ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਕਵਾਇਦ ਤੇਜ਼ ਹੋ ਗਈ ਹੈ। ਪਾਕਿਸਾਨ ਵੱਲੋਂ ਭਾਰਤ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅਪੀਲ ਕਰਨ ਮਗਰੋਂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਇਸ ਦਾ ਪੱਕਾ ਹੱਲ ਦੱਸਿਆ ਹੈ। ਉਨ੍ਹਾਂ ਨੇ ਭਾਰਤ ਤੇ ਪਾਕਿਸਤਾਨ ਦਰਮਿਆਨ ਜ਼ਮੀਨ ਦੀ ਅਦਲਾ-ਬਦਲੀ ਦੀ ਤਜਵੀਜ਼ ਪੇਸ਼ ਕੀਤੀ ਹੈ।



ਹਰਸਿਮਰਤ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਨਿੱਜੀ ਦਖ਼ਲ ਦੇ ਕੇ ਭਾਰਤ ਤੇ ਪਾਕਿਸਤਾਨ ਦਰਮਿਆਨ ਜ਼ਮੀਨ ਦੀ ਅਦਲਾ-ਬਦਲੀ ਕਰਵਾ ਕੇ ਕਰਤਾਰਪੁਰ ਸਾਹਿਬ ਵਿੱਚ ਪਵਿੱਤਰ ਗੁਰਧਾਮ ਭਾਰਤ ਵਿੱਚ ਸ਼ਾਮਲ ਕਰਵਾਉਣ ਤੇ ਉਸ ਬਦਲੇ ਹੁਸੈਨੀਵਾਲਾ ਬਾਰਡਰ ਦੇ ਪਿੰਡ ਦੀ ਕੁਝ ਜ਼ਮੀਨ ਪਾਕਿਸਤਾਨ ਨੂੰ ਦੇਣ ਦੀ ਤਜਵੀਜ਼ ਨੂੰ ਅਮਲੀਜਾਮਾ ਪਹਿਨਾਉਣ। ਇਸ ਤਰ੍ਹਾਂ ਲਾਂਘਾ ਹਮੇਸ਼ਾਂ ਲਈ ਖੁੱਲ੍ਹ ਜਾਏਗਾ।

ਦੱਸ ਦਈਏ ਕਿ ਪਾਕਿਸਤਾਨ ਨੇ ਮੰਗਲਵਾਰ ਭਾਰਤ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਤੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸਿੱਖ ਸ਼ਰਧਾਲੂਆਂ ਨੂੰ ਇਸ ਪਵਿੱਤਰ ਸਥਾਨ ਦੀ ਯਾਤਰਾ ਕਰਨ ਦੀ ਆਗਿਆ ਦਿੱਤੀ ਜਾਵੇ।

ਵਿਦੇਸ਼ ਦਫ਼ਤਰ ਵੱਲੋਂ ਕਿਹਾ ਗਿਆ ਕਿ ਭਾਰਤ ਵੱਲੋਂ ਹਾਲੇ ਤੱਕ ਆਪਣੇ ਵੱਲੋਂ ਯਾਤਰੀਆਂ ਲਈ ਕਰਤਾਰਪੁਰ ਲਾਂਘਾ ਨਹੀਂ ਖੋਲ੍ਹਿਆ ਗਿਆ ਹੈ। ਬਿਆਨ ਵਿੱਚ ਕਿਹਾ ਗਿਆ, ‘ਅਸੀਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 17 ਤੋਂ 26 ਨਵੰਬਰ ਤੱਕ ਸਮਾਗਮਾਂ ਵਿੱਚ ਭਾਰਤ ਤੇ ਪੂਰੀ ਦੁਨੀਆਂ ਤੋਂ ਸ਼ਰਧਾਲੂਆਂ ਦਾ ਸਵਾਗਤ ਕਰਨ ਲਈ ਤਿਆਰ ਹਾਂ।’


 


ਦੱਸ ਦਈਏ ਕਿ ਭਾਰਤ-ਪਾਕਿਸਤਾਨ ਦੀ ਸਰਹੱਦ 'ਤੇ ਸਥਿਤ ਡੇਰਾ ਬਾਬਾ ਨਾਨਕ ਕਰਤਾਰਪੁਰ ਲਾਂਘੇ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਡੇਰਾ ਬਾਬਾ ਨਾਨਕ ਦੋਹਾਂ ਦੇਸ਼ਾਂ ਦੀ ਸਰਹੱਦ ਤੋਂ 1 ਕਿਲੋਮੀਟਰ ਦੀ ਦੂਰੀ 'ਤੇ ਅਤੇ ਰਾਵੀ ਦਰਿਆ ਦੇ ਪੂਰਬੀ ਕੰਢੇ 'ਤੇ ਸਥਿਤ ਹੈ। ਕਿਹਾ ਜਾਂਦਾ ਹੈ ਕਿ ਗੁਰੂ ਨਾਨਕ ਦੇਵ ਦੇ ਸ਼ਰਧਾਲੂਆਂ ਨੇ ਇਹ ਸ਼ਹਿਰ ਵਸਾਇਆ ਤੇ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਇਸ ਦਾ ਨਾਂ ਡੇਰਾ ਬਾਬਾ ਨਾਨਕ ਰੱਖਿਆ ਗਿਆ।


ਪੰਜਾਬ ਦੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਗੁਰਦੁਆਰੇ ਤੱਕ ਜਾਣ ਲਈ ਕਾਰੀਡੋਰ ਬਣਾਇਆ ਗਿਆ। ਕਰਤਾਰਪੁਰ ਸਾਹਿਬ ਲਾਂਘੇ ਦੀ ਲੰਬਾਈ 4.1 ਕਿਲੋਮੀਟਰ ਹੈ। ਕਰਤਾਰਪੁਰ ਸਾਹਿਬ ਗੁਰਦੁਆਰਾ ਸਿੱਖਾਂ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇੱਥੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਬਿਤਾਏ ਸੀ।