱਲੋਂ 24 ਘੰਟੇ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ, ਇਹ ਸੇਵਾਵਾਂ ਉਪਲੱਬਧ ਕਰਵਾਉਣ ਲਈ ਵਿਭਾਗ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸੰਗਤਾਂ ਲਈ ਇਹਨਾ ਸਿਹਤ ਸਹੂਲਤਾਂ ਦੀ ਦੇਖ-ਰੇਖ ਕਰਨ ਲਈ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01763-232136 ਹੋਵੇਗਾ ਅਤੇ ਐਮਰਜੈਂਸੀ ਨੰਬਰ ਜ਼ਿਲਾ ਹਸਪਤਾਲ 01763-292105 ਹੋਵੇਗਾ।
ਇਸ ਤੋਂ ਇਲਾਵਾ ਇਕ ਸਿਹਤ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ ਜਿਸ ਵਿੱਚ ਜ਼ਿਲਾ ਟੀਕਾਕਰਨ ਅਫ਼ਸਰ ਡਾ ਰਾਜੇਸ਼ ਕੁਮਾਰ ਨੂੰ ਮੁੱਖ ਸ਼ਹੀਦੀ ਸਭਾ ਅਫਸਰ ,ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ ਨੂੰ ਸਹਾਇਕ ਸ਼ਹੀਦੀ ਸਭਾ ਅਫਸਰ, ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ ਨੂੰ ਕੋਆਰਡੀਨੇਟਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਦਲਜੀਤ ਕੌਰ ਨੂੰ ਸਹਾਇਕ ਕੁਆਰਡੀਨੇਟਰ ਸ਼ਹੀਦੀ ਸਭਾ ਲਗਾਇਆ ਗਿਆ ਹੈ ਅਤੇ ਕਮੇਟੀ ਦੇ ਚੇਅਰਮੈਨ ਉਹ ਖੁਦ ਹੋਣਗੇ ।