ਨਵਦੀਪ ਆਹਲੂਵਾਲੀਆ


ਮਾਨਸਾ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਕਾਂਗੜ ਦੀ ਤਬੀਅਤ ਪਿਛਲੇ ਤਿੰਨ ਦਿਨਾਂ ਤੋਂ ਠੀਕ ਨਹੀਂ ਚੱਲ ਰਹੀ ਸੀ। ਕਾਂਗੜ ਨੂੰ ਬੁਖਾਰ ਹੋਣ ਕਾਰਨ ਕੱਲ੍ਹ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ ਹੈ।


ਹੁਣ ਖੁਲਾਸਾ ਹੋਇਆ ਹੈ ਕਿ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਸ਼ਨੀਵਾਰ ਕਾਂਗੜ ਕਈ ਸਮਾਗਮਾਂ ਵਿੱਚ ਸ਼ਾਮਲ ਹੋਏ। ਹੁਣ ਸਿਹਤ ਮਹਿਕਮੇ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ ਤੇ ਜਿੱਥੇ-ਜਿੱਥੇ ਮੰਤਰੀ ਨੇ ਫੇਰੀ ਪਾਈ, ਉੱਥੇ-ਉੱਥੇ ਪੜਤਾਲ ਕੀਤੀ ਜਾ ਰਹੀ ਹੈ। ਇਹ ਵੀ ਸਵਾਲ ਉੱਠ ਰਹੇ ਹਨ ਕਿ ਮੰਤਰੀ ਨੇ ਕੋਰੋਨਾ ਦੇ ਲੱਛਣ ਹੋਣ ਦੇ ਬਾਵਜੂਦ ਕਈਆਂ ਦੀ ਜਾਨ ਖਤਰੇ ਵਿੱਚ ਪਾਈ ਹੈ।

ਦੱਸ ਦਈਏ ਕਿ ਗੁਰਪ੍ਰੀਤ ਕਾਂਗੜ ਸ਼ਨੀਵਾਰ ਮਾਨਸਾ ਵਿੱਚ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਤਿਰੰਗਾ ਲਹਿਰਉਣ ਲਈ ਪਹੁੰਚੇ ਸੀ। ਕੋਰੋਨਾ ਦੇ ਲੱਛਣ ਹੋਣ ਕਰਕੇ ਮਾਨਸਾ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੀ ਸੈਂਪਲਿੰਗ ਕੀਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਹੈਰਾਨੀ ਦੀ ਗੱਲ਼ ਹੈ ਕਿ ਮਾਨਸਾ ਵਿੱਚ ਆਜ਼ਾਦੀ ਦਿਵਸ ਦੇ ਸਮਾਗਮ ਵਿੱਚ ਮੰਤਰੀ ਗੁਰਪ੍ਰੀਤ ਕਾਂਗੜ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਕਹਿ ਰਹੇ ਸੀ ਤੇ ਸਾਵਧਾਨੀਆ ਵਰਤਣ ਲਈ ਹਦਾਇਤਾਂ ਦੇ ਰਹੇ ਸੀ ਪਰ ਖੁਦ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਸਮਾਗਮ ਵਿੱਚ ਹਿੱਸਾ ਲੈਣ ਲਈ ਪਹੁੰਚ ਗਏ।


ਆਜਾਦੀ ਦਿਵਸ ਦੇ ਸਮਾਗਮ ਤੋਂ ਬਾਅਦ ਮੰਤਰੀ ਸਮਾਰਟ ਸਕੂਲ ਵਿੱਚ ਉਦਘਾਟਨ ਕਰਨ ਪਹੁੰਚੇ ਜਿੱਥੇ ਉਨ੍ਹਾਂ ਨੇ ਸਕੂਲੀ ਬੱਚਿਆਂ ਨੂੰ ਇਨਾਮ ਵੀ ਵੰਡੇ। ਉਸ ਤੋਂ ਬਾਅਦ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੇ ਘਰ ਵੀ ਪਹੁੰਚੇ ਤੇ ਗਾਗੋਵਾਲ ਦੇ ਘਰ ਦੁਪਹਿਰ ਦਾ ਖਾਣਾ ਖਾਧਾ। ਹੁਣ ਪ੍ਰਸ਼ਾਸਨ ਵੱਲੋਂ ਮੰਤਰੀ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਟ੍ਰੇਸ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਵੀ ਕੋਰੋਨਾ ਟੈਸਟ ਕੀਤੇ ਜਾਣਗੇ।