ਚੰਡੀਗੜ੍ਹ: ਚੋਣਾਂ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਹਥੋਆ ਵਿੱਚ ਬੇਅਦਬੀ ਦੀ ਘਟਨਾ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਰਾਣੀਆਂ ਘਟਨਾਵਾਂ ਨਾਲ ਜੋੜਿਆ ਹੈ। ਕੈਪਟਨ ਨੇ ਕਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਇੱਕ ਵਾਰੀ ਫਿਰ ਫੁੱਟਪਾਊ ਸ਼ਕਤੀਆਂ ਸੂਬੇ ਵਿੱਚ ਧਰੁਵੀਕਰਨ ਕਰਨ ਦੀ ਕੋਸ਼ਿਸ਼ ਵਿੱਚ ਹਨ। ਇਨ੍ਹਾਂ ਨੂੰ ਘਿਨਾਉਣੇ ਕਾਰੇ ਲਈ ਸਖ਼ਤ ਨਤੀਜੇ ਭੁਗਤਣੇ ਪੈਣਗੇ।


ਪੁਲਿਸ ਥਾਣਾ ਅਮਰਗੜ੍ਹ ਦੇ ਪਿੰਡ ਹਥੋਆ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ, ਪਾਲਕੀ ਤੇ ਪੀੜ੍ਹਾਂ, ਰੁਮਾਲੇ ਅਗਨ ਭੇਟ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੰਦਿਆਂ ਕੈਪਟਨ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਨੂੰ ਹਿਲਾ ਕੇ ਰੱਖ ਦੇਣ ਵਾਲੀਆਂ ਘਟਨਾਵਾਂ ਦੀ ਲੜੀ ਦਾ ਹੀ ਇਹ ਘਿਨਾਉਣਾ ਕਾਰਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਉਹੀ ਸ਼ਕਤੀਆਂ ਲੋਕ ਸਭਾ ਚੋਣਾਂ ਨੂੰ ਜਿੱਤਣ ਲਈ ਨਿਰਾਸ਼ਾਜਨਕ ਕੋਸ਼ਿਸ਼ਾਂ ਕਰ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਟ ਨੇ ਬਰਗਾੜੀ ਤੇ ਬਹਿਬਲ ਕਲਾਂ ਦਾ ਘਿਨਾਉਣਾ ਕਾਰਾ ਕਰਨ ਦੇ ਜ਼ਿੰਮੇਵਾਰਾਂ ਖਿਲਾਫ ਸ਼ਿਕੰਜਾ ਕੱਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਵਿਚ ਹੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਐਸਆਈਟੀ ਵਿੱਚ ਵਾਪਸ ਆ ਜਾਵੇਗਾ ਤੇ ਬੇਅਦਬੀ ਦੇ ਮਾਮਲਿਆਂ ਦੇ ਦੋਸ਼ੀਆਂ ਨੂੰ ਨੱਥ ਪਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਆਉਂਦੇ ਦਿਨਾਂ ਦੌਰਾਨ ਹੋਰ ਅਜਿਹੀਆਂ ਘਟਨਾਵਾਂ ਵਾਪਰਨ ਤੋਂ ਰੋਕਣ ਵਾਸਤੇ ਸੂਬੇ ਭਰ ਦੇ ਧਾਰਮਿਕ ਸਥਾਨਾਂ ਦੇ ਦੁਆਲੇ ਪੁਲਿਸ ਨੂੰ ਸਖ਼ਤ ਸੁਰੱਖਿਆ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ।