ਚੰਡੀਗੜ੍ਹ: ਕੌਮੀ ਪੱਧਰ 'ਤੇ ਮਨਾਏ ਜਾਣ ਵਾਲੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਨਵਰੀ 2017 ਵਿੱਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਏ ਜਾਣਗੇ। ਇਸ ਸਬੰਧੀ ਤਿਆਰੀਆਂ ਪਿਛਲੇ ਕਈ ਮਹੀਨਿਆਂ ਤੋਂ ਆਰੰਭ ਹਨ।
ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਅਸਥਾਨ ਤਖਤ ਸ੍ਰੀ ਪਟਨਾ ਸਾਹਿਬ ਦੀ ਪਵਿੱਤਰ ਧਰਤੀ 'ਤੇ ਮਨਾਏ ਜਾਣ ਵਾਲੇ ਸਮਾਗਮਾਂ ਸਬੰਧੀ SGPC ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਵਿੱਚ ਅੰਮ੍ਰਿਤਸਰ ਵਿਖੇ ਬੈਠਕ ਹੋਈ। ਇਕੱਤਰਤਾ ਦੌਰਾਨ SGPC ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਦਾ ਐਲਾਨ ਕੀਤਾ ਗਿਆ।
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 18 ਅਗਸਤ, 2016 ਨੂੰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ 52 ਕਵੀਆਂ ਦੀ ਸੰਮੇਲਨ ਪੰਜਾਬੀ, ਹਿੰਦੀ ਤੇ ਉਰਦੂ ਭਾਸ਼ਾਵਾਂ ਹੋਵੇਗਾ, ਇਸ ਦੌਰਾਨ ਕਈ ਪੁਸਤਕਾਂ ਨੂੰ ਵੀ ਰਿਲੀਜ਼ ਕੀਤਾ ਜਾਵੇਗਾ। ਦੂਜਾ ਸਮਾਗਮ ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤੇ 28 ਅਗਸਤ, 2016 ਨੂੰ ਹੋਵੇਗਾ। ਤੀਜਾ ਵੱਡਾ ਸਮਾਗਮ ਗੁਰਦੁਆਰਾ ਜਫਰਨਾਮਾ ਸਾਹਿਬ ਦੀਨਾ ਕਾਂਗੜ ਮੋਗਾ ਵਿਖੇ 16 ਸਤੰਬਰ ਨੂੰ ਚੌਥਾ ਸਮਾਗਮ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 8 ਅਕਤੂਬਰ ਨੂੰ ਤੇ ਪੰਜਵਾਂ ਸਮਾਗਮ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਧਰਤੀ ਤੇ 1 ਨਵੰਬਰ 2016 ਨੂੰ ਹੋਵੇਗਾ।
ਇਨਾਂ ਸਮਾਗਮਾਂ ਤੋਂ ਇਲਾਵਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ ਸਾਹਿਬ, ਆਨੰਦਪੁਰ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ 20 ਨਵੰਬਰ ਨੂੰ ਇੱਥੋਂ ਆਰੰਭ ਹੋ ਕੇ 1 ਦਸੰਬਰ ਨੂੰ ਤਖਤ ਸ੍ਰੀ ਪਟਨਾ ਸਾਹਿਬ ਜਾ ਕੇ ਸੰਪਨ ਹੋਵੇਗਾ।