ਅੰਮ੍ਰਿਤਸਰ: ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਭੇਜ ਕੇ ਦੱਸਿਆ ਕਿ ਕੋਰੋਨਾ ਦੇ ਵਧ ਰਹੇ ਕੇਸਾਂ ਕਾਰਨ ਆਕਸੀਜਨ ਦੀ ਕਮੀ ਆ ਰਹੀ ਹੈ ਤੇ ਇਸ ਦੇ ਸਿਲੰਡਰ ਦਾ ਰੇਟ ਵੀ ਵਧਾ ਦਿੱਤਾ ਗਿਆ ਹੈ। ਇਸ ਸਬੰਧੀ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਵੱਲੋਂ ਭੇਜੀ ਗਈ ਚਿੱਠੀ ਵੀ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਭੇਜੀ।
ਆਪਣੀ ਚਿੱਠੀ ਵਿੱਚ ਉਨ੍ਹਾਂ ਆਈਐਮਏ ਦੀ ਚਿੱਠੀ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਨਵੰਬਰ, 2019 ਵਿਚ ਆਕਸੀਜਨ ਦੇ ਇਕ ਸਿਲੰਡਰ ਦੀ ਕੀਮਤ ਸਿਰਫ 180 ਰੁਪਏ ਸੀ, ਜੋ ਹੁਣ ਵਧ ਕੇ ਪ੍ਰਤੀ ਸਿਲੰਡਰ 600 ਰੁਪਏ ਹੋ ਚੁੱਕਾ ਹੈ। ਇਸ ਵੇਲੇ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ ਆਕਸੀਜਨ ਦੀ ਵਧੇਰੇ ਲੋੜ ਹੈ ਪਰ ਹੁਣ ਲੋੜ ਮੁਤਾਬਕ ਆਕਸੀਜਨ ਨਹੀਂ ਮਿਲ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰਧਾਨ ਮੰਤਰੀ ਦਫ਼ਤਰ ਨੂੰ ਪਹਿਲਾਂ ਵੀ ਪੱਤਰ ਭੇਜਿਆ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਅਪੀਲ ਕੀਤੀ ਹੈ ਕਿ ਆਕਸੀਜਨ ਦੀਆਂ ਕੀਮਤਾਂ ਨੂੰ ਨੱਥ ਪਾਈ ਜਾਵੇ ਤੇ ਇਸ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇਹ ਵੀ ਦੱਸਿਆ ਕਿ ਅੰਮ੍ਰਿਤਸਰ ਦੇ ਹਸਪਤਾਲ ਇਸ ਵੇਲੇ ਸਰਹੱਦੀ ਖਿੱਤੇ ਦੇ ਲਗਪਗ ਇੱਕ ਕਰੋੜ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰ ਰਹੇ ਹਨ।
ਗੁਰਜੀਤ ਔਜਲਾ ਨੇ ਕਿਹਾ ਕਿ ਉਹ ਪੰਜਾਬ ਨਾਲ ਹੋ ਰਹੇ ਵਿਤਕਰੇ ਦੇ ਮਸਲੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹਰਸ਼ਵਰਧਨ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਬੀਜੇਪੀ ਸ਼ਾਸਤ ਸੂਬਿਆਂ 'ਚ ਪੂਰੀ ਆਕਸੀਜਨ ਦਿੱਤੀ ਜਾ ਰਹੀ ਹੈ ਤੇ ਕਾਂਗਰਸ ਵਾਲਿਆਂ ਨੂੰ ਨਹੀਂ ਦਿੱਤੀ ਜਾ ਰਹੀ।