ਚੰਡੀਗੜ੍ਹ: ਹਰਿਆਣਾ ਦੀ ਖੱਟੜ ਸਰਕਾਰ ਨੂੰ ਪੰਜਾਬੀ ਭਾਸ਼ਾ ਨਾਲ ਐਲਰਜ਼ੀ ਜਾਪਦੀ ਹੈ। ਸ਼ਾਇਦੀ ਇਸੇ ਲਈ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਦੀ ਥਾਂ ਤੇਲਗੂ ਨੂੰ ਦੂਜੀ ਭਾਸ਼ਾ ਵਜੋਂ ਪੜ੍ਹਾਉਣ ਦਾ ਫੈਸਲਾ ਕੀਤਾ ਹੈ। ਹੈਰਾਨੀ ਦੀ ਗੱਲ਼ ਹੈ ਕਿ ਖੱਟੜ ਖੁਦ ਵੀ ਪੰਜਾਬੀ ਹਨ ਤੇ ਸੂਬੇ ਵਿੱਚ ਵੱਡਾ ਹਰਿਆਣਵੀ ਤੋਂ ਬਾਅਦ ਸਭ ਤੋਂ ਵੱਧ ਪੰਜਾਬੀ ਬੋਲਣ ਵਾਲੇ ਹੀ ਹਨ।

ਉਧਰ, ਸਰਕਾਰੀ ਸਕੂਲਾਂ ਵਿੱਚ ਪੰਜਾਬੀ ਦੀ ਥਾਂ ਤੇਲਗੂ ਨੂੰ ਦੂਜੀ ਭਾਸ਼ਾ ਬਣਾਉਣ ਨੂੰ ਲੈ ਕੇ ਸਿੱਖ ਸੰਗਤ ਵਿੱਚ ਰੋਸ ਵਧਣ ਲੱਗਾ ਹੈ। ਹਰਿਆਣਾ ਸਰਕਾਰ ਵੱਲੋਂ ਲਏ ਇਸ ਫ਼ੈਸਲੇ ’ਤੇ ਇਤਰਾਜ਼ ਜਤਾਉਣ ਤੇ ਪੰਜਾਬੀ ਨੂੰ ਹੀ ਦੂਜੀ ਭਾਸ਼ਾ ਰੱਖਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦਾ ਵਫ਼ਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਮਿਲੇਗਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਕਿਹਾ ਕਿ ਹਰਿਆਣਾ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਭਿਆਨ ਤਹਿਤ ਤੇਲਗੂ ਭਾਸ਼ਾ ਨੂੰ ਦੂਜੀ ਭਾਸ਼ਾ ਵਜੋਂ ਪੜ੍ਹਾਉਣ ਦਾ ਫ਼ੈਸਲਾ ਲਿਆ ਗਿਆ ਹੈ ਜਦੋਂਕਿ ਵਰਤਮਾਨ ਵਿੱਚ ਹਰਿਆਣੇ ’ਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਦਰਜਾ ਪ੍ਰਾਪਤ ਹੈ।