Jalandhar News: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਾਅਵਾ ਕੀਤਾ ਹੈ ਕਿ ਚੋਣਾਂ ਦੌਰਾਨ ਕਿਸਾਨ ਪ੍ਰਦਰਸ਼ਨਾਂ ਨੂੰ ਪੰਜਾਬ ਸਰਕਾਰ ਸੂਬੇ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਵਰਤ ਰਹੀ ਹੈ ਤਾਂ ਜੋ ਸਰਕਾਰ ਦੀਆਂ ਵੱਡੀਆਂ ਨਾਕਾਮੀਆਂ ’ਤੇ ਪਰਦਾ ਪਾਇਆ ਜਾ ਸਕੇ। ਉਨ੍ਹਾਂ ਨੇ ਮੰਗਲਵਾਰ ਨੂੰ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਵੀ ਲਾਇਆ ਕਿ ਇਨ੍ਹਾਂ ਪ੍ਰਦਰਸ਼ਨਾਂ ਨਾਲ ਸਮਾਜ ਨੂੰ ਦੋ ਹਿੱਸਿਆਂ ਵਿੱਚ ‘ਪੇਂਡੂ ਬਨਾਮ ਸ਼ਹਿਰੀ’ ਤੇ ‘ਕਿਸਾਨ ਬਨਾਮ ਵਪਾਰੀ’ ਵੰਡਣ ਦੀ ਕੋਸ਼ਿਸ਼ ਕੀਤੀ ਗਈ ਹੈ।
ਜਾਖੜ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਵੱਡੇ ਮੁੱਦੇ ਚੋਣਾਂ ਵਿੱਚੋਂ ਗਾਇਬ ਹਨ। ਪੰਜਾਬ ਸਰਕਾਰ ਤੋਂ ਨਸ਼ਿਆਂ ਤੋਂ ਲੈ ਕੇ ਬੇਰੁਜ਼ਗਾਰੀ ਤੱਕ ਦੇ ਵੱਡੇ-ਵੱਡੇ ਵਾਅਦਿਆਂ ਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ’ਤੇ ਸਵਾਲ ਉਠਾਏ ਜਾਣੇ ਚਾਹੀਦੇ ਸਨ ਪਰ ਭਾਜਪਾ ਉਮੀਦਵਾਰਾਂ ਦੇ ਕਿਸਾਨ ਵਿਰੋਧੀ ਧਰਨਿਆਂ ਕਾਰਨ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ਵਿੱਚੋਂ ਬਚ ਕੇ ਨਿਕਲੀ।
ਸੁਨੀਲ ਜਾਖੜ ਨੇ ਕਿਹਾ ਕਿ ਜਦੋਂ ਪੰਜਾਬ ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਤਾਂ ਕਾਂਗਰਸ ਨੇ ਇਸ ਨੂੰ ਜਵਾਬਦੇਹ ਨਹੀਂ ਠਹਿਰਾਇਆ ਕਿਉਂਕਿ ਕਾਂਗਰਸ ਦੇ ਦੋ ਮੁੱਖ ਨੇਤਾਵਾਂ ’ਤੇ ਪਹਿਲਾਂ ਨਸ਼ਿਆਂ ਨਾਲ ਜੁੜੇ ਹੋਣ ਦੇ ਗੰਭੀਰ ਦੋਸ਼ ਲੱਗ ਚੁੱਕੇ ਹਨ।
ਉਧਰ, ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਪਿਛਲੇ 77 ਸਾਲਾਂ ਤੋਂ ਦੇਸ਼ ਵਿੱਚ ਲੋਕ ਸਭਾ ਚੋਣਾਂ ਰਾਹੀਂ ਚੱਲ ਰਹੇ ਭਾਰਤੀ ਰਾਜ ਅਸਲ ਵਿੱਚ ਸਰਮਾਏਦਾਰਾਂ ਦੀ ਤਾਨਾਸ਼ਾਹੀ ਹੈ। ਹਰ ਇੱਕ ਹਾਕਮ ਨੇ ਸੱਤਾ ਪ੍ਰਾਪਤ ਕਰਕੇ ਕਾਰਪੋਰੇਟ ਦੇ ਹੱਕ ਵਿੱਚ ਨੀਤੀਆਂ ਬਣਾਈਆਂ ਹਨ। 99 ਫ਼ੀਸਦ ਕਿਸਾਨ-ਮਜ਼ਦੂਰ, ਛੋਟੇ ਦੁਕਾਨਦਾਰ, ਛੋਟੇ ਵਪਾਰੀ ਤੇ ਕਿਰਤੀ ਕਾਮੇ ਕਦੇ ਵੀ ਭਾਰਤੀ ਰਾਜ ਦੇ ਏਜੰਡੇ ’ਤੇ ਨਹੀਂ ਰਹੇ ਹਨ।
ਇਸੇ ਕਰਕੇ ਦੇਸ਼ ਵਿੱਚ ਕਾਰਪੋਰੇਟ ਪੱਖੀ ਵਿਕਾਸ ਮਾਡਲ ਤੇ ਕਾਰਪੋਰੇਟ ਪੱਖੀ ਖੇਤੀ ਮਾਡਲ ਲਾਗੂ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦੇਸ਼ ਵਿੱਚ ਕਾਰਪੋਰੇਟ ਪੱਖੀ ਵਿਕਾਸ ਮਾਡਲ ਤੇ ਕਾਰਪੋਰੇਟ ਪੱਖੀ ਖੇਤੀ ਮਾਡਲ ਨੂੰ ਰੱਦ ਕਰਕੇ ਲੋਕ ਹਿੱਤ ਵਿੱਚ ਤੇ ਕਿਸਾਨ ਪੱਖੀ ਮਾਡਲ ਲਾਗੂ ਕਰਨ ਸਮੇਤ ਕੇਂਦਰ ਸਰਕਾਰ ਨੂੰ ਕਿਸਾਨ ਮੋਰਚੇ ਦੀਆਂ ਸਾਰੀਆਂ ਮੰਗਾਂ ਮੰਨਣ ਦੀ ਅਪੀਲ ਕਰ ਰਹੀਆਂ ਹਨ। ਇਸ ਦੇ ਨਾਲ ਹੀ ਕਿਸਾਨ ਆਗੂ ਹਰਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਤਿੰਨ ਨੌਜਵਾਨ ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ।