ਚੰਡੀਗੜ੍ਹ: ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵਧੀਆਂ ਹਨ। ਕਾਂਗਰਸ ਦੇ ਪੰਜਾਬ ਅਤੇ ਚੰਡੀਗੜ੍ਹ ਇੰਚਾਰਜ ਹਰੀਸ਼ ਚੌਧਰੀ ਨੇ ਨਵਜੋਤ ਸਿੱਧੂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨ ਲਈ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ ਹੈ।


ਹਰੀਸ਼ ਚੌਧਰੀ ਨੇ ਕਿਹਾ ਕਿ ਨਵਜੋਤ ਸਿੱਧੂ ਤੋਂ ਸਪੱਸ਼ਟੀਕਰਨ ਮੰਗਿਆ ਜਾਏ।ਸਿੱਧੂ 'ਤੇ ਪਾਰਟੀ ਤੋਂ ਵੱਖ ਚੱਲਣ ਦੇ ਆਰੋਪ ਹਨ।ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਦੀਆਂ ਐਕਟੀਵਿਟੀਜ਼ 'ਤੇ ਹਰੀਸ਼ ਚੌਧਰੀ ਨੂੰ ਇੱਕ ਨੋਟ ਭੇਜਿਆ ਸੀ ਜਿਸਦੇ ਬਾਅਦ ਚੌਧਰੀ ਨੇ ਸੋਨੀਆ ਗਾਂਧੀ ਨੂੰ ਸਿੱਧੂ ਖਿਲਾਫ ਐਕਸ਼ਨ ਲੈਣ ਲਈ ਲਿਖਿਆ ਹੈ।


ਪਾਰਟੀ ਤੋਂ ਵੱਖ ਚੱਲਣ ਦਾ ਦੌਸ਼
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਨਵਜੋਤ ਸਿੰਘ ਸਿੱਧੂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨ ਲਈ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਨੇ ਸਿੱਧੂ ਤੋਂ ਸਪੱਸ਼ਟੀਕਰਨ ਮੰਗਣ ਦੀ ਗੱਲ ਕਹੀ ਹੈ। ਸਿੱਧੂ 'ਤੇ ਪਾਰਟੀ ਤੋਂ ਵੱਖ ਚੱਲਣ ਦੇ ਆਰੋਪ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਚਿੱਠੀ ਤੋਂ ਬਾਅਦ ਕਾਂਗਰਸ ਹਾਈਕਮਾਂਡ ਸਿੱਧੂ ਖਿਲਾਫ ਕੋਈ ਠੋਸ ਕਾਰਵਾਈ ਕਰ ਸਕਦੀ ਹੈ।


ਜਦੋਂ ਹਲਕਾ ਇੰਚਾਰਜ ਹਰੀਸ਼ ਚੌਧਰੀ ਨੂੰ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਪੱਤਰ ਲਿਖਣ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਇਹ ਉਨ੍ਹਾਂ ਦੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ।


ਪਾਰਟੀ ਦੇ ਫੈਸਲਿਆਂ 'ਤੇ ਸਵਾਲ ਚੁੱਕਦੇ ਨਵਜੋਤ ਸਿੱਧੂ 
ਨਵਜੋਤ ਸਿੰਘ ਸਿੱਧੂ ਦਾ ਪੰਜਾਬ ਕਾਂਗਰਸ 'ਚ ਲਗਾਤਾਰ ਵਿਰੋਧ ਹੋ ਰਿਹਾ ਹੈ, ਕਿਉਂਕਿ ਉਹ ਪਾਰਟੀ ਦੇ ਫੈਸਲਿਆਂ 'ਤੇ ਸਵਾਲ ਉਠਾਉਂਦੇ ਰਹੇ ਹਨ ਅਤੇ ਉਨ੍ਹਾਂ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲੱਗੇ ਹਨ। ਇਸ ਤੋਂ ਪਹਿਲਾਂ ਸੋਨੀਆ ਗਾਂਧੀ ਨੇ ਪੰਜਾਬ 'ਚ ਕਾਂਗਰਸ ਦੀ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਸਿੱਧੂ ਨੇ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਕਾਂਗਰਸ ਦੀ ਹਾਰ ਤੋਂ ਬਾਅਦ ਸਿੱਧੂ 'ਤੇ ਅਜਿਹੇ ਆਰੋਪ ਲਗਾਤਾਰ ਲਾਏ ਜਾ ਰਹੇ ਹਨ।