ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸ਼ਹੀਦੀ ਹਫ਼ਤੇ ਮੌਕੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀਆਂ ਅਦੁੱਤੀ ਕੁਰਬਾਨੀਆਂ ਨੂੰ ਸੀਸ ਝੁਕਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।



ਸੋਮਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ 'ਆਪ' ਆਗੂ ਨੇ ਕਿਹਾ ਕਿ ਦਸਮ ਪਾਤਸ਼ਾਹ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੇ ਇਨਸਾਨੀਅਤ ਅਤੇ ਧਰਮ ਦੀ ਰੱਖਿਆ ਲਈ ਲਾਸਾਨੀ ਸ਼ਹਾਦਤਾਂ ਦਿੱਤੀਆਂ ਜੋ ਕੁੱਲ ਦੁਨੀਆਂ ਲਈ ਮਿਸਾਲ ਹਨ। ਜ਼ੁਲਮ ਦੇ ਵਿਰੁੱਧ ਆਵਾਜ਼ ਬੁਲੰਦ ਕਰਕੇ ਅਤੇ ਧਾਰਮਿਕ ਆਜ਼ਾਦੀ ਨੂੰ ਆਪਣੀ ਜਾਨ ਨਾਲੋਂ ਵੱਧ ਅਹਿਮੀਅਤ ਦੇ ਕੇ ਉਨ੍ਹਾਂ ਮਾਨਵਤਾ ਨੂੰ ਹੱਕ ਸੱਚ ਲਈ ਲੜਨ ਦਾ ਸੁਨੇਹਾ ਦਿੱਤਾ।




ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਦਸਮੇਸ਼ ਪਿਤਾ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਜਾਣੂ ਕਰਵਾਈਏ ਜਿਨ੍ਹਾਂ ਨੇ ਛੋਟੀਆਂ ਉਮਰਾਂ ਵਿੱਚ ਹੀ ਵੱਡੀਆਂ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਖ਼ਾਲਸੇ ਦੇ ਪਿਤਾ ਨੇ ਆਪਣੇ ਪੰਥ ਤੋਂ ਪੂਰਾ ਪਰਿਵਾਰ ਵਾਰ ਦਿੱਤਾ ਅਤੇ ਅੱਜ ਅਸੀਂ ਉਨ੍ਹਾਂ ਨੂੰ ਨਮਨ ਕਰਨ ਦੇ ਨਾਲ ਨਾਲ ਹਮੇਸ਼ਾ ਹਰ ਧਰਮ ਦੇ ਸਨਮਾਨ ਅਤੇ ਲੋਕਾਂ ਦੀ ਆਜ਼ਾਦੀ ਲਈ ਆਵਾਜ਼ ਬੁਲੰਦ ਕਰਨ ਦਾ ਪ੍ਰਣ ਕਰੀਏ।


ਇਹ ਵੀ ਪੜ੍ਹੋ : ਮਾਸਕ ਲਾਉਣਾ ਹੋਇਆ ਲਾਜ਼ਮੀ ! ਸਿਨੇਮਾਘਰਾਂ, ਸਕੂਲਾਂ ਤੇ ਕਾਲਜਾਂ ਵਿੱਚ ਜਾਰੀ ਹੋਈਆਂ ਹਿਦਾਇਤਾਂ


ਦੱਸ ਦੇਈਏ ਕਿ ਓਧਰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਪਹਿਲਾ ਵੀਰ ਬਾਲ ਦਿਵਸ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਾਹਿਬਜ਼ਾਦਿਆ ਦੀ ਸ਼ਹਾਦਤ ਨੂੰ ਨਮਨ ਕਰਦੇ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰੂ ਸਾਹਿਬ ਦੇ ਬੱਚਿਆਂ ਦੀ ਸ਼ਹਾਦਤ ਸਾਰੇ ਦੇਸ਼ ਦੇ ਨੌਜਵਾਨਾਂ ਨੂੰ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ 26 ਦਸੰਬਰ ਦੇ ਦਿਨ ਹਰ ਸਾਲ ਵੀਰ ਬਾਲ ਦਿਵਸ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰੂ ਸਾਹਿਬਾਨ ਦੇ ਚਰਨਾਂ ਵਿੱਚ ਪ੍ਰਣਾਮ ਕਰਦਾ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਮੁਗਲ ਰਾਜ ਹੰਕਾਰੀ ਸੀ ਪਰ ਗੁਰੂ ਸਾਹਿਬ ਦੇ ਸਾਹਿਬਜ਼ਾਦਿਆ ਨੇ ਮੁਗਲਾਂ ਦਾ ਡੱਟ ਕੇ ਮੁਕਾਬਲਾ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਇਕ ਪਾਸੇ ਲੱਖਾਂ ਦੀ ਫ਼ੌਜ ਅੱਗੇ ਗੁਰੂ ਸਾਹਿਬ ਨੇ ਡੱਟ ਕੇ ਮੁਕਾਬਲਾ ਕੀਤਾ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।