ਚੰਡੀਗੜ੍ਹ: ਰੂਪਨਗਰ ਜ਼ਿਲ੍ਹੇ ਦੇ ਪਿੰਡ ਡੰਗੋਲੀ 'ਚ ਅੱਜ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਨੂੰ ਲੈਕੇ ਜਿੱਥੇ ਸਿੱਖਾਂ 'ਚ ਭਾਰੀ ਰੋਹ ਹੈ ਉੱਥੇ ਹੀ ਅਕਾਲ ਤਖ਼ਤ ਸਾਹਿਬ ਤੇ ਦਮਦਮੀ ਟਕਸਾਲ ਵੱਲੋਂ ਵੀ ਇਸ ਘਟਨਾ 'ਤੇ ਨਾਰਾਜ਼ਗੀ ਪ੍ਰਗਟਾਈ ਗਈ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਮੁੱਦੇ 'ਤੇ ਕਾਂਗਰਸ ਨੂੰ ਘੇਰਿਆ।
ਜ਼ਿਕਰਯੋਗ ਹੈ ਕਿ ਅੱਜ ਸਵੇਰੇ ਪਿੰਡ ਡੰਗੋਲੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 100 ਅੰਗ ਪਾੜ ਕੇ ਬੇਅਦਬੀ ਕੀਤੀ ਗਈ। ਹਾਲਾਂਕਿ ਪੁਲਿਸ ਨੇ ਫਿੰਗਰਪ੍ਰਿੰਟ ਲੈ ਕੇ ਕਾਰਵਾਈ ਆਰੰਭ ਕਰ ਦਿੱਤੀ ਹੈ।
ਉੱਧਰ ਇਸ ਮਾਮਲੇ 'ਤੇ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀਆਂ ਘਟਨਾਵਾਂ ਰੋਕਣ ਲਈ ਗੁਰਦੁਆਰਿਆਂ 'ਚ ਸੀਸੀਟੀਵੀ ਕੈਮਰੇ ਲਾਉਣ ਲਈ ਕਿਹਾ ਗਿਆ ਸੀ, ਸੋ ਇਸ ਮਾਮਲੇ 'ਚ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਤੇ ਗ੍ਰੰਥੀ ਵੀ ਦੋਸ਼ੀ ਹਨ।ਉਨ੍ਹਾਂ ਜਲਦ ਤੋਂ ਜਲਦ ਇਸ ਘਟਨਾ ਦੇ ਦੋਸ਼ੀਆਂ ਨੂੰ ਫੜ ਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਵੀ ਕੀਤੀ।
ਦੂਜੇ ਪਾਸੇ ਅੱਜ ਮਾਨਸਾ ਪਹੁੰਚੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੌਕਾ ਸਾਂਭਦਿਆਂ ਕਾਂਗਰਸ ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਪਹਿਲਾਂ ਕਾਂਗਰਸ ਅਕਾਲੀ-ਭਾਜਪਾ ਨੂੰ ਕਟਹਿਰੇ 'ਚ ਖੜ੍ਹਾ ਕਰਦੀ ਸੀ ਜਦਕਿ ਹੁਣ ਕਾਂਗਰਸ ਦੀ ਸਰਕਾਰ ਹੈ ਇਸ ਲਈ ਛੇਤੀ ਹੀ ਦੋਸ਼ੀਆਂ ਨੂੰ ਫੜ ਕੇ ਸਖ਼ਤ ਤੋਂ ਸਖਤ ਸਜ਼ਾ ਦਿੱਤੀ ਜਾਵੇ।
ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਪ੍ਰਸ਼ਾਸਨ ਦੀ ਢਿੱਲ ਕਾਰਨ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਦੇ ਹੌਸਲੇ ਵਧੇ ਹੋਏ ਹਨ, ਤਾਂ ਹੀ ਅਜਿਹੀਆਂ ਘਟਨਾਵਾਂ ਵਾਰ-ਵਾਰ ਵਾਪਰ ਰਹੀਆਂ ਹਨ।