ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਨੂੰ ਅੱਜ ਪੂਰੇ ਚਾਰ ਸਾਲ ਹੋ ਗਏ ਹਨ। ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਤੇ ਧਾਰਮਿਕ ਸੰਸਥਾਵਾਂ ਵੱਲੋਂ ਗੋਲੀ ਕਾਂਡ ਦੀ ਚੌਥੀ ਬਰਸੀ ਮਨਾਈ ਗਈ। ਇਸ ਮੌਕੇ ਦੁਖ ਜ਼ਾਹਿਰ ਕੀਤਾ ਗਿਆ ਕਿ ਚਾਰ ਸਾਲਾਂ ਤੋਂ ਬਾਅਦ ਵੀ ਸੂਬਾ ਸਰਕਾਰ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਵਿੱਚ ਸਫ਼ਲ ਨਹੀਂ ਹੋ ਸਕੀ। ਬਰਗਾੜੀ ਮੋਰਚਾ ਦੇ ਲੀਡਰਾਂ ਨੇ ਇਲਜ਼ਾਮ ਲਾਇਆ ਕਿ ਕੈਪਟਨ ਸਰਕਾਰ ਦੋਸ਼ੀਆਂ ਨੂੰ ਬਚਾਉਣ ਲਈ ਪੂਰਾ ਜ਼ੋਰ ਲਾ ਰਹੀ ਹੈ।
ਯਾਦ ਰਹੇ 14 ਅਕਤੂਬਰ, 2015 ਨੂੰ ਬਹਿਬਲ ਕਲਾਂ ਵਿੱਚ ਪੁਲਿਸ ਦੇ ਤਸ਼ੱਦਦ ਖ਼ਿਲਾਫ਼ ਸ਼ਾਂਤਮਈ ਰੋਸ ਧਰਨਾ ਦੇ ਰਹੀ ਸਿੱਖ ਸੰਗਤ ਉੱਪਰ ਗੋਲੀ ਚਲਾ ਕੇ ਪੁਲਿਸ ਨੇ ਪਿੰਡ ਬਹਿਬਲ ਕਲਾਂ ਦੇ ਵਸਨੀਕ ਗੁਰਜੀਤ ਸਿੰਘ ਤੇ ਕ੍ਰਿਸ਼ਨ ਭਗਵਾਨ ਸਿੰਘ ਦਾ ਕਤਲ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਵਾਪਰੇ ਕੋਟਕਪੂਰਾ ਗੋਲੀ ਕਾਂਡ ਵਿੱਚ 44 ਵਿਅਕਤੀ ਸਿੱਖ ਜਖ਼ਮੀ ਹੋ ਗਏ ਸਨ।
ਕੋਟਕਪੂਰਾ ਗੋਲੀ ਕਾਂਡ ਨੂੰ ਪੁਲਿਸ ਨੇ ਆਪਣੇ ਉੱਪਰ ਹੋਇਆ ਹਮਲਾ ਦਰਸਾਉਣ ਲਈ ਵੱਡੀ ਪੱਧਰ ’ਤੇ ਝੂਠੇ ਦਸਤਾਵੇਜ਼ ਤੇ ਗਵਾਹੀਆਂ ਤਿਆਰ ਕੀਤੀਆਂ ਪਰ ਮੁੱਢਲੀ ਪੜਤਾਲ ਤੋਂ ਪਤਾ ਲੱਗਾ ਕਿ ਪੁਲਿਸ ਸੱਚ ਛੁਪਾ ਰਹੀ ਹੈ। ਕੈਪਟਨ ਸਰਕਾਰ ਨੇ ਬਹਿਬਲ ਕਾਂਡ ਮਾਮਲੇ ਵਿੱਚ ਪੀੜਤ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਆਰਥਿਕ ਮਦਦ ਦਿੱਤੀ ਹੈ ਤੇ ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਤੋਂ ਬਾਅਦ ਪੰਜ ਪੁਲਿਸ ਅਧਿਕਾਰੀਆਂ ਨੂੰ ਬਹਿਬਲ ਕਾਂਡ ਦਾ ਦੋਸ਼ੀ ਮੰਨਦਿਆਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਪਰਮਰਾਜ ਸਿੰਘ ਉਮਰਾਨੰਗਲ, ਐਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪਰਦੀਪ ਸਿੰਘ, ਥਾਣਾ ਬਾਜਾਖਾਨਾ ਦੇ ਸਾਬਕਾ ਐਸਐਚਓ ਅਮਰਜੀਤ ਸਿੰਘ ਕੁਲਾਰ ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤਾ ਹੈ।
ਪੁਲਿਸ ਇਨ੍ਹਾਂ ਸਾਰੇ ਅਧਿਕਾਰੀਆਂ ਵਿੱਚੋਂ ਸਿਰਫ਼ ਚਰਨਜੀਤ ਸਿੰਘ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਸਕੀ ਹੈ ਤੇ ਬਾਕੀ ਪੁਲਿਸ ਅਧਿਕਾਰੀ ਹਾਈਕੋਰਟ ’ਚੋਂ ਅਗਾਊਂ ਜ਼ਮਾਨਤ ਮਿਲਣ ਕਾਰਨ ਬਚਦੇ ਆ ਰਹੇ ਹਨ। ਪੀੜਤ ਪਰਿਵਾਰ ਨੇ ਘਟਨਾ ਦੇ ਚਾਰ ਸਾਲ ਹੋਣ ਤੋਂ ਬਾਅਦ ਵੀ ਕਸੂਰਵਾਰਾਂ ਖਿਲਾਫ਼ ਬਣਦੀ ਕਾਰਵਾਈ ਨਾ ਹੋਣ ’ਤੇ ਗਿਲਾ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਇਨਸਾਫ਼ ਦੇਣ ਲਈ ਸੰਜੀਦਾ ਨਹੀਂ ਹੈ।
ਕ੍ਰਿਸ਼ਨ ਭਗਵਾਨ ਦੇ ਬੇਟੇ ਸੁਖਰਾਜ ਸਿੰਘ ਤੇ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਮੂਹ ਮੁਲਜ਼ਮਾਂ ਦੇ ਜੇਲ੍ਹ ਜਾਣ ਪਿੱਛੋਂ ਹੀ ਉਨ੍ਹਾਂ ਦੇ ਪਰਿਵਾਰਾਂ ਤੇ ਲੋਕਾਂ ਨੂੰ ਇਨਸਾਫ਼ ਮਿਲੇਗਾ। ਬਹਿਬਾਲ ਕਾਂਡ ਤੇ ਬੇਅਦਬੀ ਕਾਂਡ ਦੀ ਪੜਤਾਲ ਕਰ ਰਹੀ ਪੰਜਾਬ ਪੁਲਿਸ ਤੇ ਸੀਬੀਆਈ ਵਿੱਚ ਵੀ ਕੋਈ ਤਾਲਮੇਲ ਨਹੀਂ।
ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਚੋਰੀ ਕਰਨ, ਉਸ ਦੇ ਅੰਗ ਬਰਗਾੜੀ ਦੀਆਂ ਗਲੀਆਂ ਵਿੱਚ ਖਿਲਾਰਨ ਤੇ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਉਣ ਦੇ ਕਸੂਰਵਾਰ ਦੀ ਅਜੇ ਤੱਕ ਸ਼ਨਾਖਤ ਨਹੀਂ ਹੋ ਸਕੀ। ਇਸ ਬਾਰੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੈਪਟਨ ਸਰਕਾਰ ਬਾਦਲਾਂ ਨੂੰ ਬਚਾਉਣ ਲਈ ਲੱਗੀ ਹੋਈ ਹੈ।
ਕੀ ਹੈ ਮਾਮਲਾ?
ਪਹਿਲੀ ਜੂਨ 2014 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਗੁਰਦੁਆਰਾ ਸਾਹਿਬ ‘ਚੋਂ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਹੋ ਗਈ ਸੀ ਤੇ 25 ਸਤੰਬਰ ਨੂੰ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਇਤਰਾਜ਼ਯੋਗ ਪੋਸਟਰ ਲੱਗੇ ਸਨ। 12 ਅਕਤੂਬਰ ਨੂੰ ਪਿੰਡ ਬਰਗਾੜੀ ਦੀਆਂ ਗਲੀਆਂ ਵਿੱਚ ਚੋਰੀ ਹੋਏ ਗ੍ਰੰਥ ਸਾਹਿਬ ਦੇ ਅੰਗ ਖਿਲਾਰੇ ਗਏ। 13 ਅਕਤੂਬਰ ਨੂੰ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਚੌਕ ਵਿੱਚ ਸ਼ਾਂਤਮਈ ਧਰਨਾ ਦੇ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਸੀ।
14 ਅਕਤੂਬਰ ਦੀ ਸਵੇਰ ਪੁਲਿਸ ਨੇ ਸ਼ਾਂਤਮਈ ਧਰਨੇ ਉੱਪਰ ਲਾਠੀਚਾਰਜ ਕਰ ਦਿੱਤਾ ਤੇ ਇਸੇ ਦਿਨ ਬਠਿੰਡਾ-ਫਰੀਦਕੋਟ ਸੜਕ ’ਤੇ ਪੈਂਦੇ ਪਿੰਡ ਬਹਿਬਲ ਕਲਾਂ ਕੋਲ ਲੋਕਾਂ ਨੇ ਸ਼ਾਂਤਮਈ ਧਰਨਾ ਲਾਇਆ ਹੋਇਆ ਸੀ, ਜਿੱਥੇ ਪੁਲਿਸ ਨੇ ਧਰਨਾਕਾਰੀਆਂ ਉੱਪਰ ਗੋਲੀ ਚਲਾ ਦਿੱਤੀ, ਜਿਸ ਵਿੱਚ ਕ੍ਰਿਸ਼ਨ ਭਗਵਾਨ ਸਿੰਘ ਗੁਰਜੀਤ ਸਿੰਘ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ।
ਇਸ ਮਾਮਲੇ ਵਿੱਚ ਜਸਟਿਸ ਜੋਰਾ ਸਿੰਘ ਮਾਨ, ਜਸਟਿਸ ਰਣਜੀਤ ਸਿੰਘ, ਦੋ ਵਿਸ਼ੇਸ਼ ਜਾਂਚ ਟੀਮਾਂ ਤੇ ਸੀਬੀਆਈ ਨੇ ਅਲੱਗ-ਅਲੱਗ ਤੌਰ ‘ਤੇ ਪੜਤਾਲਾਂ ਕੀਤੀਆਂ ਪਰ ਅਜੇ ਤੱਕ ਇਨ੍ਹਾਂ ਪੜਤਾਲ ਰਿਪੋਰਟਾਂ ਦੇ ਆਧਾਰ ‘ਤੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਸਕੀ।
ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੇ ਪੀੜਤਾਂ ਨੂੰ ਕਦੋਂ ਮਿਲੇਗਾ ਇਨਸਾਫ, ਚੌਥੀ ਬਰਸੀ 'ਤੇ ਸਿੱਖਾਂ 'ਚ ਰੋਸ
ਏਬੀਪੀ ਸਾਂਝਾ
Updated at:
14 Oct 2019 05:40 PM (IST)
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਨੂੰ ਅੱਜ ਪੂਰੇ ਚਾਰ ਸਾਲ ਹੋ ਗਏ ਹਨ। ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਤੇ ਧਾਰਮਿਕ ਸੰਸਥਾਵਾਂ ਵੱਲੋਂ ਗੋਲੀ ਕਾਂਡ ਦੀ ਚੌਥੀ ਬਰਸੀ ਮਨਾਈ ਗਈ। ਇਸ ਮੌਕੇ ਦੁਖ ਜ਼ਾਹਿਰ ਕੀਤਾ ਗਿਆ ਕਿ ਚਾਰ ਸਾਲਾਂ ਤੋਂ ਬਾਅਦ ਵੀ ਸੂਬਾ ਸਰਕਾਰ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਵਿੱਚ ਸਫ਼ਲ ਨਹੀਂ ਹੋ ਸਕੀ। ਬਰਗਾੜੀ ਮੋਰਚਾ ਦੇ ਲੀਡਰਾਂ ਨੇ ਇਲਜ਼ਾਮ ਲਾਇਆ ਕਿ ਕੈਪਟਨ ਸਰਕਾਰ ਦੋਸ਼ੀਆਂ ਨੂੰ ਬਚਾਉਣ ਲਈ ਪੂਰਾ ਜ਼ੋਰ ਲਾ ਰਹੀ ਹੈ।
- - - - - - - - - Advertisement - - - - - - - - -