Gurdaspur News : ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਕ ਤੋਂ ਬਾਅਦ ਇਕ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਗੁਰਦਾਸਪੁਰ ਦੇ ਪਿੰਡ ਸ਼ਹੂਰ ਕਲਾਂ ਵਿੱਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਨੇ ਘਰ ਵਿੱਚ ਰੱਖੇ ਗੁਟਕਾ ਸਾਹਿਬ ਨੂੰ ਚੁੱਕ ਕੇ ਬਾਹਰ ਸੁੱਟ ਦਿੱਤਾ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਦੋਸ਼ੀ ਨੂੰ ਮੌਕੇ ‘ਤੇ ਫੜ ਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। 



 

ਇਸ ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਪੁਲਿਸ ਮੁਲਾਜ਼ਮਾਂ ਨੇ ਦੋਸ਼ੀ ਸੁੱਚਾ ਸਿੰਘ ਨੂੰ ਕਾਬੂ ਕਰ ਲਿਆ ਹੈ। ਉਸ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਸਿੱਖ ਅਤੇ ਕਿਸਾਨ ਆਗੂ ਥਾਣਾ ਕਲਾਨੂਰ ਪੁੱਜੇ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

 

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਲਾਨੂਰ ਪਹੁੰਚੇ ਕਿਸਾਨ ਆਗੂ ਇੰਦਰਪਾਲ ਸਿੰਘ ਨੇ ਕਿਹਾ ਕਿ ਪਿੰਡ ਸ਼ਹੂਰ ਕਲਾਂ ਵਿੱਚ ਹੋਈ ਬੇਅਦਬੀ ਦੀ ਘਟਨਾ ਨੇ ਸਾਰਿਆਂ ਦੇ ਦਿਲਾਂ ਨੂੰ ਠੇਸ ਪਹੁੰਚਾਈ ਹੈ। ਜਿਸ ਕਾਰਨ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਵੀ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਤਾਂ ਜੋ ਕੋਈ ਵੀ ਅਜਿਹਾ ਸ਼ਰਾਰਤੀ ਅਨਸਰ ਗੁਰੂ ਸਾਹਿਬ ਦਾ ਅਪਮਾਨ ਨਾ ਕਰ ਸਕੇ। 

 



ਦੱਸ ਦੇਈਏ ਕਿ ਇਸ ਤੋਂ ਪਹਿਲਾਂ 24 ਅਪ੍ਰੈਲ ਨੂੰ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ 'ਚ ਅਖੰਡ ਪਾਠ ਦੀ ਚਲਦੀ ਲੜੀ ਦੌਰਾਨ ਇਕ ਵਿਅਕਤੀ ਜੁੱਤੀਆਂ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਪਹੁੰਚ ਗਿਆ ਅਤੇ ਉਸ ਨੇ ਤਾਬਿਆ ’ਤੇ ਬੈਠੇ ਗ੍ਰੰਥੀ ਸਿੰਘ ਨਾਲ ਕੁੱਟਮਾਰ ਕੀਤੀ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰਕੇ, ਉਸ ਵਿਰੁਧ ਮਾਮਲਾ ਦਰਜ ਕੀਤਾ ਸੀ।