Moga News: ਲੋਕ ਸਭਾ ਚੋਣਾਂ ਦੌਰਾਨ ਬੀਜੇਪੀ ਉਮੀਦਵਾਰਾਂ ਨੂੰ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਜੇਪੀ ਉਮੀਦਵਾਰ ਜਿੱਥੇ ਵੀ ਚੋਣ ਪ੍ਰਚਾਰ ਕਰਨ ਜਾਂਦੇ ਹਨ, ਕਿਸਾਨ ਉਨ੍ਹਾਂ ਨੂੰ ਘੇਰ ਲੈਂਦੇ ਹਨ। ਅੱਜ ਮੋਗਾ ਵਿੱਚ ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਜੰਮ ਕੇ ਵਿਰੋਧ ਹੋਇਆ। ਹੰਸ ਰਾਜ ਹੰਸ ਮੰਦਰ ਵਿੱਚ ਮੱਥਾ ਟੇਕਣ ਆਏ ਸੀ ਪਰ ਕਿਸਾਨ ਉੱਥੇ ਹੀ ਪਹੁੰਚ ਗਏ।
ਦਰਅਸਲ ਬੁੱਧਵਾਰ ਨੂੰ ਮੋਗਾ ਦੇ ਸਮੂਹ ਮੰਦਰਾਂ 'ਚ ਰਾਮ ਨੌਮੀ ਦਾ ਤਿਉਹਾਰ ਬੜੀ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਲੋਕ ਸਭਾ ਉਮੀਦਵਾਰ ਵੀ ਮੰਦਰਾਂ ਵਿੱਚ ਮੱਥਾ ਟੇਕਣ ਜਾ ਰਹੇ ਹਨ। ਬੁੱਧਵਾਰ ਨੂੰ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਮੋਗਾ ਦੇ ਕਸਬਾ ਧਰਮਕੋਟ ਸਥਿਤ ਮੰਦਰ 'ਚ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਕਿਸਾਨਾਂ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ। ਕਿਸਾਨਾਂ ਨੇ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਬੀਜੇਪੀ ਖਿਲਾਫ ਨਾਅਰੇਬਾਜ਼ੀ ਕੀਤੀ।
ਕਿਸਾਨ ਆਗੂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਹਰਿਆਣਾ ਦੀ ਸਰਹੱਦ 'ਤੇ ਕਿਸਾਨਾਂ 'ਤੇ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਕਿਸਾਨ ਸ਼ਹੀਦ ਵੀ ਹੋ ਗਏ। ਅੱਜ ਅਸੀਂ ਸਾਰੇ ਕਿਸਾਨਾਂ ਤੇ ਆਮ ਲੋਕਾਂ ਨੂੰ ਭਾਜਪਾ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ। ਜੇਕਰ ਕੋਈ ਭਾਜਪਾ ਵਰਕਰ ਕਿਸੇ ਵੀ ਪਿੰਡ ਵਿੱਚ ਜਾ ਕੇ ਵੋਟਾਂ ਮੰਗਦਾ ਹੈ ਤਾਂ ਉਨ੍ਹਾਂ ਦਾ ਇਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ।
ਦੱਸ ਦੇਈਏ ਕਿ ਹੰਸ ਰਾਜ ਹੰਸ ਫਰੀਦਕੋਟ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਹਨ। ਕਿਸਾਨ ਬੀਜੇਪੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਨੇ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਸੀ, ਉਸੇ ਤਰ੍ਹਾਂ ਅਸੀਂ ਵੀ ਭਾਜਪਾ ਉਮੀਦਵਾਰਾਂ ਨੂੰ ਆਪਣੇ ਇਲਾਕੇ ਵਿੱਚ ਜਾਣ ਤੋਂ ਰੋਕਾਂਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।