Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਵਿੱਚ ਆਪਣਾ 50ਵਾਂ ਜਨਮ ਦਿਨ ਮਨਾਇਆ । ਇਸ ਮੌਕੇ ਉੱਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੂਨ ਦਾਨ ਕਰਕੇ ਸ਼ਿਰਕਤ ਕੀਤੀ। ਆਮ ਆਦਮੀ ਪਾਰਟੀ ਪੰਜਾਬ ਵੱਲੋਂ 17 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੂਨਦਾਨ ਕੈਂਪ ਲਗਾਏ ਜਾਣ ਦਾ ਐਲਾਨ ਕੀਤਾ ਸੀ, ਜਿਸ ਕਰਕੇ ਅੱਜ ਹਰ ਜ਼ਿਲ੍ਹੇ ਦੇ ਵਿੱਚ ਲੋਕ ਵੱਧ ਚੜ੍ਹ ਕੇ ਖੂਨ ਦਾਨ ਕਰ ਰਹੇ ਹਨ।
ਭਗਵੰਤ ਸਿੰਘ ਮਾਨ ਨੇ ਖੂਨਦਾਨ ਨੂੰ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਦੱਸਿਆ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੂਨ ਦਾਨ ਨੂੰ ਸਭ ਤੋਂ ਵੱਡੀ ਸੇਵਾ ਦੱਸਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਹਰੇਕ ਵਿਅਕਤੀ ਆਪਣਾ ਯੋਗਦਾਨ ਪਾ ਸਕਦਾ ਹੈ ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਹਰੇਕ ਖੇਤਰ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਜਿਸ ਕਰਕੇ ਖੂਨ ਦਾਨ ਕਰਨ ਵਿੱਚ ਵੀ ਨੌਜਵਾਨਾਂ ਦੇ ਪਿੱਛੇ ਰਹਿ ਜਾਣ ਦੀ ਕੋਈ ਵਜ੍ਹਾ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਖੂਨ ਦਾਨ ਕਰਨਾ ਮਨੁੱਖਤਾ ਦੀ ਸੱਚੀ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਵੱਡੀ ਗਿਣਤੀ ਵਿੱਚ ਨੌਜਵਾਨ ਖੂਨ ਦਾਨ ਕਰਨ ਲਈ ਅੱਗੇ ਆਏ ਹਨ।
ਖੂਨ ਦਾਨੀ ਇੱਕ ਨਾਇਕ ਹੈ
ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਨੌਜਵਾਨ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਹਰ ਖੂਨ ਦਾਨੀ ਇਕ ਨਾਇਕ ਹੈ ਜਿਸ ਕਰਕੇ ਉਨ੍ਹਾਂ ਨੂੰ ਸਮੇਂ-ਸਮੇਂ ਬਾਅਦ ਖੂਨ ਦਾਨ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਨੂੰ ਸਮੇਂ-ਸਮੇਂ ਸਿਰ ਸਵੈ-ਇੱਛਾ ਨਾਲ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਆਮ ਇਲਾਜ ਖਾਸ ਕਰਕੇ ਐਮਰਜੈਂਸੀ ਇਲਾਜ ਲਈ ਖੂਨ ਦੇ ਲੋੜੀਂਦੇ ਭੰਡਾਰ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਸੇ ਵਿਅਕਤੀ ਵੱਲੋਂ ਦਾਨ ਕੀਤੀ ਗਈ ਖੂਨ ਦੀ ਇਕ ਬੂੰਦ ਵੀ ਕਿਸੇ ਮਨੁੱਖ ਦੀ ਜਾਨ ਬਚਾ ਸਕਦੀ ਹੈ, ਜਿਸ ਕਰਕੇ ਖੂਨ ਦਾਨ ਕਰਨਾ ਬਹੁਤ ਮਹੱਤਤਾ ਰੱਖਦਾ ਹੈ।