(ਸ੍ਰੀ ਮੁਕਤਸਰ ਸਾਹਿਬ ਤੋਂ ਅਸ਼ਫਾਕ ਢੁੱਡੀ)
Panchayat Election: ਪੰਚਾਇਤੀ ਚੋਣਾਂ ਨੂੰ ਲੈ ਕੇ ਬਠਿੰਡਾ ਤੋਂ ਸਾਂਸਦ ਮੈਂਬਰ ਹਰਸਿਮਰਕ ਕੌਰ ਬਾਦਲ ਨੇ ਸੱਤਾਧਾਰੀ ਧਿਰ ਉੱਤੇ ਤਿੱਖੇ ਸ਼ਬਦੀ ਵਾਰ ਕੀਤੇ ਹਨ। ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਈ ਹੈ। ਹਰਸਿਮਰਤ ਕੌਰ ਨੇ ਦਾਅਵਾ ਕੀਤਾ ਕਿ ਵੱਡੀ ਗਿਣਤੀ ਵਿੱਚ ਵਿਰੋਧੀਆਂ ਦੇ ਕਾਗ਼ਜ਼ ਰੱਦ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਡਰਾਇਆ-ਧਮਕਾਇਆ ਗਿਆ ਹੈ।
ਹਰਸਿਮਰਤ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾ ਨੇ ਪਿਛਲੇ 50 ਸਾਲ 'ਚ ਅਜਿਹਾ ਨਹੀ ਦੇਖਿਆ ਜੋ ਹੁਣ ਹੋ ਰਿਹਾ ਹੈ। ਗਿੱਦੜਬਾਹਾ ਇਲਾਕੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇੱਥੋਂ ਦੇ 15 ਪਿੰਡਾਂ ਦੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਦੇ ਸੁਣਿਆ ਸੀ ਤੁਸੀ ਮੰਤਰੀ ਖ਼ੁਦ ਦਫ਼ਤਰਾਂ ਵਿੱਚ ਜਾ ਕੇ ਲੋਕਾਂ ਨੂੰ ਡਰਾ ਰਿਹਾ ਹੋਵੇ।
ਬਾਦਲ ਨੇ ਕਿਹਾ ਕਿ ਕਾਂਗਰਸ ਨੇ ਪੰਜ ਸਾਲਾਂ ਵਿੱਚ ਪੰਜਾਬ ਦੇ ਸਿਰ ਇੱਕ ਲੱਖ ਕਰੋੜ ਦਾ ਕਰਜ਼ਾ ਚੜ੍ਹਾਇਆ ਸੀ ਤੇ ਪੰਜਾਬ ਉੱਤੇ ਕੋਈ ਖ਼ਰਚਾ ਨਹੀਂ ਕੀਤਾ ਤੇ ਹੁਣ ਆਮ ਆਦਮੀ ਪਾਰਟੀ ਨੇ ਪਿਛਲੇ ਢਾਈ ਸਾਲਾਂ ਵਿੱਚ ਹੀ ਇੱਕ ਲੱਖ ਕਰੋੜ ਦਾ ਕਰਜ਼ਾ ਲੈ ਲਿਆ ਹੈ ਤੇ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਨੂੰ ਖ਼ਤਮ ਕਰ ਦਿੱਤਾ ਹੈ। ਬਾਦਲ ਨੇ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਨੂੰ ਪੁੱਛਣਾ ਚਾਹੁੰਦੀ ਹੈ ਕਿ ਉਨ੍ਹਾਂ ਨੂੰ ਇਸ ਕਰਜ਼ੇ ਦੇ ਬਦਲੇ ਕਿਹੜੀ ਸਹੂਲਤ ਮਿਲੀ ਹੈ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਜੋ ਵੀ ਕੰਮ ਹੋਏ ਹਨ ਉਹ ਸਾਰੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਹਨ। ਹੁਣ ਪੰਜਾਬ ਦੇ ਮੁੱਖ ਮੰਤਰੀ ਦੇ ਹੱਥ ਕੁਝ ਵੀ ਨਹੀਂ ਹੈ ਇਹ ਸਾਰਾ ਕੁਝ ਦਿੱਲੀ ਦੇ ਹੁਕਮਾਂ ਉੱਤੇ ਹੁੰਦਾ ਹੈ।
ਬਾਦਲ ਨੇ ਕਿਹਾ ਕਿ ਪੰਜਾਬ ਦੇ ਮੰਤਰੀਆਂ ਨਾਲ ਅਰਵਿੰਦ ਕੇਜਰੀਵਾਲ ਮੁਲਾਕਾਤ ਕਰਦਾ ਹੈ। ਪੰਜਾਬ ਦਾ ਪੂਰਾ ਕੰਟਰੋਲ ਦਿੱਲੀ ਤੋਂ ਚੱਲ ਰਿਹਾ ਹੈ। ਪੰਜਾਬ ਦਾ ਮੁੱਖ ਮੰਤਰੀ ਤਾਂ ਆਪਣੀ ਮਰਜ਼ੀ ਨਾਲ osd ਨਹੀਂ ਰੱਖ ਸਕਦਾ। ਭਗਵੰਤ ਮਾਨ ਤਾਂ ਸਿਰਫ਼ ਨਾਂਅ ਦਾ ਮੁੱਖ ਮੰਤਰੀ ਹੈ ਉਹ ਕੋਈ ਫ਼ੈਸਲਾ ਨਹੀਂ ਲੈ ਸਕਦਾ, ਸਾਰੇ ਫ਼ੈਸਲੇ ਅਰਵਿੰਦ ਕੇਜਰੀਵਾਲ ਵੱਲੋਂ ਲਏ ਜਾ ਰਹੇ ਹਨ।
ਹਰਸਿਮਰਤ ਨੇ ਕਿਹਾ ਕਿ ਇਨ੍ਹਾਂ ਨੇ ਪੰਜਾਬ ਨੂੰ ਕਰਜ਼ਾਈ ਕਰ ਦਿੱਤਾ ਹੈ, ਸੂਬੇ ਵਿੱਚ ਗੈਂਗਸਟਰਾਂ ਦਾ ਰਾਜ਼ ਚੱਲ ਰਿਹਾ ਹੈ ਜਿਸ ਦੀ ਜ਼ਿੰਮੇਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਇਸ ਮੌਕੇ ਉਨ੍ਹਾਂ ਧਮਕੀ ਭਰੇ ਲਹਿਜੇ ਵਿੱਚ ਕਿਹਾ ਕਿ ਜਿਹੜੇ ਅਫ਼ਸਰਾ ਨੇ ਭ੍ਰਿਸ਼ਟਾਚਾਰ ਕੀਤਾ ਹੈ , ਇਹ ਚਾਹੇ ਵਿਦੇਸ਼ ਵੀ ਭੱਜ ਜਾਣ ਪਰ ਜਦੋਂ ਉਨ੍ਹਾਂ ਦੀ ਸਰਕਾਰ ਆਈ ਤਾਂ ਵਿਦੇਸ਼ ਤੋਂ ਚੱਕ ਲਿਆਵਾਂਗੇ।