ਮੁੱਲਾਂਪੁਰ: ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਵਿਧਾਇਕ ਐਚਐਸ ਫੂਲਕਾ ਨੇ ਕਿਹਾ ਕਿ ਪੰਜਾਬ 'ਚ ਨਸ਼ਾ ਇਕ ਗੰਭੀਰ ਸਮੱਸਿਆ ਬਣ ਚੁੱਕਾ ਹੈ ਤੇ ਆਏ ਦਿਨ ਨੌਜਵਾਨਾਂ ਦੀ ਨਸ਼ੇ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਆਪਣੇ ਇਲਾਕੇ ਮੁੱਲਾਂਪੁਰ 'ਚ ਕੱਲ੍ਹ ਇਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ।
ਫੂਲਕਾ ਨੇ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਇਸ ਮੁੱਦੇ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਸ ਡੀਐਸਪੀ ਨੂੰ ਬਰਖਾਸਤ ਕੀਤਾ ਜਾਣਾ ਸੀ ਉਸ ਨੂੰ ਸਿਰਫ ਖਾਨਾਪੂਰਤੀ ਲਈ ਮੁਅੱਤਲ ਕੀਤਾ ਗਿਆ। ਫੂਲਕਾ ਨੇ ਕਿਹਾ ਇਸ ਗੱਲ ਤੋਂ ਇਹ ਸਾਫ ਤੌਰ 'ਤੇ ਸਪੱਸ਼ਟ ਹੈ ਕਿ ਪੁਲਿਸ ਨਸ਼ੇ ਦੇ ਸੌਦਾਗਰਾਂ ਨਾਲ ਮਿਲੀ ਹੋਈ ਹੈ।
ਇਸ ਮੌਕੇ ਫੂਲਕਾ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਵੇਲੇ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਗਈ ਹੈ। ਫੂਲਕਾ ਨੇ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਜੇਕਰ ਆਮ ਆਦਮੀ ਪਾਰਟੀ ਕਾਂਗਰਸ ਨਾਲ ਗਠਜੋੜ ਕਰਦੀ ਹੈ ਤਾਂ ਉਹ ਪਾਰਟੀ ਤੋਂ ਅਸਤੀਫਾ ਦੇ ਦੇਣਗੇ।
ਜੀਐਸਟੀ ਦੇ ਮੁੱਦੇ 'ਤੇ ਬੋਲਦਿਆਂ ਫੂਲਕਾਂ ਨੇ ਕਿਹਾ ਕਿ ਮੋਦੀ ਸਰਕਾਰ ਕਹਿ ਰਹੀ ਹੈ ਕਿ ਜੀਐਸਟੀ ਲਾਗੂ ਕਰਨ ਨਾਲ ਸਰਕਾਰ ਨੂੰ ਫਾਇਦਾ ਹੋਇਆ ਹੈ ਜੇਕਰ ਇਹ ਗੱਲ ਸੱਚ ਹੈ ਤਾਂ ਕੇਂਦਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਲੱਗ ਰਹੇ ਟੈਕਸ ਨੂੰ ਵੀ ਘੱਟ ਕਰਨਾ ਚਾਹੀਦਾ ਹੈ।