ਚੰਡੀਗੜ੍ਹ: ਮੁਹਾਲੀ ਕੌਮਾਂਤਰੀ ਏਅਰਪੋਰਟ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਵਾਇਆ ਮੁੰਬਈ ਕੁਨੈਕਟਿੰਗ ਹਵਾਈ ਸੇਵਾ 15 ਨਵੰਬਰ ਤੋਂ ਸ਼ੁਰੂ ਹੋ ਜਾਵੇਗੀ। ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਹ ਜਾਣਕਾਰੀ ਪੱਤਰਕਾਰਾਂ ਨੂੰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਾਜੀਵ ਗਾਂਧੀ ਹਵਾਈ ਭਵਨ ਵਿੱਚ ਸਿਵਲ ਏਵੀਏਸ਼ਨ ਮੰਤਰੀ ਅਸ਼ੋਕ ਗਜਾਪਤੀ ਰਾਜੂ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਕੁੱਝ ਏਅਰ ਲਾਈਨਜ਼ ਦੇ ਅਧਿਕਾਰੀਆਂ ਨਾਲ ਉਨ੍ਹਾਂ ਮੀਟਿੰਗ ਕੀਤੀ ਸੀ, ਜਿਸ ਵਿੱਚ ਕੇਂਦਰ ਸਰਕਾਰ ਨੇ ਸ੍ਰੀ ਹਜ਼ੂਰ ਸਾਹਿਬ ਲਈ ਹਵਾਈ ਸੇਵਾ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਚੰਦੂਮਾਜਰਾ ਨੇ ਦੱਸਿਆ ਕਿ ਹਵਾਈ ਸੇਵਾ ਦੇ ਸ਼ੁਰੂ ਹੋਣ ਨਾਲ ਸਮੁੱਚੀ ਸੰਗਤ ਦੀ ਲੰਮੇ ਸਮੇਂ ਤੋਂ ਚੱਲੀ ਆ ਮੰਗ ਪੂਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪਹਿਲਾਂ ਸ੍ਰੀ ਹਜ਼ੂਰ ਸਾਹਿਬ ਜਾਣ ਲਈ ਤਿੰਨ ਚਾਰ ਦਿਨਾਂ ਦਾ ਸਫ਼ਰ ਤੈਅ ਕਰਨਾ ਪੈਂਦਾ ਸੀ, ਪਰ ਹੁਣ ਸਿਰਫ਼ ਤਿੰਨ-ਚਾਰ ਘੰਟੇ ਹੀ ਲੱਗਿਆ ਕਰਨਗੇ। ਇਸ ਨਾਲ ਐੱਨਆਰਆਈਜ਼ ਤੇ ਪੰਜਾਬੀਆਂ ਸਮੇਤ ਹਰਿਆਣਾ ਅਤੇ ਦਿੱਲੀ ਆਦਿ ਸੂਬਿਆਂ ਦੇ ਲੋਕਾਂ ਨੂੰ ਵੀ ਭਾਰੀ ਰਾਹਤ ਮਿਲੇਗੀ।