Security of Jathedar Giani Harpreet Singh: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਅਪੀਲ ਤੋਂ ਬਾਅਦ ਕੇਂਦਰ ਸਰਕਾਰ ਨੇ ਉਹਨਾਂ ਨੂੰ ਦਿੱਤੀ ਹੋਈ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਛਤਰੀ ਵਾਪਸ ਲੈ ਲਈ ਹੈ। ਹੁਣ ਉਨ੍ਹਾਂ ਕੋਲ ਪੰਜਾਬ ਸਰਕਾਰ ਵੱਲੋਂ ਦਿੱਤੀ ਹੋਈ ਸੁਰੱਖਿਆ ਤੇ ਸ਼੍ਰੋਮਣੀ ਕਮੇਟੀ ਵੱਲੋਂ ਮੁਹੱਈਆ ਕੀਤੇ ਸੁਰੱਖਿਆ ਕਰਮਚਾਰੀ ਮੌਜੂਦ ਹਨ। ਇਸ ਦੀ ਪੁਸ਼ਟੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਹੈ। 


ਕੇਂਦਰ ਸਰਕਾਰ ਵੱਲੋਂ ਇੱਕ-ਦੋ ਦਿਨ ਪਹਿਲਾਂ ਹੀ ਸੁਰੱਖਿਆ ਛੱਤਰੀ ਵਾਪਸ ਲੈਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਬੀਤੇ ਦਿਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਭੇਜ ਦਿੱਤੀ। ਹਾਸਲ ਜਾਣਕਾਰੀ ਮੁਤਾਬਕ ਦੋ ਸਾਲ ਪਹਿਲਾਂ ਜਦੋਂ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਛੱਤਰੀ ਵਿੱਚ ਕਟੌਤੀ ਕੀਤੀ ਗਈ ਸੀ ਤਾਂ ਉਸ ਵੇਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕੀਤੀ ਗਈ ਸੀ। ਉਹ ਉਸ ਵੇਲੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ਤੇ ਮੌਜੂਦ ਸਨ। 


ਦੱਸ ਦਈਏ ਕਿ ਜ਼ੈੱਡ ਸ਼੍ਰੇਣੀ ਦੀ ਇਸ ਸੁਰੱਖਿਆ ਵਿੱਚ ਲੱਗਪਗ 21 ਸੁਰੱਖਿਆ ਕਰਮਚਾਰੀ ਸ਼ਾਮਲ ਸਨ। ਇਹ ਸਾਰੇ ਸੁਰੱਖਿਆ ਕਰਮਚਾਰੀ ਬੀਤੇ ਕੱਲ੍ਹ ਵਾਪਸ ਪਰਤ ਗਏ ਹਨ। ਹੁਣ ਇਸ ਵੇਲੇ ਉਨ੍ਹਾਂ ਕੋਲ ਪੰਜਾਬ ਪੁਲਿਸ ਵੱਲੋਂ ਮੁਹੱਈਆ ਕੀਤੇ ਸੁਰੱਖਿਆ ਕਰਮਚਾਰੀ ਤੇ ਸ਼੍ਰੋਮਣੀ ਕਮੇਟੀ ਵੱਲੋਂ ਮੁਹੱਈਆ ਕੀਤੇ ਸੁਰੱਖਿਆ ਕਰਮਚਾਰੀ ਸੁਰੱਖਿਆ ਛਤਰੀ ਵਿੱਚ ਸ਼ਾਮਲ ਹਨ। 


ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈਣ ਲਈ ਕੇਂਦਰ ਸਰਕਾਰ ਨੂੰ ਲਗਪਗ ਦੋ-ਤਿੰਨ ਪੱਤਰ ਭੇਜੇ ਗਏ ਸਨ। ਸੁਰੱਖਿਆ ਵਾਪਸ ਕਰਨ ਪਿੱਛੇ ਭਾਵੇਂ ਕੋਈ ਵੱਡਾ ਤੇ ਠੋਸ ਕਾਰਨ ਨਹੀਂ ਸੀ, ਪਰ ਕੇਂਦਰ ਸਰਕਾਰ ਵੱਲੋਂ ਮੁਹਈਆ ਕੀਤੀ ਗਈ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਨੂੰ ਲੈ ਕੇ ਉਨ੍ਹਾਂ ਦੀ ਨੇੜਤਾ ਕੇਂਦਰ ਸਰਕਾਰ ਨਾਲ ਜੋੜਨ ਤੇ ਇਸ ਮਾਮਲੇ ਨੂੰ ਲੈ ਕੇ ਨੁਕਤਾਚੀਨੀ ਕੀਤੇ ਜਾਣਾ ਇਹ ਸੁਰੱਖਿਆ ਛੱਤਰੀ ਵਾਪਸ ਕਰਨ ਦਾ ਇੱਕ ਕਾਰਨ ਬਣਿਆ ਹੋ ਸਕਦਾ ਹੈ।