ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਅੱਜ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਮੂਲੀਅਤ ਕੀਤੀ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਦੀ ਪਤਨੀ ਸੁਮਿਤਰਾ ਕੋਵਿੰਦ, ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਉਨ੍ਹਾਂ ਦੇ ਨਾਲ ਸਨ।


ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਜੋਕੇ ਵਿਸ਼ਵ ਪ੍ਰਸੰਗ ਵਿੱਚ ਮਨੁੱਖਤਾ ਦੇ ਜੀਵਨ ਲਈ ਸਭ ਤੋਂ ਸਟੀਕ ਤੇ ਉੱਤਮ ਮਾਰਗ ਕਰਾਰ ਦਿੱਤਾ। ਕੋਵਿੰਦ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖ ਨੂੰ ਗ੍ਰਹਿਸਤ 'ਚ ਰਹਿ ਕੇ ਧਰਮ ਕਮਾਉਣ ਦਾ ਰਾਹ ਦਿਖਾਇਆ। ਗੁਰੂ ਸਾਹਿਬ ਨੇ ਧਰਮ ਪ੍ਰੰਪਰਾ ਵਿੱਚ ਬਣੀ ਇਸ ਮਿੱਥ ਨੂੰ ਤੋੜਿਆ ਕਿ ਮੁਕਤੀ ਹਾਸਲ ਕਰਨ ਤੇ ਧਰਮ ਕਮਾਉਣ ਲਈ ਗ੍ਰਹਿਸਤ ਛੱਡਣਾ ਜ਼ਰੂਰੀ ਹੈ। ਰਾਸ਼ਟਰਪਤੀ ਕੋਵਿੰਦ ਨੇ ਠੇਠ ਪੰਜਾਬੀ ਵਿੱਚ ਆਪਣੇ ਸੰਬੋਧਨ ਦੌਰਾਨ ਸਿੱਖ ਕੌਮ ਦੀ ਰੱਜਵੀਂ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿੱਖਾਂ ਨੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲ ਕੇ ਮਿਹਨਤ ਤੇ ਇਮਾਨਦਾਰੀ ਸਦਕਾ ਦੁਨੀਆਂ ਭਰ ਵਿਚ ਨਾਮਣਾ ਖੱਟਿਆ ਹੈ ਤੇ ਇਹ ਜਿਥੇ ਜਿਥੇ ਵੀ ਵੱਸਦੇ ਹਨ ਸਭ ਨਾਲ ਭਾਈਚਾਰਾ ਰੱਖਦੇ ਹਨ।

ਉਨ੍ਹਾਂ ਕਿਹਾ ਕਿ ਸਿੱਖ ਗੁਰਬਾਣੀ 'ਤੇ ਅਮਲ ਕਰਦਿਆਂ ਨਿਰਸਵਾਰਥ ਭਾਵਨਾ ਨਾਲ ਸੇਵਾ ਕਰਨ ਵਜੋਂ ਜਾਣੇ ਜਾਂਦੇ ਹਨ। ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਕਿਰਤ ਕਰੋ, ਨਾਮ ਜਪੋ ਤੇ ਵੰਡ ਕੇ ਛਕੋ ਦਾ ਉਪਦੇਸ਼ ਸਿੱਖਾਂ ਦੇ ਜੀਵਨ ਦਾ ਆਧਾਰ ਹੈ। ਉਨ੍ਹਾਂ ਸਿੱਖ ਧਰਮ ਵਿਚ ਮੀਰੀ ਪੀਰੀ ਦੇ ਸਿਧਾਂਤ ਦੀ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਦੋਹਾਂ ਦਾ ਸੁਮੇਲ ਸਿੱਖ ਧਰਮ ਦੀ ਵਿਲੱਖਣਤਾ ਹੈ। ਉਨ੍ਹਾਂ ਸਿੱਖ ਸੰਗਤ ਦੇ ਨਾਲ-ਨਾਲ ਸਮੁੱਚੇ ਰਾਸ਼ਟਰ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੁੜ ਕੇ ਸਮਾਜ ਨੂੰ ਬਿਹਤਰ ਬਣਾਉਣ ਲਈ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।