ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚੇ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਦੱਸਿਆ ਹੈ। 


ਪਿਛਲੀ ਵਾਰ ਵੀ ਜਦੋਂ ਸਿੱਧੂ ਪਾਕਿਸਤਾਨ ਗਏ ਸਨ ਤਾਂ ਉਨ੍ਹਾਂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਮੁੱਦੇ 'ਤੇ ਪਾਕਿਸਤਾਨੀ ਫੌਜ ਦੇ ਜਨਰਲ ਬਾਜਵਾ ਨੂੰ ਜੱਫੀ ਪਾਈ ਸੀ। ਇਸ ਤੋਂ ਬਾਅਦ ਉਸ ਦਾ ਸਖ਼ਤ ਵਿਰੋਧ ਹੋਇਆ। ਅਜਿਹੇ 'ਚ ਉਨ੍ਹਾਂ ਦੇ ਅੱਜ ਦੇ ਦੌਰੇ 'ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ। 


ਇਸ ਦੌਰੇ 'ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਮੰਤਰੀ ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਪਵਨ ਗੋਇਲ ਵੀ ਸਿੱਧੂ ਦੇ ਨਾਲ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 18 ਨਵੰਬਰ ਨੂੰ ਹੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਨਾਲ ਲੈ ਕੇ ਜਾਣਾ ਚਾਹੁੰਦੇ ਸਨ ਪਰ ਸਿੱਧੂ ਆਪਣੇ ਸਮਰਥਕਾਂ ਨਾਲ ਜਾਣ ਲਈ ਤਿਆਰ ਸਨ।


ਇਸ ਲਈ ਉਨ੍ਹਾਂ ਨੇ ਵੱਖ-ਵੱਖ ਜਾਣ ਦੀ ਯੋਜਨਾ ਬਣਾਈ। ਇਸ ਦੇ ਨਾਲ ਹੀ ਸਿੱਧੂ ਦੇ ਰੁਖ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ 18, 19 ਅਤੇ 20 ਨਵੰਬਰ ਨੂੰ ਮੰਤਰੀਆਂ ਅਤੇ ਨੇਤਾਵਾਂ ਦੀ ਸੂਚੀ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਭੇਜੀ ਸੀ, ਜਿਸ 'ਚ ਨਵਜੋਤ ਸਿੱਧੂ ਦਾ ਨਾਂ ਤੀਜੀ ਸੂਚੀ 'ਚ ਛੇਵੇਂ ਨੰਬਰ 'ਤੇ ਸੀ, ਜਿਸ ਕਾਰਨ ਵਿਦੇਸ਼ ਮੰਤਰਾਲੇ ਨੇ ਉਨ੍ਹਾਂ ਨੂੰ 20 ਨਵੰਬਰ ਨੂੰ ਕਰਤਾਰਪੁਰ ਜਾਣ ਦੀ ਇਜਾਜ਼ਤ ਦੇ ਦਿੱਤੀ ਸੀ।


ਹਾਲਾਂਕਿ ਕਾਂਗਰਸ ਪਾਰਟੀ ਵਿਦੇਸ਼ ਮੰਤਰਾਲੇ 'ਤੇ ਦੋਸ਼ ਲਗਾ ਰਹੀ ਹੈ ਕਿ ਸਿੱਧੂ ਨੂੰ 18 ਅਤੇ 19 ਨਵੰਬਰ ਨੂੰ ਕਰਤਾਰਪੁਰ ਜਾਣ ਦੀ ਇਜਾਜ਼ਤ ਨਹੀਂ ਮਿਲੀ। ਪਾਰਟੀ ਸੂਤਰਾਂ ਅਨੁਸਾਰ ਮੁੱਖ ਮੰਤਰੀ ਚੰਨੀ ਨੇ ਸਿੱਧੂ ਨੂੰ ਨਾਲ ਜਾਣ ਲਈ ਕਿਹਾ ਸੀ ਪਰ ਸਿੱਧੂ ਨਹੀਂ ਮੰਨੇ। 


ਇਸ 'ਤੇ ਚੰਨੀ ਸਰਕਾਰ ਨੇ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਨੇਤਾ ਅਤੇ 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਨਾਲ ਜਾਣ ਦੀ ਸਲਾਹ ਦਿੱਤੀ ਪਰ ਚੀਮਾ ਨੇ ਇਨਕਾਰ ਕਰ ਦਿੱਤਾ। ਉਨ੍ਹਾਂ ਆਪਣੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਹੋਰ ‘ਆਪ’ ਵਿਧਾਇਕਾਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀਆਂ ਤਿਆਰੀਆਂ ਕਰ ਲਈਆਂ ਸਨ। 



ਮੰਗਲਵਾਰ ਨੂੰ ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸਿੱਧੂ ਨੇ ਐਲਾਨ ਕੀਤਾ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਤੁਰੰਤ ਅਪਲਾਈ ਕਰ ਰਹੇ ਹਨ। ਸਿੱਧੂ 19 ਨਵੰਬਰ ਨੂੰ ਗੁਰਪੁਰਬ ਮੌਕੇ ਦਰਸ਼ਨ ਕਰਨ ਦੇ ਚਾਹਵਾਨ ਸਨ ਪਰ ਉਨ੍ਹਾਂ ਨੂੰ ਇਹ ਮੌਕਾ ਨਹੀਂ ਮਿਲ ਸਕਿਆ।


 


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ