ਚੰਡੀਗੜ੍ਹ: ਬੇਅਦਬੀ ਮਾਮਲੇ ਵਿੱਚ ਕੇਂਦਰੀ ਜਾਂਚ ਬਿਉਰੋ (ਸੀਬੀਆਈ) ਵੱਲੋਂ ਕਲੋਜ਼ਰ ਰਿਪੋਰਟ ਸੌਂਪਣ ਦੇ ਮਾਮਲੇ 'ਤੇ ਕੈਪਟਨ ਸਰਕਾਰ ਘਿਰਦੀ ਜਾ ਰਹੀ ਹੈ। ਵਿਰੋਧੀ ਧਿਰਾਂ ਇਸ ਮਾਮਲੇ ਨੂੰ ਜ਼ੋਰਸ਼ੋਰ ਨਾਲ ਉਭਾਰ ਰਹੀਆਂ ਹਨ। ਹੋਰ ਤਾਂ ਹੋਰ ਹਾਸ਼ੀਏ 'ਤੇ ਗਏ ਸ਼੍ਰੋਮਣੀ ਅਕਾਲੀ ਦਲ ਵੀ ਇਸ ਮਾਮਲੇ 'ਤੇ ਕੈਪਟਨ ਸਰਕਾਰ ਨੂੰ ਘੇਰਨ ਲਈ ਰਣਨੀਤੀ ਘੜ ਰਿਹਾ ਹੈ। ਇਸ ਬਾਰੇ ਅੱਜ ਬਾਕਾਇਦਾ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਗਈ।


ਦਰਅਸਲ ਸ਼੍ਰੋਮਣੀ ਅਕਾਲੀ ਦਲ ਇੱਕ ਟੀਰ ਨਾਲ ਕਈ ਨਿਸ਼ਾਨੇ ਫੁੰਡਣ ਦੇ ਰੌਂਅ ਵਿੱਚ ਹੈ। ਉਹ ਬੇਅਦਬੀ ਮਾਮਲੇ ਵਿੱਚ ਸੀਬੀਆਈ ਵੱਲੋਂ ਵਿਸ਼ੇਸ਼ ਅਦਾਲਤ ਵਿੱਚ ਦਾਇਰ ਕਲੋਜ਼ਰ ਰਿਪੋਰਟ ਦੇ ਸਹਾਰੇ ਨਾ ਸਿਰਫ਼ ਕੈਪਟਨ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕਰਨ ਦੇ ਯਤਨ ਕਰ ਰਿਹਾ ਹੈ ਸਗੋਂ ਆਪਣੇ ਬਚਾਅ ਦਾ ਹੱਲ ਵੀ ਲੱਭਿਆ ਜਾ ਰਿਹਾ ਹੈ। ਅਕਾਲੀ ਦਲ ਇਸ ਮੁੱਦੇ ਨੂੰ ਉਭਾਰ ਤੇ ਸਿੱਖ ਸੰਗਤ ਨੂੰ ਲਾਮਬੰਦ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਕੋਰ ਕਮੇਟੀ ਦੀ ਮੀਟਿੰਗ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਬੇਹੱਦ ਸੰਵੇਦਨਸ਼ੀਲ ਕੇਸ ਵਿੱਚ ਸੀਬੀਆਈ ਵੱਲੋਂ ਦਾਖ਼ਲ ਕੀਤੀ ਕਲੋਜ਼ਰ ਰਿਪੋਰਟ ਦੇ ਮੁੱਦੇ ਨੂੰ ਵਿਚਾਰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸੀਬੀਆਈ ਦੀ ਇਸ ਕਾਰਵਾਈ ਉੱਤੇ ਸਖਤ ਇਤਰਾਜ਼ ਪ੍ਰਗਟਾ ਰਹੀ ਹੈ। ਇਸ ਬਾਰੇ ਕੈਪਟਨ ਸਰਕਾਰ ਨੂੰ ਲੋਕਾਂ ਦੀ ਕਚਹਿਰੀ ਵਿੱਚ ਬੇਨਕਾਬ ਕੀਤਾ ਜਾਏਗਾ।

ਦਰਅਸਲ ਸ਼੍ਰੋਮਣੀ ਅਕਾਲੀ ਦਲ ਬੇਅਦਬੀ ਤੇ ਕੋਟਕਪੂਰਾ, ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਦੇ ’ਤੇ ਬੁਰੀ ਤਰ੍ਹਾਂ ਘਿਰਿਆ ਹੋਇਆ ਹੈ। ਇਨ੍ਹਾਂ ਘਟਨਾਵਾਂ ਕਾਰਨ ਬਾਦਲ ਪਰਿਵਾਰ ਵੀ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਪੰਜਾਬ ਵਿਧਾਨ ਸਭਾ ਵੱਲੋਂ ਅਗਸਤ 2018 ਵਿੱਚ ਮਤਾ ਪਾਸ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਬੇਅਦਬੀ ਤੇ ਗੋਲੀ ਕਾਂਡ ਦੀ ਤਫ਼ਤੀਸ਼ ਲਈ ਵਧੀਕ ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕੀਤਾ ਸੀ।

ਇਸ ਤੋਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਬੇਅਦਬੀ ਮਾਮਲਿਆਂ ਦੀ ਜਾਂਚ ਤਾਂ ਤਤਕਾਲੀ ਸਰਕਾਰ ਨੇ ਸੀਬੀਆਈ ਨੂੰ ਦੇ ਦਿੱਤੀ ਸੀ ਪਰ ਗੋਲੀ ਕਾਂਡ ਦੇ ਮੁੱਦੇ ’ਤੇ ਇੱਕ ਤਰ੍ਹਾਂ ਨਾਲ ਜਾਂਚ ਨੂੰ ਠੱਪ ਹੀ ਕਰ ਦਿੱਤਾ ਗਿਆ ਸੀ। ਕੈਪਟਨ ਸਰਕਾਰ ਨੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਦੇ ਮੁੱਦੇ ’ਤੇ ਅਕਾਲੀ ਲੀਡਰਸ਼ਿਪ ਨੂੰ ਹੀ ਨਹੀਂ ਘੇਰਿਆ ਸਗੋਂ ਪੁਲਿਸ ਅਧਿਕਾਰੀਆਂ ਦੀਆਂ ਗ੍ਰਿਫ਼ਤਾਰੀਆਂ ਵੀ ਕੀਤੀਆਂ ਸਨ।

ਪੰਜਾਬ ਸਰਕਾਰ ਵੱਲੋਂ ਗਠਿਤ ਸਿੱਟ ਵੱਲੋਂ ਗੋਲੀ ਕਾਂਡ ਸਬੰਧੀ ਦੋਸ਼ ਪੱਤਰ ਅਦਾਲਤ ਵਿੱਚ ਦਾਇਰ ਕੀਤੇ ਜਾ ਚੁੱਕੇ ਹਨ। ਪੰਜਾਬ ਪੁਲਿਸ ਦੀ ਤਫ਼ਤੀਸ਼ ਦੌਰਾਨ ਡੇਰਾ ਸਿਰਸਾ ਨਾਲ ਸਬੰਧਤ ਮਰਹੂਮ ਮਹਿੰਦਰ ਪਾਲ ਬਿੱਟੂ ਤੇ ਡੇਰੇ ਦੇ ਹੋਰਨਾਂ ਸ਼ਰਧਾਲੂਆਂ ਨੂੰ ਬੇਅਦਬੀ ਕਾਂਡ ’ਚ ਮੁਲਜ਼ਮ ਬਣਾਇਆ ਸੀ। ਸੀਬੀਆਈ ਵੱਲੋਂ ਦਾਇਰ ਕੀਤੀ ਕਲੋਜ਼ਰ ਰਿਪੋਰਟ ਨੇ ਸਾਰੇ ਮਾਮਲੇ ਨੂੰ ਨਵਾਂ ਰੂਪ ਦੇ ਦਿੱਤਾ ਹੈ।

ਹੁਣ ਸ਼੍ਰੋਮਣੀ ਅਕਾਲੀ ਦਲ ਇਸ ਨੂੰ ਆਧਾਰ ਬਣਾ ਕੇ ਕਾਂਗਰਸ ਨੂੰ ਘੇਰਨ ਦੀ ਤਿਆਰੀ ਕਰ ਰਿਹਾ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਕਦੇ ਵੀ ਬੇਅਦਬੀ ਦੇ ਦੋਸ਼ੀਆਂ ਨੂੰ ਫੜਨ ਲਈ ਸੰਜ਼ੀਦਾ ਨਹੀਂ ਰਹੀ। ਇਸ ਦੀ ਮਿਸਾਲ ਸੀਬੀਆਈ ਵੱਲੋਂ ਦਾਇਰ ਕੀਤੀ ਕਲੋਜ਼ਰ ਰਿਪੋਰਟ ਹੈ। ਇਸ ਤਰ੍ਹਾਂ ਅਕਾਲੀ ਦਲ ਇਸ ਮੁੱਦੇ 'ਤੇ ਸੰਘਰਸ਼ ਵਿੱਢ ਕੇ ਮੁੜ ਉਭਾਰ ਦਾ ਰਾਹ ਲੱਭ ਰਿਹਾ ਹੈ।