ਚੰਡੀਗੜ੍ਹ: ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਡੇਰਾ ਸਿਰਸਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਨਾਭਾ ਜੇਲ੍ਹ ਵਿੱਚ ਹੱਤਿਆ ਮਗਰੋਂ ਸਿੱਖ ਜਥੇਬੰਦੀਆਂ ਵੀ ਕੈਪਟਨ ਸਰਕਾਰ ਖਿਲਾਫ ਹੋ ਗਈਆਂ ਹਨ। ਬੇਅਦਬੀ ਤੇ ਗੋਲੀ ਕਾਂਡ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦਾ ਕਹਿਣਾ ਹੈ ਕਿ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਹੱਤਿਆ ਮਗਰੋਂ ਕੈਪਟਨ ਸਰਕਾਰ ਬੇਅਦਬੀਆਂ ਦੇ ਮਾਮਲੇ ’ਚ ਢਿੱਲ ਵਿਖਾਉਣ ਲੱਗੀ ਹੈ।

ਇਸ ਦੇ ਨਾਲ ਹੀ ਡੇਰਾ ਮੁਖੀ ਰਾਮ ਰਹੀਮ ਬਾਰੇ ਨਰਮੀ ਵਰਤਣ ਦਾ ਇਲਜ਼ਾਮ ਲਾਉਂਦਿਆਂ ਪੰਥਕ ਧਿਰਾਂ ਨੇ ਕੈਪਟਨ ਸਰਕਾਰ ਵਿਰੁੱਧ ਮੁੜ ਮੋਰਚਾ ਖੋਲ੍ਹਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਥਕ ਧਿਰਾਂ ਅਗਲੇ ਹਫ਼ਤੇ ਸਰਕਾਰ ਖ਼ਿਲਾਫ਼ ਕੋਈ ਸਾਂਝਾ ਐਲਾਨ ਕਰ ਸਕਦੀਆਂ ਹਨ। ਪੰਥਕ ਧਿਰਾਂ ਨੂੰ ਖ਼ਦਸ਼ਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਸੁਖਬੀਰ ਬਾਦਲ ਜੇਲ੍ਹ ’ਚ ਬੰਦ ਰਾਮ ਰਹੀਮ ਨੂੰ ਪੈਰੋਲ ’ਤੇ ਛੱਡਣ ਲਈ ਇਕਸੁਰ ਹਨ।

ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ ਦਾ ਕਹਿਣਾ ਹੈ ਕਿ ਇਸ ਮਾਮਲੇ ਬਾਰੇ ਸਾਰੀਆਂ ਪੰਥਕ ਧਿਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ, ਪਰ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦਾ ਫ਼ੈਸਲਾ ਸਾਰੀਆਂ ਧਿਰਾਂ ਦੇ ਪ੍ਰਤੀਨਿਧਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਲ੍ਹ ਮੰਤਰੀ ਤੇ ਐਸਆਈਟੀ ਮੈਂਬਰ ਕੁੰਵਰ ਵਿਜੈ ਪ੍ਰਤਾਪ ਵੱਲੋਂ ਬੇਅਦਬੀਆਂ ਦੀ ਜਾਂਚ ਨੂੰ ਝਟਕਾ ਲੱਗਣ ਜਿਹੇ ਬਿਆਨ ਜਾਂਚ ਨੂੰ ਕਮਜ਼ੋਰ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜਦਕਿ ਮੁੱਖ ਮੰਤਰੀ ਪੰਜਾਬ ਨੂੰ ਚਾਹੀਦਾ ਸੀ ਕਿ ਬਿੱਟੂ ਤੇ ਹੋਰ ਮੁਲਜ਼ਮ ਡੇਰਾ ਪ੍ਰੇਮੀਆਂ ਦੇ ਬਿਆਨਾਂ ਦੇ ਆਧਾਰ ’ਤੇ ਰਾਮ ਰਹੀਮ ਨੂੰ ਧਾਰਾ 120 ’ਚ ਨਾਮਜ਼ਦ ਕਰਕੇ ਉਸ ਦੀ ਪੈਰੋਲ ਰੋਕਦੇ, ਪਰ ਉਨ੍ਹਾਂ ਇਸ ਲਈ ਕੋਈ ਕਦਮ ਨਹੀਂ ਪੁੱਟਿਆ। ਗੁਰਦੀਪ ਸਿੰਘ ਨੇ ਕਿਹਾ ਕਿ ਕੈਪਟਨ ਵੀ ਖੱਟਰ ਤੇ ਸੁਖਬੀਰ ਬਾਦਲ ਵਾਂਗ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਧਾਰਨੀ ਜਾਪਦੇ ਹਨ। ਉਨ੍ਹਾਂ ਕਿਹਾ ਕਿ ਬਰਗਾੜੀ ਮੋਰਚੇ ਦੌਰਾਨ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਾਜਿੰਦਰ ਬਾਜਵਾ ਦੇ ਭਰੋਸੇ ਤੋਂ ਬਾਅਦ ਵੀ 26 ਪ੍ਰੇਮੀਆਂ ’ਚੋਂ 21 ਜ਼ਮਾਨਤ ’ਤੇ ਬਾਹਰ ਹਨ।