Punjab News: ਹੁਣ ਹਰ ਕਿਸੇ ਨੂੰ ਸਿਰੋਪੇ ਨਹੀਂ ਦਿੱਤੇ ਜਾ ਸਕਣਗੇ। ਇਸ ਲਈ ਸ਼੍ਰੋਮਣੀ ਕਮੇਟੀ ਨੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਅੰਤਰਿਗ ਕਮੇਟੀ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਵਿੱਚ ਸਿਰੋਪੇ ਦੀ ਸੁਚੱਜੀ ਵਰਤੋਂ ਲਈ ਵੀ ਨਿਯਮ ਤੈਅ ਕੀਤੇ ਗਏ ਹਨ। ਹੁਣ ਹਰ ਵਿਦਿਅਕ ਅਦਾਰੇ ਅੰਦਰ ਸਿਰੋਪਾਓ, ਲੋਈ ਤੇ ਸਨਮਾਨ ਚਿੰਨ੍ਹ ਦੀ ਥਾਂ ਕੇਵਲ ਪੁਸਤਕਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਗੁਰਦੁਆਰਿਆਂ ਵਿੱਚ ਵੀ ਸਿਰੋਪੇ ਦੀ ਵਰਤੋਂ ਵਿੱਚ ਸੰਕੋਚ ਕਰਦਿਆਂ ਗੁਰਮਤਿ ਭਾਵਨਾਵਾਂ ਅਨੁਸਾਰ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਕੇਵਲ ਪੰਥਕ ਕਾਰਜਾਂ ਲਈ ਯੋਗਦਾਨ ਪਾਉਣ ਵਾਲਿਆਂ ਨੂੰ ਸਿਰੋਪਾਓ ਦਿੱਤਾ ਜਾਵੇਗਾ, ਜਦਕਿ ਬਾਕੀ ਸਤਿਕਾਰਤ ਸ਼ਖ਼ਸੀਅਤਾਂ ਨੂੰ ਪੁਸਤਕਾਂ ਭੇਟ ਕੀਤੀਆਂ ਜਾਣਗੀਆਂ।

ਦੱਸ ਦਈਏ ਕਿ ਪਿਛਲੇ ਕੁਝ ਸਮੇਂ ਤੋਂ ਸਿਰੋਪਾਓ ਦੇਣ ਨੂੰ ਲੈ ਕੇ ਨਿਯਮ ਬਣਾਉਣ ਦੀ ਮੰਗ ਚੱਲ ਰਹੀ ਸੀ। ਇਸ ਲਈ ਸ਼੍ਰੋਮਣੀ ਕਮੇਟੀ ਉੱਪਰ ਦਬਾਅ ਬਣਾਇਆ ਜਾ ਰਿਹਾ ਸੀ। ਇਹ ਮੰਗ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਵੀ ਪਹੁੰਚੀ ਸੀ। ਇਸ ਲਈ ਸ਼੍ਰੋਮਣੀ ਕਮੇਟੀ ਨੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਨਿਯਮਾਂ ਮੁਤਾਬਕ ਹੁਣ ਹਰ ਕਿਸੇ ਨੂੰ ਸਿਰੋਪੇ ਨਹੀਂ ਦਿੱਤੇ ਜਾ ਸਕਣਗੇ।

ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬੀਤੇ ’ਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ, ਜਿਸ ਨੂੰ ਲੈ ਕੇ ਮੁੜ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਇਹ ਫੈਸਲਾ ਲਾਗੂ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸਿੱਖ ਇਤਿਹਾਸ ਦਾ ਅਹਿਮ ਪੰਨਾ ਹੈ, ਜਿਸ ਨੂੰ ਸਿੱਖ ਵਿਰਸੇ ਤੇ ਗੁਰਮਤਿ ਦੀ ਭਾਵਨਾ ਅਨੁਸਾਰ ਹੀ ਮਨਾਇਆ ਜਾਣਾ ਚਾਹੀਦਾ ਹੈ। ਇਸ ਲਈ ਭਾਰਤ ਸਰਕਾਰ ਇਸ ਦਿਹਾੜੇ ਦਾ ਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕੀਤੀ ਕਮੇਟੀ ਦੇ ਸੁਝਾਅ ਅਨੁਸਾਰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਦਾ ਐਲਾਨ ਕਰੇ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।