ਚੰਡੀਗੜ੍ਹ: ਰੁਜਗਾਰ ਦੀ ਮੰਗ ਨੂੰ ਲੈ ਕੇ ਬਹਾਦਰਗੜ੍ਹ ਵਿੱਚ ਈਟੀਟੀ ਅਧਿਆਪਕ ਪਾਣੀ ਵਾਲੀ ਟੈਂਕੀ ਉੱਪਰ ਡਟੇ ਹੋਏ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਰੁਜਗਾਰ ਦਿੱਤਾ ਜਾਵੇ, ਨਹੀਂ ਤਾਂ ਉਹ ਸਖਤ ਕਦਮ ਚੁੱਕਣ ਲਈ ਮਜਬੂਰ ਹੋਣਗੇ। ਉਧਰ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਵੀ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਹਮਾਇਤ ਦਿੱਤੀ ਹੈ।
ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਅੱਜ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ’ਤੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਅਣਦੇਖਿਆਂ ਕਰਨ ਦਾ ਇਲਜ਼ਾਮ ਲਾਉਂਦਿਆਂ ਸੂਬਾ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਈਟੀਟੀ ਦੀਆਂ ਖ਼ਾਲੀ ਪੋਸਟਾਂ ਭਰ ਕੇ ਚੋਣਾਂ ਤੋਂ ਪਹਿਲਾਂ ਹਰ ਘਰ ਰੁਜ਼ਗਾਰ ਦਾ ਵਾਅਦਾ ਪੂਰਾ ਕਰੇ।
ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਲੋਕ ਮੁੱਦਿਆਂ ਤੋਂ ਧਿਆਨ ਹਟਾ ਕੇ ਗੂੜ੍ਹੀ ਨੀਂਦ ਸੁੱਤੀ ਪਈ ਹੈ। ਕੈਪਟਨ ਅਮਰਿੰਦਰ ਸਿੰਘ ’ਤੇ ਵਾਪਰ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਕਾਰੇ ਤੇ ਨਖਿੱਧ ਹੋ ਚੁੱਕੇ ਹਨ। ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਭਾਵਨਾਵਾਂ ਦੀ ਕੋਈ ਕਦਰ ਨਹੀਂ ਹੈ।
ਚੀਮਾ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਵਿੱਚ ਕਰੀਬ 12 ਹਜ਼ਾਰ ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ ਹਨ ਅਤੇ 14 ਹਜ਼ਾਰ ਦੇ ਕਰੀਬ ਟੈੱਟ ਪਾਸ ਬੇਰੁਜ਼ਗਾਰ ਹਨ ਪਰ ਸਰਕਾਰ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਨੌਕਰੀਆਂ ਦੀ ਘਾਟ ਕਾਰਨ ਨੌਜਵਾਨ ਜਾਂ ਤਾਂ ਨਸ਼ਿਆਂ ਵਿੱਚ ਫਸ ਰਹੇ ਹਨ ਜਾਂ ਹਰ ਹੀਲਾ ਵਰਤ ਕੇ ਵਿਦੇਸ਼ ਭੱਜ ਰਹੇ ਹਨ।