ਲੁਧਿਆਣਾ: ਆਮ ਆਦਮੀ ਪਾਰਟੀ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਨਵਜੋਤ ਸਿੱਧੂ ਨੂੰ ਦਿੱਤਾ ਆਮ ਆਧਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੀ ਸਿੱਧੂ ਨੂੰ ਪੀਡੀਏ ਵਿੱਚ ਬਤੌਰ ਮੁੱਖ ਮੰਤਰੀ ਉਮੀਦਵਾਰ ਆਉਣ ਦੀ ਪੇਸ਼ਕਸ਼ ਕਰ ਚੁੱਕੇ ਹਨ।

ਲੋਕ ਸਭਾ ਚੋਣਾਂ ਦੇ ਵਿੱਚ ਮਾੜੇ ਪ੍ਰਦਰਸ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਚਿੰਤਨ ਕਰਨ ਲਈ ਅੱਜ ਲੁਧਿਆਣਾ ਵਿੱਚ ਬੈਠਕ ਰੱਖੀ ਗਈ, ਜਿਸ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਸਣੇ ਆਮ ਆਦਮੀ ਪਾਰਟੀ ਪੰਜਾਬ ਦੀ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਜਿੱਥੇ ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਉੱਥੇ ਹੀ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਵੀ ਸੱਦਾ ਦਿੱਤਾ।

ਚੀਮਾ ਨੇ ਕਿਹਾ ਕਿ ਇਸ ਬੈਠਕ ਦੇ ਵਿੱਚ ਮੁੱਖ ਤੌਰ 'ਤੇ ਲੁਧਿਆਣਾ ਦੇ ਜਿਹੜੇ ਜਿਹੜੇ ਖੇਤਰ ਵਿੱਚ ਆਮ ਆਦਮੀ ਪਾਰਟੀ ਪਛੜੀ ਹੈ ਉਸ ਦੇ ਚਿੰਤਨ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ, ਇਸ ਮੌਕੇ ਉਨ੍ਹਾਂ ਮੁਕਤਸਰ ਦੇ ਵਿੱਚ ਇੱਕ ਔਰਤ ਨਾਲ ਕਾਂਗਰਸੀ ਕੌਂਸਲਰ ਦੇ ਭਰਾ ਵੱਲੋਂ ਕੀਤੀ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ।

ਹਰਪਾਲ ਚੀਮਾ ਨੇ ਬਿਜਲੀ ਦੀਆਂ ਵਧੀਆਂ ਦਰਾਂ ਬਾਰੇ ਵੀ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਵੀ ਦਿੱਲੀ ਦੀ ਤਰਜ਼ ਤੇ ਬਿਜਲੀ ਦੀਆਂ ਕੀਮਤਾਂ 'ਚ ਕਟੌਤੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਆਮ ਆਦਮੀ ਪਾਰਟੀ ਬਿਜਲੀ ਅੰਦੋਲਨ ਵੀ ਸ਼ੁਰੂ ਕਰੇਗੀ। ਚੀਮਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਬਿਜਲੀ ਮਹਿਕਮੇ ਦੇ ਸੁਧਾਰ ਲਈ ਵਿਭਾਗ ਦਾ ਕਾਰਜਕਾਲ ਸੰਭਾਲਣਾ ਚਾਹੀਦਾ ਹੈ। ਉੱਧਰ ਸਿਮਰਜੀਤ ਬੈਂਸ ਵੱਲੋਂ ਸਿੱਧੂ ਨੂੰ 2022 ਵਿਧਾਨ ਸਭਾ ਚੋਣਾਂ ਦਾ ਮੁੱਖ ਮੰਤਰੀ ਚਿਹਰਾ ਬਣਾਉਣ ਬਾਰੇ ਟਿੱਪਣੀ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਉਹ ਮੁਹੱਲਾ ਪਾਰਟੀ ਹੈ ਪਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਪਰ 'ਆਪ' ਸਿੱਧੂ ਨੂੰ ਕਿਹੜਾ ਅਹੁਦਾ ਦੇਵੇਗੀ, ਇਸ ਬਾਰੇ ਉਨ੍ਹਾਂ ਕੋਈ ਜਾਣਕਾਰੀ ਨਹੀਂ ਦਿੱਤੀ ਹੈ।