ਅੰਮ੍ਰਿਤਸਰ: ਭਾਰਤ ਦੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਉਨ੍ਹਾਂ ਨਾਲ ਭਾਰਤ ਦੇ ਸੱਭਿਆਚਾਰਕ ਵਿਭਾਗ ਦੇ ਮੰਤਰੀ ਮਹੇਸ਼ ਸ਼ਰਮਾ ਵੀ ਮੌਜੂਦ ਸਨ। ਇਸ ਮੌਕੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦੇ ਹੋਏ ਪੁਰੀ ਨੇ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਰਕਾਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਵੱਡਾ ਫ਼ੈਸਲਾ ਲਿਆ ਹੈ।


ਪੁਰੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਇਸ ਸਬੰਧੀ ਕੰਮ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਗੁਰਦਾਸਪੁਰ ਜ਼ਿਲ੍ਹੇ ਵਿੱਚ ਕੇਂਦਰ ਸਰਕਾਰ ਵੱਲੋਂ ਵਿਰਾਸਤੀ ਪਿੰਡ ਵੀ ਬਣਾਇਆ ਜਾਵੇਗਾ ਜੋ ਡੇਰਾ ਬਾਬਾ ਨਾਨਕ ਵਿੱਚ ਬਣੇਗਾ। ਪੁਰੀ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਬਾਰੇ ਕੁਝ ਵੀ ਨਹੀਂ ਕਹਿਣਾ ਚਾਹੁੰਦੇ ਕਿਉਂਕਿ ਇਹ ਵੱਡਾ ਮਸਲਾ ਸੀ। ਇਸ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।

ਪੁਰੀ ਨੇ ਇਹ ਵੀ ਆਖਿਆ ਕਿ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਇਵਜ਼ ਵਿੱਚ ਕੋਈ ਵੀ ਮੰਗ ਭਾਰਤ ਸਰਕਾਰ ਸਾਹਮਣੇ ਨਹੀਂ ਰੱਖੀ ਗਈ। ਕੇਂਦਰੀ ਮੰਤਰੀ ਨੇ ਕਾਂਗਰਸ ਵੱਲੋਂ ਲਾਏ ਜਾ ਰਹੇ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਇਸ ਮੰਗ ਨੂੰ ਪੂਰਾ ਕਰਨ ਦਾ ਚੋਣਾਂ ਨਾਲ ਕੋਈ ਵੀ ਸਬੰਧ ਨਹੀਂ।