Punjab News: ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਹਾਈਕੋਰਟ ਦਾ ਧੰਨਵਾਦ ਕੀਤਾ ਹੈ।






ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ,  ਮਾਨਯੋਗ ਹਾਈ ਕੋਰਟ ਦਾ ਧੰਨਵਾਦ... ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ ਹੋ ਚੁੱਕਿਆ ਹੈ.. ਕੱਲ੍ਹ 15 ਅਕਤੂਬਰ ਨੂੰ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ, ਮੇਰੀ ਸਾਰੇ ਪੰਜਾਬੀਆਂ ਨੂੰ ਬੇਨਤੀ ਹੈ ਕੱਲ੍ਹ 15 ਅਕਤੂਬਰ ਨੂੰ ਅਮਨ ਸ਼ਾਂਤੀ ਨਾਲ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਵੋਟਾਂ ਪਾਓ ਤੇ ਆਪਣੇ ਆਪਣੇ ਪਿੰਡਾਂ ਦੇ ਚੰਗੇ ਨੁਮਾਇੰਦੇ ਚੁਣੋ ਜੋ ਪਿੰਡਾਂ ਦੇ ਵਿਕਾਸ ਦੇ ਵਿੱਚ ਯੋਗਦਾਨ ਪਾਉਣ...ਪੰਚਾਇਤੀ ਚੋਣਾਂ ਵਾਸਤੇ ਜਿੰਨੇ ਵੀ ਉਮੀਦਵਾਰ ਮੈਂਬਰ ਜਾਂ ਸਰਪੰਚ ਚੋਣਾਂ ਲੜ ਰਹੇ ਨੇ ਸਭ ਨੂੰ ਮੇਰੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ...



ਇਸ ਬਾਬਤ ਪੰਜਾਬ ਦੇ ਐਡਵੋਕੇਟ ਜਨਰਲ (AG) ਗੁਰਮਿੰਦਰ ਸਿੰਘ ਨੇ ਕਿਹਾ ਕਿ ਇਹ ਆਮ ਲੋਕਾਂ ਲਈ ਵੱਡੀ ਰਾਹਤ ਹੈ। ਇਸ ਤੋਂ ਪਹਿਲਾਂ ਚੋਣਾਂ ਨੂੰ ਲੈ ਕੇ ਕਈ ਬੱਦਲ ਮੰਡਰਾ ਰਹੇ ਸਨ ਪਰ ਹੁਣ ਇਹ ਸਪੱਸ਼ਟ ਹੈ ਕਿ ਚੋਣਾਂ ਹੋਣਗੀਆਂ।  ਜ਼ਿਕਰ ਕਰ ਦਈਏ ਕਿ ਪੰਚਾਇਤੀ ਚੋਣਾਂ ਸਬੰਧੀ ਸੁਣਵਾਈ ਅੱਜ ਸਵੇਰ ਤੋਂ ਹੀ ਹਾਈ ਕੋਰਟ ਵਿੱਚ ਸ਼ੁਰੂ ਹੋ ਗਈ ਸੀ। ਇਸ ਦੌਰਾਨ ਹਰੇਕ ਪਟੀਸ਼ਨ ਨੂੰ ਵੱਖਰੇ ਆਧਾਰ 'ਤੇ ਚੁਣੌਤੀ ਦਿੱਤੀ ਗਈ। ਪੰਜਾਬ ਦੇ ਐਡਵੋਕੇਟ ਜਨਰਲ ਆਪਣੀ ਟੀਮ ਨਾਲ ਅਦਾਲਤ ਵਿੱਚ ਹਾਜ਼ਰ ਸਨ। 



ਇਸ ਦੌਰਾਨ ਜਿਨ੍ਹਾਂ ਪੰਚਾਇਤਾਂ ਦੀਆਂ ਚੋਣਾਂ 'ਤੇ ਪਹਿਲਾਂ ਰੋਕ ਲੱਗੀ ਹੋਈ ਸੀ, ਉਨ੍ਹਾਂ ਦੀ ਚੋਣ ਪ੍ਰਕਿਰਿਆ ਵੀ ਸ਼ੁਰੂ ਹੋ ਗਈ। ਉਸ ਵਿਰੁੱਧ ਅਦਾਲਤ ਵਿੱਚ ਪਟੀਸ਼ਨ ਵੀ ਪਾਈ ਗਈ ਸੀ। ਇਸ ਸਬੰਧੀ ਫੈਸਲਾ ਸ਼ਾਮ ਨੂੰ ਪੌਣੇ ਚਾਰ ਵਜੇ ਸੁਣਾਇਆ ਗਿਆ। ਜ਼ਿਆਦਾਤਰ ਪਟੀਸ਼ਨਾਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨਾਲ ਜੁੜੇ ਆਗੂਆਂ ਅਤੇ ਸਮਰਥਕਾਂ ਦੀਆਂ ਸਨ।