ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਠੇਕਾ ਮੁਲਾਜ਼ਮਾਂ ਨੂੰ 30 ਸਤੰਬਰ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਯੂਨੀਅਨਾਂ ਦੇ ਆਗੂਆਂ ਨੇ ਕਿਹਾ ਕਿ ਸੰਘਰਸ਼ ਮੋਰਚੇ ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਵਿੱਚ ਰੈਗੂਲਰ ਕਰਨ ਅਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵਿੱਚ ਆਪਣੇ ਪਰਿਵਾਰਾਂ ਸਮੇਤ ਮੁੱਖ ਮਾਰਗ ਜਾਮ ਕਰਕੇ ਲੜੀਵਾਰ ਸੰਘਰਸ਼ ਵਿੱਢਣ ਦੇ ਐਲਾਨ ਤੋਂ ਬਾਅਦ ਸਰਕਾਰ ਨੇ ਆਪਣੀ ਜ਼ਿੱਦ ਛੱਡ ਕੇ ਠੇਕਾ ਮੁਲਾਜ਼ਮਾਂ ਵੱਲ ਇੱਕ ਕਦਮ ਅੱਗੇ ਵਧਾਉਂਦਿਆਂ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਹੈ, ਜਦੋਂਕਿ ਇਸ ਤੋਂ ਪਹਿਲਾਂ ਕੋਈ ਅਧਿਕਾਰੀ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਸੀ।



ਵਿੱਤ ਮੰਤਰੀ ਅਤੇ ਹੋਰ ਉੱਚ ਅਧਿਕਾਰੀਆਂ ਨੇ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਨਾਲ ਵੱਖਰੇ ਤੌਰ ’ਤੇ ਮੀਟਿੰਗਾਂ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਵਿੱਚ ਆਊਟਸੋਰਸ, ਇਨਲਿਸਟਮੈਂਟ, ਠੇਕੇਦਾਰਾਂ, ਕੰਪਨੀਆਂ ਅਤੇ ਸੁਸਾਇਟੀਆਂ ਰਾਹੀਂ ਕੰਮ ਕਰਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਵਿੱਤ ਮੰਤਰੀ ਅੱਗੇ ਰੱਖੀਆਂ। ਉਨ੍ਹਾਂ ਵਿੱਤ ਮੰਤਰੀ ਨੂੰ ਦੱਸਿਆ ਕਿ ਆਊਟਸੋਰਸ ਅਤੇ ਇਨਲਿਸਟਮੈਂਟ ਭਰਤੀ ਦੀ ਨੀਤੀ ਕਿਵੇਂ ਠੇਕਾ ਮੁਲਾਜ਼ਮਾਂ ਦਾ ਖੂਨ ਚੂਸ ਰਹੀ ਹੈ? ਦੂਜੇ ਪਾਸੇ ਪ੍ਰਾਈਵੇਟ ਕੰਪਨੀਆਂ ਠੇਕੇਦਾਰ ਸਰਕਾਰੀ ਖ਼ਜ਼ਾਨੇ ਦੀ ਅੰਨ੍ਹੀ ਲੁੱਟ ਕਰਕੇ ਸਰਕਾਰੀ ਅਦਾਰਿਆਂ ਨੂੰ ਬਰਬਾਦੀ ਵੱਲ ਧੱਕ ਰਹੇ ਹਨ।

ਆਗੂਆਂ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਠੇਕਾ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਮੁਲਾਜ਼ਮ ਪੱਖੀ ਦਲੀਲਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ 30 ਸਤੰਬਰ ਤੱਕ ਸੰਘਰਸ਼ ਕਮੇਟੀ ਦੇ ਮੋਹਰੀ ਆਗੂਆਂ ਨਾਲ ਇੱਕ ਵਾਰ ਫਿਰ ਮੀਟਿੰਗ ਕਰਕੇ ਜਾਇਜ਼ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਹੋਈਆਂ ਕੁੱਲ ਸਹਿਮਤੀਆਂ ਦੀ ਪ੍ਰੋਸੀਡਿੰਗ 15 ਸਤੰਬਰ ਤੱਕ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਦੇਣ ਦਾ ਵੀ ਭਰੋਸਾ ਦਿੱਤਾ।

 

 ਸਰਕਾਰੀ ਭਰੋਸੇ ਤੋਂ ਬਾਅਦ ਸੰਘਰਸ਼ ਕਮੇਟੀ ਨੇ ਅੱਜ ਤੋਂ ਸ਼ੁਰੂ ਕੀਤੇ ਜਾਣ ਵਾਲਾ ਲੜੀਵਾਰ ਸੰਘਰਸ਼ 30 ਸਤੰਬਰ ਤੱਕ ਮੁਲਤਵੀ ਕਰ ਦਿੱਤਾ। ਆਗੂਆਂ ਨੇ ਕਿਹਾ ਕਿ ਜੇਕਰ 30 ਸਤੰਬਰ ਤੱਕ ਸਰਕਾਰ ਨੇ ਆਪਣੇ ਵਾਅਦੇ ਅਨੁਸਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਵਿਰੁੱਧ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ। ਇਸ ਸਬੰਧੀ 5 ਅਕਤੂਬਰ ਨੂੰ ਦਸਹਿਰੇ ਮੌਕੇ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਜਾਣਗੇ ਅਤੇ 7 ਅਕਤੂਬਰ ਨੂੰ ਧੂਰੀ ਵਿੱਚ ਮੁੱਖ ਮਾਰਗ ਜਾਮ ਕਰਕੇ ਹੁਕਮਰਾਨਾਂ ਦਾ ਪਿੱਟ ਸਿਆਪਾ ਕੀਤਾ ਜਾਵੇਗਾ।