ਚੰਡੀਗੜ੍ਹ: ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਅਹੁਦਾ ਸੰਭਾਲਦੇ ਹੀ ਬੇਅਦਬੀ ਤੇ ਗੋਲੀ ਕਾਂਡ ਮਾਮਲੇ ਵਿੱਚ ਹਿੱਲਜੁਲ ਸ਼ੁਰੂ ਹੋ ਗਈ ਹੈ। ਵਿਸ਼ੇਸ਼ ਜਾਂਚ ਟੀਮ ਵਿੱਚ ਕੁੰਵਰ ਵਿਜੈ ਪ੍ਰਤਾਪ ਦੀ ਵਾਪਸੀ ਤੋਂ ਕੁਝ ਘੰਟਿਆਂ ਬਾਅਦ ਹੀ ਕੋਟਕਪੂਰਾ ਗੋਲੀ ਕਾਂਡ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਤੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਏਡੀਸੀਪੀ ਪਰਮਜੀਤ ਸਿੰਘ ਪੰਨੂੰ, ਡੀਐਸਪੀ ਬਲਜੀਤ ਸਿੰਘ, ਐਸਐਚਓ ਗੁਰਦੀਪ ਸਿੰਘ ਪੰਧੇਰ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ 6 ਜੂਨ 'ਤੇ ਪਾ ਦਿੱਤੀ ਹੈ।

ਜੁਡੀਸ਼ੀਅਲ ਮੈਜਿਸਟ੍ਰੇਟ ਏਕਤਾ ਉੱਪਲ ਨੇ ਇਸ ਮਾਮਲੇ ਵਿੱਚ ਆਈਜੀ ਉਮਰਾਨੰਗਲ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ ਜਦੋਂਕਿ ਚਰਨਜੀਤ ਸ਼ਰਮਾ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਹੈ ਕਿ 6 ਜੂਨ ਨੂੰ ਸਾਬਕਾ ਐਸਐਸਪੀ ਸ਼ਰਮਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਤੋਂ ਬਾਅਦ ਸਿੱਖ ਸੰਗਤਾਂ ਨੇ ਕੋਟਕਪੂਰਾ ਚੌਕ ਵਿੱਚ ਸ਼ਾਂਤਮਈ ਰੋਸ ਧਰਨਾ ਦਿੱਤਾ ਸੀ। 13 ਅਕਤੂਬਰ, 2015 ਦੀ ਰਾਤ ਨੂੰ ਪੁਲਿਸ ਨੇ ਧਰਨਾ ਦੇ ਰਹੀ ਸੰਗਤ ਉੱਪਰ ਲਾਠੀਚਾਰਜ ਕਰ ਦਿੱਤਾ ਸੀ, ਜਿਸ ਵਿੱਚ ਸੌ ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਸਨ। ਪੰਜਾਬ ਦੀ ਮੌਜੂਦਾ ਸਰਕਾਰ ਨੇ ਅਗਸਤ 2018 ਵਿੱਚ ਇਸ ਮਾਮਲੇ ਦੀ ਪੜਤਾਲ ਵਿਸ਼ੇਸ਼ ਜਾਂਚ ਟੀਮ ਨੂੰ ਸੌਂਪ ਦਿੱਤੀ ਸੀ।

ਵਿਸ਼ੇਸ਼ ਜਾਂਚ ਟੀਮ ਨੇ ਪੜਤਾਲ ਦੌਰਾਨ ਆਈਜੀ ਉਮਰਾਨੰਗਲ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਸੀ ਤੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਸਾਬਕਾ ਸੰਸਦੀ ਸਕੱਤਰ ਮਨਤਾਰ ਬਰਾੜ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਨਾਮਜ਼ਦ ਕਰ ਲਿਆ ਸੀ। ਜਾਂਚ ਟੀਮ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਅਜੇ ਜਾਂਚ ਚੱਲ ਰਹੀ ਹੈ ਤੇ ਭਵਿੱਖ ਵਿੱਚ ਹੋਰ ਮੁਲਜ਼ਮਾਂ ਖ਼ਿਲਾਫ਼ ਵੀ ਦੋਸ਼ ਪੱਤਰ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ। ਮਨਤਾਰ ਸਿੰਘ ਬਰਾੜ ਦੀ ਗ੍ਰਿਫ਼ਤਾਰੀ ਉੱਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰੋਕ ਲਾਈ ਹੋਈ ਹੈ।