Farmer Protest: 101 ਕਿਸਾਨਾਂ ਦੇ ਜੱਥੇ ਨੇ ਸ਼ੁੱਕਰਵਾਰ ਨੂੰ ਪੰਜਾਬ ਤੇ ਹਰਿਆਣਾ ਦੀ ਸਰਹੱਦ ਦੇ ਸ਼ੰਭੂ ਸਰਹੱਦ (Shambu Border) ਤੋਂ ਦਿੱਲੀ ਵੱਲ ਪੈਦਲ ਮਾਰਚ ਸ਼ੁਰੂ ਕੀਤਾ। ਹਾਲਾਂਕਿ, ਕੁਝ ਮੀਟਰ ਬਾਅਦ ਇਸ ਨੂੰ ਬਹੁ-ਪੱਧਰੀ ਬੈਰੀਕੇਡ ਲਗਾ ਕੇ ਰੋਕ ਦਿੱਤਾ ਗਿਆ। ਜਦੋਂ ਕੁਝ ਕਿਸਾਨ ਹਰਿਆਣਾ ਵਾਲੇ ਪਾਸੇ ਸ਼ੰਭੂ ਸਰਹੱਦ 'ਤੇ ਲਗਾਏ ਗਏ ਬੈਰੀਅਰ 'ਤੇ ਪਹੁੰਚੇ ਤਾਂ ਸੁਰੱਖਿਆ ਕਰਮੀਆਂ ਨੇ ਅੱਥਰੂ ਗੈਸ ਦੀ ਵਰਤੋਂ ਕੀਤੀ। 


ਕਿਸਾਨ ਜਥੇਬੰਦੀਆਂ ਦਾ ਦਾਅਵਾ ਹੈ ਕਿ ਇਸ ਦੌਰਾਨ 15 ਕਿਸਾਨ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ 8 ਹਸਪਤਾਲ ਵਿੱਚ ਦਾਖ਼ਲ ਹਨ। ਇਸ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਆਪਣਾ ਮਾਰਚ ਮੁਲਤਵੀ ਕਰ ਦਿੱਤਾ ਹੈ। 



ਕਿਸਾਨ ਆਗੂ ਸਰਵਣ ਸਿੰਘ ਪੰਧੇਰ (sarvan singh pandher) ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਅਸੀਂ ਖੇਤੀ ਮੰਤਰੀ ਨਾਲ ਗੱਲ ਕਰਨੀ ਚਾਹੁੰਦੇ ਹਾਂ। ਅਸੀਂ ਕੇਂਦਰ ਨਾਲ ਗੱਲਬਾਤ ਲਈ ਅੰਦੋਲਨ ਮੁਲਤਵੀ ਕਰ ਦਿੱਤਾ ਹੈ। ਹੁਣ ਅਸੀਂ 8 ਦਸੰਬਰ ਨੂੰ ਦਿੱਲੀ ਕੂਚ ਕਰਾਂਗੇ। ਅਸੀਂ ਇਹ ਸਮਾਂ ਇਸ ਲਈ ਦਿੱਤਾ ਗਿਆ ਹੈ ਤਾਂ ਜੋ ਕੇਂਦਰ ਸਰਕਾਰ ਸਾਡੇ ਨਾਲ ਗੱਲਬਾਤ ਨੂੰ ਪੂਰਾ ਕਰੇ।






ਸਾਨੂੰ ਪੁੱਛਿਆ ਗਿਆ ਕਿ ਅਸੀਂ ਕੀ ਚਾਹੁੰਦੇ ਹਾਂ ਤੇ ਗੱਲਬਾਤ ਵਿੱਚ ਕੌਣ ਹੋਣਾ ਚਾਹੀਦਾ ਹੈ। ਅਸੀਂ ਕਿਹਾ ਕਿ ਖੇਤੀਬਾੜੀ ਮੰਤਰੀ ਗੱਲਬਾਤ ਵਿੱਚ ਹਾਜ਼ਰ ਹੋਣ। ਅਸੀਂ ਪੰਜਾਬ ਵਿੱਚ ਭਾਜਪਾ ਦਾ ਵਿਰੋਧ ਕਰਾਂਗੇ ਅਤੇ ਭਾਜਪਾ ਆਗੂਆਂ ਨੂੰ ਕਾਲੇ ਝੰਡੇ ਦਿਖਾਵਾਂਗੇ। ਉਨ੍ਹਾਂ ਦੱਸਿਆ ਕਿ ਪੁਲਿਸ ਨਾਲ ਝੜਪ ਵਿੱਚ 15 ਕਿਸਾਨ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚੋਂ 8 ਹਸਪਤਾਲ ਵਿੱਚ ਦਾਖ਼ਲ ਹਨ। ਕੁਝ ਕਿਸਾਨਾਂ ਦੀਆਂ ਸੱਟਾਂ ਨੂੰ ਦੇਖਦਿਆਂ ਅਸੀਂ ਅੱਜ ਲਈ ਜੱਥੇ ਵਾਪਸ ਬੁਲਾ ਲਿਆ ਹੈ। 



13 ਫਰਵਰੀ ਤੋਂ ਸੰਘਰਸ਼ ਕਰ ਰਹੇ ਨੇ ਕਿਸਾਨ


ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਦਿੱਲੀ ਤੱਕ ਪੈਦਲ ਮਾਰਚ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਦੀਆਂ ਮੰਗਾਂ ਵਿੱਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਤੇ ਹੋਰ ਕਈ ਮੰਗਾਂ ਸ਼ਾਮਲ ਹਨ। ਉਹ 13 ਫਰਵਰੀ ਤੋਂ ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਸਥਿਤ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਹਨ।