ਅੰਮ੍ਰਿਤਸਰ : ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦਾ ਪੀ:ਜੀ:ਆਈ ਤਰਜ 'ਤੇ ਵਿਕਾਸ ਕੀਤਾ ਜਾਵੇਗਾ ਅਤੇ ਸਾਰੀਆਂ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਇਸ ਹਸਪਤਾਲ ਤੋਂ ਕਿਸੇ ਮਰੀਜ ਨੂੰ ਦੂਜੇ ਹਸਪਤਾਲਾਂ ਵਿੱਚ ਰੈਫਰ ਨਾ ਕੀਤਾ ਜਾਵੇ ਸਗੋਂ ਇਥੇ ਮਰੀਜ਼ ਦਾ ਇਲਾਜ ਹੋ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਚੇਤਨ ਸਿੰਘ ਜੌੜਾਮਾਜਰਾ, ਸਿਹਤ ਮੰਤਰੀ ਪੰਜਾਬ ਨੇ ਮੈਡੀਕਲ ਕਾਲਜ ਵਿਖੇ ਡਾਕਟਰਾਂ ਨਾਲ ਮੀਟਿੰਗ ਕਰਦਿਆਂ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਮੁੱਖ ਲੋੜ ਸਿਖਿਆ ਅਤੇ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਦੀ ਹੈ।
ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਸਭ ਤੋਂ ਵੱਡੀ ਜਰੂਰਤ ਹੈ ਕਿ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਦਾ ਸੁਧਾਰ ਕੀਤਾ ਜਾਵੇ ਅਤੇ ਇਨ੍ਹਾਂ ਵਿੱਚ ਪਾਈਆਂ ਜਾਂਦੀਆਂ ਕਮੀਆਂ ਨੂੰ ਦੂਰ ਕੀਤਾ ਜਾਵੇ। ਸਿਹਤ ਮੰਤਰੀ ਨੇ ਡਾਕਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਮਰੀਜ਼ ਸਰਕਾਰੀ ਹਸਪਤਾਲ ਵਿੱਚ ਆਉਂਦਾ ਹੈ ਤਾਂ ਉਸ ਨੂੰ ਆਪਣੇ ਕਲਾਵੇ ਵਿੱਚ ਲਵੋ ਨਾ ਕਿ ਦੁਤਕਾਰੋ। ਉਨ੍ਹਾਂ ਕਿਹਾ ਕਿ ਮੱਧ ਵਰਗ ਅਤੇ ਗਰੀਬ ਵਰਗ ਦੇ ਲੋਕ ਹੀ ਸਰਕਾਰੀ ਹਸਪਤਾਲਾਂ ਵਿੱਚ ਆਉਂਦੇ ਹਨ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਉਨ੍ਹਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆਂ ਕਰਵਾ ਸਕੀਏ। ਜੌੜਾ ਮਾਜਰਾ ਨੇ ਕਿਹਾ ਕਿ ਸਾਨੂੰ ਸਮੇਂ ਦੇ ਹਾੜੀ ਬਣਨਾ ਚਾਹੀਦਾ ਹੈ ਅਤੇ ਪੁਰਾਣੇ ਢਾਂਚੇ ਨੂੰ ਖਤਮ ਕਰੀਏ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਤੁਹਾਡੀਆਂ ਜੋ ਵੀ ਜਰੂਰਤਾਂ ਹਨ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ।
ਸਿਹਤ ਮੰਤਰੀ ਨੇ ਦੱਸਿਆ ਕਿ ਜਲਦ ਹੀ ਸੁਪਰਸਪੈਸ਼ਲਿਟੀ ਡਾਕਟਰਾਂ ਦੀ ਕਮੀ ਨੂੰ ਦੂਰ ਕੀਤਾ ਜਾਵੇਗਾ ਅਤੇ ਸਿਹਤ ਵਿਭਾਗ ਵਿੱਚ ਜੋ ਅਸਾਮੀਆਂ ਖਾਲੀ ਪਈਆਂ ਹਨ ਦੀ ਭਰਤੀ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਹਸਪਤਾਲਾਂ ਦੀ ਜੋ ਨਵੀਂਆਂ ਇਮਾਰਤਾਂ ਬਣ ਰਹੀਆਂ ਹਨ, ਉਹ ਪੂਰੀ ਤਰ੍ਹਾਂ ਸੈਂਟਰਲ ਏ:ਸੀ ਹੋਣ ਅਤੇ ਉਨ੍ਹਾਂ ਦੇ ਸੋਲਰ ਸਿਸਟਮ ਜਰੂਰ ਲੱਗਾ ਹੋਵੇ। ਪ੍ਰਿੰਸੀਪਲ ਮੈਡੀਕਲ ਕਾਲਜ ਨੇ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਮੈਡੀਕਲ ਕਾਲਜ ਦੀਆਂ ਕਈ ਥਾਂਵਾਂ 'ਤੇ ਨਜਾਇਜ ਕਬਜੇ ਹੋਏ ਹਨ ,ਜਿਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਜਮੀਨ ਦੀ ਨਿਸ਼ਾਨਦੇਹੀ ਕਰਵਾਈ ਜਾਵੇਗੀ ਅਤੇ ਲੋਕਾਂ ਵੱਲੋਂ ਜੋ ਨਿਜਾਇਜ਼ ਕਬਜੇ ਕੀਤੇ ਹੋਏ ਹਨ ਨੂੰ ਛੁਡਾਇਆ ਜਾਵੇਗਾ।
ਸਿਹਤ ਮੰਤਰੀ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਡਿਊਟੀ ਤੋਂ ਬਾਹਰ ਕੱਢ ਦਿੱਤਾ ਗਿਆ ਸੀ ਨੂੰ ਵੀ ਜਲਦੀ ਐਡਜਸਟ ਕੀਤਾ ਜਾਵੇਗਾ। ਉਨ੍ਹਾਂ ਨੌਕਰੀ ਵਿੱਚੋ ਕੱਢੇ ਕਰਮਚਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀ ਧਰਨੇ ਨਾ ਲਗਾਓ ਅਤੇ ਨਾ ਹੀ ਕਾਹਲੀ ਕਰੋ ਤੁਹਾਨੂੰ ਸਭ ਨੂੰ ਜ਼ਰੂਰ ਪੱਕਿਆ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਅਜੇ ਸੱਤਾ ਵਿੱਚ ਆਏ 6 ਮਹੀਨੇ ਹੀ ਹੋਏ ਹਨ ਅਤੇ ਅਸੀਂ 6 ਮਹੀਨਿਆਂ ਵਿੱਚ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ,ਉਹ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜੋ ਵੀ ਸਰਕਾਰੀ ਹਸਪਤਾਲਾਂ ਦੀਆਂ ਇਮਾਂਰਤਾਂ ਬਣੀਆਂ ਹਨ ਦੀ ਵੀ ਜਾਂਚ ਕੀਤੀ ਜਾਵੇਗੀ। ਸਿਹਤ ਮੰਤਰੀ ਵੱਲੋਂ ਹਰੇਕ ਡਾਕਟਰ ਨਾਲ ਗੱਲਬਾਤ ਕਰਕੇ ਮੁਸ਼ਕਲਾਂ ਨੂੰ ਸੁਣਿਆ।
ਇਸ ਉਪਰੰਤ ਸਿਹਤ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਬੇਬੇ ਨਾਨਕੀ ਵਾਰਡ ਅਤੇ ਐਮਰਜੈਂਸੀ ਵਾਰਡ ਦਾ ਦੌਰਾ ਵੀ ਕੀਤਾ ਗਿਆ। ਸਿਹਤ ਮੰਤਰੀ ਵੱਲੋਂ ਬਾਥਰੂਮਾਂ ਦੀ ਜਾਂਚ ਕਰਨ ਉਪਰੰਤ ਨਿਰਦੇਸ਼ ਦਿੱਤੇ ਕਿ ਇਨ੍ਹਾਂ ਦੀ ਸਾਫ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੀੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਸਿਹਤ ਮੰਤਰੀ ਵੱਲੋਂ ਦੌਰੇ ਦੌਰਾਨ ਮਰੀਜਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਸਿਹਤ ਮੰਤਰੀ ਵੱਲੋਂ ਹਸਪਤਾਲ ਵਿਖੇ ਚੱਲ ਰਹੀਂ ਕੰਟੀਨ ਦਾ ਵੀ ਦੌਰਾ ਕੀਤਾ ਅਤੇ ਉਥੇ ਸਾਫ ਸਫਾਈ ਦੇ ਪ੍ਰਬੰਧ ਨੂੰ ਲੈ ਕੇ ਮੈਡੀਕਲ ਸੁਪਰਡੰਟ ਨੂੰ ਨਿਰਦੇਸ਼ ਦਿੱਤੇ।