Punjab News: ਪੰਜਾਬ ਅਤੇ ਹਰਿਆਣਾ ਵਿਚਾਲੇ ਪਾਣੀ ਦੇ ਮੁੱਦੇ ਨੂੰ ਲੈਕੇ ਵਿਵਾਦ ਵਧਦਾ ਹੀ ਜਾ ਰਿਹਾ ਹੈ। ਇਸ ਨੂੰ ਲੈਕੇ ਸਿਆਸੀ ਆਗੂ ਇੱਕ-ਦੂਜੇ ‘ਤੇ ਹਮਲਾਵਰ ਹੋ ਰਹੇ ਹਨ। ਹਾਲ ਹੀ ਵਿੱਚ ਹਰਿਆਣਾ ਵਲੋਂ ਪਾਣੀ ਦੀ ਘਾਟ ਦੀ ਸ਼ਿਕਾਇਤ ਮਗਰੋਂ ਦੋਹਾਂ ਰਾਜਾਂ ਵਿਚਾਲੇ ਬਿਆਨਬਾਜ਼ੀ ਦਾ ਸਿਲਸਿਲਾ ਜਾਰੀ ਹੈ।

ਉੱਥੇ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਟਵੀਟ ਕਰਕੇ ਲਿਖਿਆ, ''ਪੰਜਾਬ ਦਾ ਪਾਣੀ ਸਾਡੇ ਲੋਕਾਂ ਦੀ ਜੀਵਨ ਰੇਖਾ ਹੈ- ਇੱਕ ਵੀ ਬੂੰਦ ਗੈਰ-ਕਾਨੂੰਨੀ ਢੰਗ ਨਾਲ ਹਰਿਆਣਾ ਨੂੰ ਨਹੀਂ ਜਾਣ ਦਿੱਤੀ ਜਾਵੇਗੀ। ਇਹ ਪੰਜਾਬ ਦੇ ਹੱਕਾਂ ਦੀ ਲੜਾਈ ਹੈ, ਅਤੇ ਅਸੀਂ ਇਸਦੇ ਹਰ ਇੱਕ ਅੰਸ਼ ਦੀ ਰੱਖਿਆ ਕਰਾਂਗੇ।''

ਦੱਸ ਦਈਏ ਉੱਥੇ ਹੀ ਦੂਜੇ ਪਾਸੇ ਅੰਮ੍ਰਿਤਸਰ ਵਿੱਚ ਆਪ ਆਗੂਆਂ ਨੇ ਭਾਜਪਾ ਆਗੂ ਦੇ ਘਰ ਨੂੰ ਘੇਰਿਆ ਹੋਇਆ ਅਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਅੰਮ੍ਰਿਤਸਰ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਦੀ ਅਗਵਾਈ ਹੇਠ 'ਆਪ' ਵਿਧਾਇਕਾਂ ਅਤੇ ਵਰਕਰਾਂ ਨੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦੇ ਘਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਜ਼ਬਰਦਸਤੀ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇ ਰਹੀ ਹੈ। ਕੈਬਨਿਟ ਮੰਤਰੀਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਬੀਬੀਐਮਬੀ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇ ਕੇ ਪੰਜਾਬ ਨਾਲ ਧੋਖਾ ਕੀਤਾ ਹੈ।

ਮੰਤਰੀਆਂ ਨੇ ਕਿਹਾ ਕਿ ਹਰਿਆਣਾ ਨੂੰ ਪਹਿਲਾਂ ਹੀ ਆਪਣਾ ਪਾਣੀ ਮਿਲ ਰਿਹਾ ਹੈ। ਪੰਜਾਬ ਦੇ ਕਿਸਾਨ ਪਾਣੀ ਦੀ ਹਰ ਬੂੰਦ ਲਈ ਤਰਸ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪੰਜਾਬ ਦੇ ਕਿਸਾਨਾਂ ਤੋਂ ਬਦਲਾ ਲੈ ਰਹੀ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀ ਇਹ ਕਾਰਵਾਈ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਹੈ।

ਪੰਜਾਬ ਦਾ ਪਾਣੀ ਹਰਿਆਣਾ ਨੂੰ ਨਹੀਂ ਦੇਣਾ ਚਾਹੀਦਾ: ਆਪ ਆਗੂ

ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਪੰਜਾਬ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਇਹ ਮਾਮਲਾ ਆਪਣੀ ਉੱਚ ਲੀਡਰਸ਼ਿਪ ਦੇ ਸਾਹਮਣੇ ਰੱਖਣਾ ਚਾਹੀਦਾ ਹੈ ਕਿ ਪੰਜਾਬ ਦਾ ਪਾਣੀ ਹਰਿਆਣਾ ਨੂੰ ਨਹੀਂ ਦੇਣਾ ਚਾਹੀਦਾ।