ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Pargat Singh on Harish Rawat: ਚੰਡੀਗੜ੍ਹ: ਕਾਂਗਰਸ ਦੀ ਪੰਜਾਬ ਇਕਾਈ ਵਿੱਚ ਚੱਲ ਰਹੀ ਖਿੱਚੋਤਾਣ ਦੇ ਵਿਚਕਾਰ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਵਿਧਾਇਕ ਪਰਗਟ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਪਾਰਟੀ ਦੇ ਸੂਬੇ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਦੱਸਣਾ ਚਾਹੀਦਾ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਕਦੋਂ ਹੋਇਆ। ਹਰੀਸ਼ ਰਾਵਤ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ, ਜਿਸ ਤੋਂ ਬਾਅਦ ਉਨ੍ਹਾਂ ਨੇਤਾਵਾਂ ਵਿੱਚ ਹੰਗਾਮਾ ਹੋ ਗਿਆ ਜੋ ਅਮਰਿੰਦਰ ਸਿੰਘ ਨੂੰ ਹਟਾਉਣਾ ਚਾਹੁੰਦੇ ਹਨ।
ਪੰਜਾਬ ਕਾਂਗਰਸ ਵਿੱਚ ਆਪਣੇ ਸਿਖਰ 'ਤੇ ਪਹੁੰਚੇ ਵਿਵਾਦ ਨੇ ਹੁਣ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੂੰ ਆਪਣੇ ਲਪੇਟੇ 'ਚ ਲੈ ਲਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਨੇ ਹਰੀਸ਼ ਰਾਵਤ 'ਤੇ ਨਿਸ਼ਾਨਾ ਸਾਧਿਆ ਹੈ। ਪ੍ਰਗਟ ਸਿੰਘ ਨੇ ਸਵਾਲ ਉਠਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਬੋਲਣ ਦਾ ਅਧਿਕਾਰ ਹਰੀਸ਼ ਰਾਵਤ ਨੂੰ ਕਿਸਨੇ ਦਿੱਤਾ ਹੈ?
ਪ੍ਰਗਟ ਸਿੰਘ ਨੇ ਕਿਹਾ ਕਿ ਉਹ ਜਾਣਦੇ ਸੀ ਕਿ ਖੜਗੇ ਕਮੇਟੀ, ਜਿਸ ਦੇ ਸਾਹਮਣੇ ਉਹ ਖੁਦ ਪੇਸ਼ ਹੋਏ ਨੇ ਫੈਸਲਾ ਕੀਤਾ ਸੀ ਕਿ ਚੋਣਾਂ ਦਾ ਐਲਾਨ ਕਰਨ ਦਾ ਅਧਿਕਾਰ ਸਿਰਫ ਸੋਨੀਆ ਗਾਂਧੀ ਕੋਲ ਹੈ। ਹੁਣ ਸਿਰਫ ਹਰੀਸ਼ ਰਾਵਤ ਹੀ ਦੱਸਣ ਕਿ ਆਖਿਰ ਉਨ੍ਹਾਂ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਐਲਾਨ ਕਰਨ ਦਾ ਅਧਿਕਾਰ ਕਿਸ ਨੇ ਦਿੱਤਾ ਹੈ।
ਪ੍ਰਗਟ ਸਿੰਘ ਨੇ ਕਿਹਾ ਕਿ ਹਰੀਸ਼ ਰਾਵਤ ਦੇ ਇਸ ਐਲਾਨ ਨੇ ਪੰਜਾਬ ਦੇ ਵੋਟਰਾਂ ਨੂੰ ਸਿੱਧਾ ਪ੍ਰਭਾਵਿਤ ਕੀਤਾ ਹੈ। ਪਰਗਟ ਸਿੰਘ ਨੇ ਇੱਕ ਵਾਰ ਫਿਰ ਨਵਜੋਤ ਸਿੰਘ ਸਿੱਧੂ ਦਾ ਪੱਖ ਲਿਆ ਅਤੇ ਕਿਹਾ ਕਿ ਜੋ ਗੱਲਾਂ ਸਿੱਧੂ ਵੱਲੋਂ ਪਿਛਲੇ ਦਿਨੀਂ ਕਹੀਆਂ ਗਈਆਂ ਹਨ ਉਹ ਸ਼ਾਇਦ ਹਰੀਸ਼ ਰਾਵਤ ਬਾਰੇ ਹਨ। ਨਵਜੋਤ ਸਿੱਧੂ ਸੋਨੀਆ ਗਾਂਧੀ ਜਾਂ ਪਾਰਟੀ ਲੀਡਰਸ਼ਿਪ ਬਾਰੇ ਗੱਲ ਨਹੀਂ ਕਰ ਰਹੇ ਸੀ।
ਪਰਗਟ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਪਿਛਲੇ ਦਿਨੀਂ ਅੰਮ੍ਰਿਤਸਰ ਵਿੱਚ ਕਿਹਾ ਸੀ ਕਿ ਜੇਕਰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਫੈਸਲੇ ਲੈਣ ਦਾ ਅਧਿਕਾਰ ਨਾ ਦਿੱਤਾ ਤਾਂ ਉਹ ਉਨ੍ਹਾਂ ਦੀ ਇੱਟ ਨਾਲ ਇੱਟ ਵਜਾਂ ਦੇਣਗੇ। ਪਰਗਟ ਨੇ ਕਿਹਾ ਕਿ ਬਿਜਲੀ ਸਮਝੌਤੇ ਨੂੰ ਰੱਦ ਕਰਨ ਦਾ ਫੈਸਲਾ ਵੀ ਧਿਆਨ ਨਾਲ ਵਿਚਾਰ ਕਰਨ ਤੋਂ ਬਾਅਦ ਲਿਆ ਜਾਣਾ ਚਾਹੀਦਾ ਹੈ। ਅਜਿਹਾ ਨਾ ਹੋਵੇ ਕਿ ਕਾਨੂੰਨੀ ਲੜਾਈ ਲੜਨ ਤੋਂ ਬਾਅਦ ਵੀ ਕਰੋੜਾਂ ਰੁਪਏ ਖਰਚ ਹੋ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਏ ਗਏ ਫੈਸਲੇ ਸੀਲਬੰਦ ਕਵਰ ਵਿੱਚ ਨਹੀਂ ਹੋਣੇ ਚਾਹੀਦੇ, ਬਲਕਿ ਸਾਰਿਆਂ ਦੇ ਸਾਹਮਣੇ ਕੀਤੇ ਜਾਣੇ ਚਾਹੀਦੇ ਹਨ।
ਦੱਸ ਦੇਈਏ ਕਿ ਪ੍ਰਗਟ ਸਿੰਘ ਨਵਜੋਤ ਸਿੰਘ ਸਿੱਧੂ ਦੇ ਨਾਲ ਸ਼ੁਰੂ ਤੋਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਹਮਲਾਵਰ ਰਹੇ ਹਨ। ਇਹੀ ਕਾਰਨ ਹੈ ਕਿ ਸਿੱਧੂ ਨੇ ਪੰਜਾਬ ਕਾਂਗਰਸ ਦੀ ਵਾਗਡੋਰ ਸੰਭਾਲਦਿਆਂ ਹੀ ਪਰਗਟ ਸਿੰਘ ਨੂੰ ਪਾਰਟੀ ਦਾ ਪੰਜਾਬ ਜਨਰਲ ਸਕੱਤਰ ਨਿਯੁਕਤ ਕਰ ਦਿੱਤਾ। ਸਾਬਕਾ ਹਾਕੀ ਕਪਤਾਨ ਪ੍ਰਗਟ ਪਹਿਲਾਂ ਅਕਾਲੀ ਦਲ ਵਿੱਚ ਸੀ ਪਰ ਬਾਅਦ ਵਿੱਚ ਉਨ੍ਹਾਂ ਨੇ ਅਕਾਲੀ ਲੀਡਰਸ਼ਿਪ ਵੱਲ ਉਂਗਲੀਆਂ ਉਠਾਉਣੀਆਂ ਸ਼ੁਰੂ ਕਰ ਦਿੱਤੀਆਂ।
ਬਾਅਦ ਵਿੱਚ ਪ੍ਰਗਟ ਸਿੰਘ ਨੇ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ। ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨਾਲ ਮਿਲ ਕੇ ਚੌਥਾ ਫਰੰਟ ਆਵਾਜ਼-ਏ-ਪੰਜਾਬ ਦਾ ਗਠਨ ਕੀਤਾ ਸੀ। ਹਾਲਾਂਕਿ, ਇਹ ਮੋਰਚਾ ਜ਼ਿਆਦਾ ਦੇਰ ਤੱਕ ਨਹੀਂ ਚੱਲ ਸਕਿਆ। ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਵਿੱਚ ਸ਼ਾਮਲ ਹੋ ਗਏ ਅਤੇ ਪ੍ਰਗਟ ਸਿੰਘ ਵੀ ਕਾਂਗਰਸ ਵਿੱਚ ਪਹੁੰਚ ਗਏ। ਹੁਣ ਇਸੇ ਤਰਜ਼ 'ਤੇ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸਿੱਧੂ ਅਤੇ ਪ੍ਰਗਟ ਸਿੰਘ ਦੀ ਜੋੜੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਦੇ ਹੋਰ ਨੇਤਾਵਾਂ 'ਤੇ ਹਮਲਾ ਕਰ ਰਹੀ ਹੈ।
ਇਹ ਵੀ ਪੜ੍ਹੋ: Taliban News: ਤਾਲਿਬਾਨ ਦੇ ਟੌਪ ਕਮਾਂਡਰ ਨੇਤਾ ਸ਼ੇਰ ਮੁਹੰਮਦ ਸਤਾਨਿਕਜ਼ਈ ਨੇ ਭਾਰਤ ਨਾਲ ਸਬੰਧਾਂ ਬਣਾਉਣ ਲਈ ਦਿੱਤਾ ਇਹ ਬਿਆਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin