ਅੱਤਵਾਦੀਆਂ ਅਤੇ ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਮਿਲ ਕੇ ਕਰਨਗੇ ਕੰਮ , NIA ਨੇ ਬਣਾਈ ਇਹ ਖ਼ਾਸ ਰਣਨੀਤੀ
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪੁਲਿਸ ਹੁਣ ਅੱਤਵਾਦੀ-ਗੈਂਗਸਟਰ ਸਿੰਡੀਕੇਟ ਨੂੰ ਨਸ਼ਟ ਕਰਨ ਲਈ ਇਕੱਠੇ ਹਨ। ਇਹ ਫੈਸਲਾ ਐਨਆਈਏ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ।
Haryana News: ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਹੁਣ ਅੱਤਵਾਦੀਆਂ ਅਤੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। NIA ਹੁਣ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਅੱਤਵਾਦੀ-ਗੈਂਗਸਟਰ ਸਿੰਡੀਕੇਟ ਦੇ ਖਿਲਾਫ ਮੁਹਿੰਮ ਚਲਾਉਣ ਜਾ ਰਹੀ ਹੈ। ਐਨਆਈਏ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਪੰਚਕੂਲਾ, ਹਰਿਆਣਾ ਵਿੱਚ ਇੱਕ ਮੀਟਿੰਗ ਹੋਈ। ਜਿਸ ਵਿੱਚ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਡੀ.ਜੀ.ਪੀਜ਼ ਸਮੇਤ ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਵਿੱਚ ਉੱਤਰੀ ਭਾਰਤ ਵਿੱਚ ਵੱਧ ਰਹੇ ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਲੜਨ ਲਈ ਵਿਉਂਤਬੰਦੀ ਕੀਤੀ ਗਈ।
ਸਾਂਝੀ ਕਮੇਟੀ ਬਣਾਈ ਗਈ
ਜ਼ਿਕਰ ਕਰ ਦਈਏ ਕਿ ਅੱਤਵਾਦੀ-ਗੈਂਗਸਟਰ ਸਿੰਡੀਕੇਟ ਖਿਲਾਫ ਕਾਰਵਾਈ ਕਰਨ ਲਈ ਸਾਂਝੀ ਕਮੇਟੀ ਬਣਾਈ ਗਈ ਹੈ। ਐਨਆਈਏ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਨੇ ਉੱਤਰੀ ਭਾਰਤ ਦੇ ਰਾਜਾਂ ਵਿੱਚ ਕੰਮ ਕਰ ਰਹੇ ਅਪਰਾਧਿਕ ਸਿੰਡੀਕੇਟਾਂ ਅਤੇ ਸਮੂਹਾਂ ਦੇ ਨੇਤਾਵਾਂ ਅਤੇ ਮੈਂਬਰਾਂ ਦੀਆਂ ਗਤੀਵਿਧੀਆਂ ਬਾਰੇ ਅਧਿਕਾਰੀਆਂ ਨਾਲ ਚਰਚਾ ਕੀਤੀ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਹੁਣ ਹਰ ਮਹੀਨੇ ਅਜਿਹੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ। ਜਿਸ ਵਿੱਚ ਅੱਤਵਾਦੀ-ਗੈਂਗਸਟਰ ਸਿੰਡੀਕੇਟ ਖਿਲਾਫ ਅਗਲੀ ਵਿਉਂਤਬੰਦੀ ਬਾਰੇ ਚਰਚਾ ਕੀਤੀ ਜਾਵੇਗੀ।
ਵਧ ਰਹੀਆਂ ਅਪਰਾਧਿਕ ਘਟਨਾਵਾਂ 'ਤੇ ਚਿੰਤਾ ਪ੍ਰਗਟਾਈ
ਮੀਟਿੰਗ ਵਿੱਚ ਹਰਿਆਣਾ ਪੁਲਿਸ, ਪੰਜਾਬ ਪੁਲਿਸ, ਚੰਡੀਗੜ੍ਹ ਪੁਲਿਸ ਨੇ ਵਧਦੀਆਂ ਅਪਰਾਧਿਕ ਘਟਨਾਵਾਂ ’ਤੇ ਚਿੰਤਾ ਪ੍ਰਗਟਾਈ ਹੈ। ਇਸ ਦੌਰਾਨ ਐਨਆਈਏ ਦੇ ਡਾਇਰੈਕਟਰ ਦਿਨਕਰ ਗੁਪਤਾ ਨੇ ਇਨ੍ਹਾਂ ਅਧਿਕਾਰੀਆਂ ਨੂੰ ਗੈਂਗਸਟਰਾਂ ਅਤੇ ਅਪਰਾਧਿਕ ਸੰਗਠਨਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਤੇਜ਼ੀ ਨਾਲ ਕੰਮ ਕਰਨ ਲਈ ਜ਼ੋਰ ਦਿੱਤਾ। ਇਸ ਦੇ ਨਾਲ ਹੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਚੰਡੀਗੜ੍ਹ ਦੇ ਡੀਜੀਪੀ ਪਰਵੀਰ ਰੰਜਨ ਅਤੇ ਹਰਿਆਣਾ ਦੇ ਡੀਜੀਪੀ ਪੀਕੇ ਅਗਰਵਾਲ ਨੇ ਸਾਰੇ ਰਾਜਾਂ ਦਰਮਿਆਨ ਤਾਲਮੇਲ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅੱਤਵਾਦੀ-ਗੈਂਗਸਟਰ ਸਿੰਡੀਕੇਟ ਨੂੰ ਤੋੜਨ ਲਈ ਆਪਸੀ ਤਾਲਮੇਲ ਜ਼ਰੂਰੀ ਹੈ।
26 ਗੈਂਗਸਟਰਾਂ ਖਿਲਾਫ ਚਾਰਜਸ਼ੀਟ ਦਾਇਰ
ਦੱਸ ਦੇਈਏ ਕਿ NIA ਨੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ 26 ਗੈਂਗਸਟਰਾਂ ਖਿਲਾਫ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਜਿਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ, ਜੱਗੂ ਭਗਵਾਨਪੁਰੀਆ, ਸਚਿਨ ਬਿਸ਼ਨੋਈ, ਅਨਮੋਲ ਬਿਸ਼ਨੋਈ ਉਰਫ ਭਾਨੂ, ਸੰਦੀਪ ਝਾਂਝਰੀਆ ਉਰਫ ਕਾਲਾ ਜਠੇੜੀ ਸਮੇਤ ਹੋਰ ਗੈਂਗਸਟਰਾਂ ਦੇ ਨਾਂ ਸ਼ਾਮਲ ਹਨ।