Punjab News: ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਇਜ਼ਾ ਲਿਆ ਤੇ ਜਾਣਿਆ ਕਿ ਜਾਰੀ ਕੀਤਾ ਗਿਆ ਫੰਡ ਕਿਹੜੇ ਕੰਮਾਂ ਵਿੱਚ ਲਾਇਆ ਜਾ ਰਿਹਾ ਹੈ।
ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਮੀਡੀਆ ਦੇ ਮੁਖਾਤਬ ਹੁੰਦਿਆਂ ਕਿਹਾ ਕਿ ਮੀਟਿੰਗ ਕਰਕੇ ਜਾਇਜ਼ਾ ਲਿਆ ਗਿਆ ਹੈ ਕਿ ਸਰਕਾਰ ਦੀਆਂ ਸਕੀਮਾਂ ਦਾ ਲੋਕਾਂ ਤੱਕ ਫ਼ਾਇਦਾ ਪਹੁੰਚ ਰਿਹਾ ਹੈ ਜਾਂ ਨਹੀਂ। ਇਸ ਮੌਕੇ ਉਨ੍ਹਾਂ ਵਰਤੇ ਜਾ ਰਹੇ ਫੰਡ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੱਤਾ ਵਿੱਚ ਆਈ ਉਸ ਤੋਂ ਪਹਿਲਾਂ ਬਿਜਲੀ ਦੇ ਲੰਬੇ-ਲੰਬੇ ਕੱਟ ਲੱਗ ਰਹੇ ਸੀ। ਸਰਕਾਰ ਆਉਣ ਤੋਂ ਬਾਅਦ ਅਸੀਂ ਥਰਮਲ ਪਲਾਂਟ ਲਾਏ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਗਰਿੱਡ ਤੇ ਟ੍ਰਾਂਸਫਾਰਮਰ ਲਾਏ, ਇਨ੍ਹਾਂ ਸਭ ਚੀਜ਼ਾਂ ਦਾ ਕਾਰਨ ਪੰਜਾਬ ਇੱਕ ਬਿਜਲੀ ਸਰਪਲਸ ਸੂਬਾ ਬਣ ਗਿਆ ਸੀ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਨੂੰ 2017 ਵਿੱਚ ਜਿਸ ਹਾਲਤ ਵਿੱਚ ਛੱਡਿਆ ਸੀ ਉਸ ਤੋਂ ਹਾਲਤ ਬਹੁਤ ਖ਼ਰਾਬ ਹੋ ਗਈ ਹੈ, ਸਰਕਾਰ ਨੇ ਉਸ ਤੋਂ ਬਾਅਦ ਇੱਕ ਵੀ ਯੂਨਿਟ ਨਹੀਂ ਲਾਇਆ ਤੇ ਜਾਣ ਬੁੱਝ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਰੁੱਧ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਪੰਜਾਬ ਲਈ ਕੁਝ ਵੀ ਨਹੀਂ ਕੀਤਾ।
ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਨਸ਼ੇ ਦੇ ਮੁੱਦੇ ਉੱਤੇ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਪ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਬਹੁਤ ਵਾਅਦੇ ਕੀਤੇ ਸੀ ਕਿ ਸੱਤਾ ਵਿੱਚ ਆਉਂਦਿਆਂ ਹੀ ਨਸ਼ਾ ਖ਼ਤਮ ਕਰ ਦਿੱਤਾ ਜਾਵੇਗਾ ਪਰ ਇਨ੍ਹਾਂ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਬਾਦਲ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ਾ ਵਿਕ ਰਿਹਾ ਹੈ। ਵਿਧਾਇਕਾਂ ਦੇ ਘਰਾਂ ਵਿੱਚ ਵਿਕ ਰਿਹਾ ਹੈ, ਇਹ ਨਸ਼ਾ ਸਾਡਾ ਤਾਂ ਨਹੀਂ ਹੈ ਇਹ ਤਾਂ ਸਰਕਾਰ ਦਾ ਨਸ਼ਾ ਹੈ। ਉਨ੍ਹਾਂ ਕਿਹਾ ਕਿ ਅੱਜ ਅਖ਼ਬਾਰਾਂ ਦੀਆਂ ਸੁਰਖੀਆਂ ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ਨਾਲ ਭਰੀਆਂ ਹੋਈਆਂ ਹਨ।
ਇਸ ਮੌਕੇ ਉਨ੍ਹਾਂ ਪੁਲਿਸ ਦੀ ਭਰਤੀ ਬਾਰੇ ਚੱਲ ਰਹੇ ਵਿਵਾਦ ਬਾਰੇ ਸਵਾਲ ਪੁੱਛਦਿਆਂ ਕਿਹਾ ਕਿ ਪੰਜਾਬ ਵਿੱਚ ਨੌਜਵਾਨ ਬੇਰੁਜ਼ਗਾਰ ਹਨ ਪਰ ਹਰਿਆਣਾ ਤੋਂ ਲਿਆ ਕੇ ਨੌਜਵਾਨਾਂ ਨੂੰ ਪੁਲਿਸ ਵਿੱਚ ਭਰਤੀ ਕੀਤਾ ਜਾ ਰਿਹਾ ਹੈ।