Punjab News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਰਿਆਣਾ ਸਰਕਾਰ ਨੂੰ ਆਖਿਆ ਕਿ ਉਹ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਜਾਰੀ ਕੀਤਾ ਆਪਣਾ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ ਅਤੇ ਕਿਹਾ ਕਿ ਹਰਿਆਣਾ ਦੇ ਸਿੱਖ ਵੀ ਖੱਟਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦਾ ਵਿਰੋਧ ਕਰ ਰਹੇ ਹਨ।


ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੇ ਗਠਨ ਲਈ ਜਾਰੀ ਨੋਟੀਫਿਕੇਸ਼ਨ ਨੇ ਅਕਾਲੀ ਦਲ ਦਾ ਸਟੈਂਡ ਸਹੀ ਸਾਬਤ ਕੀਤਾ ਹੈ ਕਿ ਗੁਰੂ ਘਰਾਂ ਦੇ ਪ੍ਰਬੰਧ ਨੂੰ ਚਲਾਉਣ ਲਈ ਫੈਸਲੇ ਕੀਤੇ ਹੋਰ ਲਏ ਜਾ ਰਹੇ ਹਨ ਅਤੇ ਸਿੱਖਾਂ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਜਾ ਰਿਹਾ।


ਉਹਨਾਂ ਕਿਹਾ ਕਿ ਜਿਸ ਤਰੀਕੇ ਬਲਜੀਤ ਸਿੰਘ ਦਾਦੂਵਾਲ ਨੇ ਨੋਟੀਫਿਕੇਸ਼ਨ ਦਾ ਵਿਰੋਧ ਕੀਤਾ ਹੈ, ਉਸ ਤੋਂ ਇਹ ਵੀ ਦਿਸ ਰਿਹਾ ਹੈ ਕਿ ਸਰਕਾਰ ਨੇ ਆਰਡੀਨੈਂਸ ਜਾਰੀ ਕਰਨ ਤੋਂ ਪਹਿਲਾਂ ਹਰਿਆਣਾ ਗੁਰਦੁਆਰਾ ਕਮੇਟੀ ਦੀ ਸਲਾਹ ਨਹੀਂ ਲਈ।


ਡਾ. ਚੀਮਾ ਤੇ ਰੱਖੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਪਾਰਟੀ ਦੇ ਸੀਨੀਅਰ ਆਗੂ ਹਨ ਤੇ ਪਾਰਟੀ ਦੀ ਫੈਸਲਾ ਲੈਣ ਵਾਲੀ ਸਰਵਉਚ ਕੋਰ ਕਮੇਟੀ ਦੇ ਮੈਂਬਰ ਵੀ ਹਮੇਸ਼ਾ ਰਹੇ ਹਨ।


ਉਹਨਾਂ ਦੱਸਿਆ ਕਿ ਉਹਨਾਂ ਫੋਨ ’ਤੇ ਉਹਨਾਂ ਨਾਲ ਗੱਲਬਾਤ ਕੀਤੀ ਹੈ ਤੇ ਕੱਲ੍ਹ 30 ਅਕਤੂਬਰ ਨੂੰ ਸ਼ਾਮ 4.00 ਵਜੇ ਉਹ ਬੇਗੋਵਾਲ ਵਿਚ ਦੋਵੇਂ ਉਹਨਾਂ ਨਾਲ ਮੁਲਾਕਾਤ ਕਰਨਗੇ। ਉਹਨਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਦੋਵਾਂ ਦੀ ਜ਼ਿੰਮੇਵਾਰੀ ਬੀਬੀ ਜਗੀਰ ਕੌਰ ਨਾਲ ਗੱਲਬਾਤ ਕਰਨ ਵਾਸਤੇ ਲਗਾਈ ਹੈ ਤੇ ਉਹ ਬੀਬੀ ਜਗੀਰ ਕੌਰ ਨਾਲ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਬਾਰੇ ਵਿਚਾਰ ਵਟਾਂਦਰਾ ਕਰਨਗੇ।


 ਡਾ. ਚੀਮਾ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕਰੰਸੀ ’ਤੇ ਹਿੰਦੂ ਦੇਵੀ ਦੇਵਤਿਆਂ ਦੀ ਤਸਵੀਰ ਛਾਪਣ ਦੇ ਸੁਝਾਅ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਲੋਕ ਪੂਜਾ ਸਥਾਨਾਂ ’ਤੇ ਦੇਵੀ ਦੇਵਤਿਆਂ ਅੱਗੇ ਨਤਮਸਤਕ ਹੁੰਦੇ ਹਨ ਤੇ ਪਰਮਾਤਮਾ ਸਭ ਤੋਂ ਉਪਰ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਦਾ ਬਿਆਨ ਸਿਰਫ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਚੋਣਾਂ ਵਿਚ ਵੋਟਾਂ ਲੈਣ ਵੱਲ ਸੇਧਤ ਹੈ।