ਪ੍ਰਕਾਸ਼ ਪੁਰਬ ਮੌਕੇ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਦੇ ਸਿੱਖ ਬਣਨ ਦਾ ਸੱਦਾ , ਦੇਸ਼-ਵਿਦੇਸ਼ 'ਚ ਸਮਗਾਮ
ਦਸਮ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਵਿਦੇਸ਼ ਵਿੱਚ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ। ਦੁਨੀਆ ਵਿੱਚ ਜਿੱਥੇ ਜਿੱਥੇ ਵੀ ਗੁਰੂ ਨਾਨਕ ਨਾਮ ਲੇਵਾ ਸਿੱਖ ਵੱਸਦੇ ਹਨ
ਅੰਮ੍ਰਿਤਸਰ : ਦਸਮ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਵਿਦੇਸ਼ ਵਿੱਚ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ। ਦੁਨੀਆ ਵਿੱਚ ਜਿੱਥੇ ਜਿੱਥੇ ਵੀ ਗੁਰੂ ਨਾਨਕ ਨਾਮ ਲੇਵਾ ਸਿੱਖ ਵੱਸਦੇ ਹਨ, ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬਾਨ ਵਿੱਚ ਹਾਜ਼ਰੀ ਲਵਾ ਕੇ ਤੇ ਨਗਰ ਕੀਰਤਨ ਸਜਾ ਕੇ ਦਸਮ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਅੱਜ ਸੰਗਤ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਰਹੀ ਹੈ। ਸਵੇਰ ਤੋਂ ਹੀ ਸ਼ਰਧਾਲੂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਘਰ ਦੇ ਦਰਸ਼ਨ ਕਰ ਰਹੇ ਹਨ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਕਾਸ਼ ਪੁਰਬ 'ਤੇ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਸਿੱਖ ਕੌਮ ਤੇ ਮਾਨਵਤਾ ਪ੍ਰਤੀ ਕੀਤੇ ਪਰਉਪਕਾਰ ਭੁਲਾਏ ਨਹੀਂ ਜਾ ਸਕਦੇ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਗੁਰੂ ਸਾਹਿਬ ਵੱਲੋਂ ਬਖਸ਼ੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਦੇ ਸਿੱਖ ਬਣਨਾ ਚਾਹੀਦਾ ਹੈ।
ਜੇਕਰ ਪਟਨਾ ਸਾਹਿਬ ਦੀ ਗੱਲ ਕੀਤੀ ਜਾਵੇ ਤਾਂ ਦਸਮ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿੱਖੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ ਹੋਈਆਂ ਹਨ। ਅੰਮ੍ਰਿਤ ਵੇਲੇ ਤੋਂ ਹੀ ਦੀਵਾਨ ਸੱਜ ਰਹੇ ਹਨ ਜਿਸ ਵਿੱਚ ਉੱਚ ਕੋਟੀ ਦੇ ਮਹਾਨ ਵਿਦਵਾਨ ਕੀਰਤਨੀ ਜਥੇ ਸੰਗਤਾਂ ਨੂੰ ਗੁਰੂ ਜੱਸ ਦੇ ਨਾਲ ਨਿਹਾਲ ਕਰ ਰਹੇ ਹਨ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ Abp sanjha ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਅੱਜ ਸਾਨੂੰ ਲੋੜ ਹੈ ਕਿ ਦਸਮ ਪਾਤਸ਼ਾਹ ਦੇ ਦੱਸੇ ਮਾਰਗ ਤੇ ਚੱਲ ਕੇ ਅਪਣਾ ਜੀਵਨ ਸਫਲਾ ਕਰਨ ਦਾ ਯਤਨ ਕਰੀਏ। ਗਿਆਨੀ ਸੁਖਦੇਵ ਸਿੰਘ ਜੀ ਨੇ ਵੀ ਵਿਸ਼ੇਸ਼ ਤੌਰ ਤੇ ਭਾਰਤੀ ਸੰਸਕ੍ਰਿਤੀ ਵਿੱਚ ਪਟਨੇ ਦੀ ਅਹਿਮੀਅਤ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਸੰਗਤਾ ਸਾਹਮਣੇ ਰੱਖਿਆ।
ਤਖਤ ਸਾਹਿਬ ਵਿੱਖੇ ਚੱਲ ਰਹੇ ਸਮਾਗਮਾਂ ਅਨੁਸਾਰ ਅੱਜ ਅੰਮ੍ਰਿਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ,ਜਿਸ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਸੰਗਤ ਸ਼ਮੂਲੀਅਤ ਕਰਦੀ ਹੈ ਤੇ ਸਾਰੇ ਸਮਾਗਮਾਂ ਦੀ ਸਮਾਪਤੀ ਵੀ ਅੰਮ੍ਰਿਤ ਵੇਲੇ ਹੋਵੇਗੀ। ਅੱਜ ਦੇ ਸਮਾਗਮਾਂ ਦੇ ਵਿੱਚ ਤਖਤ ਸਾਹਿਬਾਨ ਦੇ ਜਥੇਦਾਰਾਂ ਤੋ ਇਲਾਵਾ ਸਮੂਹ ਸੰਤ ਮਹਾਪੁਰਸ਼ ਤੇ ਰਾਜਸੀ ਸ਼ਖਸੀਅਤਾ ਹਾਜ਼ਰੀ ਭਰ ਰਹੀਆਂ ਹਨ।
ਇਸ ਮੌਕੇ ਸ਼ਰਧਾਲੂਆਂ ਦਾ ਕਹਿਣਾ ਸੀ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰਬੰਸ ਹੀ ਸਾਡੇ ਤੋਂ ਵਾਰ ਦਿੱਤਾ ਸੀ। ਇਸ ਕਰਕੇ ਸਾਨੂੰ ਵੀ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ। ਬਾਣੀ ਪੜ੍ਹਨੀ ਚਾਹੀਦੀ ਹੈ ਤੇ ਬਾਣੇ ਵਾਲੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਜਲਦੀ ਇਹ ਕੋਵਿਡ ਖਤਮ ਹੋਵੇ ਤੇ ਦੁਨੀਆ ਤੇ ਖੁਸ਼ਹਾਲੀ ਬਣੀ ਰਹੇ।