Punjab Congress: ਹਰਿਆਣਾ ਪੁਲਿਸ ਵੱਲੋਂ ਦਿੱਲੀ ਵੱਲ ਮਾਰਚ ਕਰਨ ਵਾਲੇ ਪੰਜਾਬ ਦੇ ਕਿਸਾਨਾਂ 'ਤੇ ਡਰੋਨਾਂ ਤੋਂ ਅੱਥਰੂ ਗੈਸ ਦੇ ਗੋਲੇ ਛੱਡਣ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਦਾ ਮਾਮਲਾ ਗਰਮ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਪਾਰਟੀ ਦਾ ਇੱਕ ਵਫ਼ਦ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ।


ਕਾਂਗਰਸ ਨੇ ਮੰਗ ਕੀਤੀ ਹੈ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਜਾਣ, ਇਸ ਨੇ ਅੰਬਾਲਾ ਦੇ ਐਸਪੀ ਅਤੇ ਹੋਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਵੀ ਮੰਗ ਕੀਤੀ ਹੈ।






ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਉਣਾ ਗੰਭੀਰ ਮਾਮਲਾ ਹੈ। ਉਨ੍ਹਾਂ ਦਲੀਲ ਦਿੱਤੀ ਕਿ ਹਰਿਆਣਾ ਪੁਲਿਸ ਨੇ ਅਜਿਹਾ ਕਰਕੇ ਗਲਤ ਕੀਤਾ ਹੈ। ਪੰਜਾਬ ਦੇ ਇਲਾਕੇ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਨੇ ਤਸ਼ੱਦਦ ਕੀਤਾ ਹੈ। ਇਸ ਦੌਰਾਨ ਕੁਝ ਕਿਸਾਨਾਂ ਦੀਆਂ ਅੱਖਾਂ, ਸਿਰ, ਗਰਦਨ ਆਦਿ ’ਤੇ ਸੱਟਾਂ ਲੱਗੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ ਰਾਸ਼ਟਰ ਦੀ ਜਾਇਦਾਦ ਹੈ। ਕਿਸਾਨਾਂ ਨੂੰ ਬਿਨਾਂ ਕਿਸੇ ਪਾਬੰਦੀ ਦੇ ਘੁੰਮਣ ਦਾ ਅਧਿਕਾਰ ਹੈ। ਜਦਕਿ ਉਨ੍ਹਾਂ ਨੂੰ ਜਾਣਬੁੱਝ ਕੇ ਰੋਕਿਆ ਜਾ ਰਿਹਾ ਹੈ।


ਇਸ ਮੌਕੇ ਵਫ਼ਦ ਵਿੱਚ ਸਾਬਕਾ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਗੁਰਕੀਰਤ ਕੋਟਲੀ, ਸੰਸਦ ਮੈਂਬਰ ਅਮਰ ਸਿੰਘ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅਤੇ ਪਾਰਟੀ ਆਗੂ ਕਾਮਲ ਅਮਰ ਸਿੰਘ ਅਤੇ ਗੁਰਬੇਜ ਟਿੱਬੀ ਸ਼ਾਮਲ ਸਨ। ਇਸ ਤੋਂ ਪਹਿਲਾਂ ਕਾਂਗਰਸੀ ਆਗੂ ਰਾਜਪੁਰਾ ਦੇ ਹਸਪਤਾਲ ਵਿੱਚ ਦਾਖ਼ਲ ਕਿਸਾਨਾਂ ਨੂੰ ਮਿਲੇ ਸਨ। ਇਸ ਤੋਂ ਇਲਾਵਾ ਜ਼ਖਮੀ ਕਿਸਾਨਾਂ ਨਾਲ ਵੀ ਰਾਹੁਲ ਗਾਂਧੀ ਨਾਲ ਫੋਨ 'ਤੇ ਗੱਲ ਕੀਤੀ ਗਈ। ਉਨ੍ਹਾਂ ਕਿਸਾਨਾਂ ਨੂੰ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਸੀ।