ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲੇ ਵਿੱਚ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਤੇ ਦੋ ਹੋਰ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ 'ਤੇ ਰੋਕ ਲਾ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 20 ਸਤੰਬਰ 'ਤੇ ਪਾ ਦਿੱਤੀ ਹੈ।


 

ਜਸਟਿਸ ਆਰਕੇ ਜੈਨ ਨੇ ਸਾਬਕਾ ਐਸਐਸਪੀ ਚਰਨਜੀਤ ਸਿੰਘ, ਐਸਐਚਓ ਅਮਰਜੀਤ ਸਿੰਘ ਤੇ ਐਸਐਸਪੀ ਰਘਬੀਰ ਸਿੰਘ ਸੰਧੂ ਦੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਇਹ ਫੈਸਲਾ ਸੁਣਾਇਆ।

ਯਾਦ ਰਹੇ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਵਿੱਚ ਜਸਟਿਸ ਰਣਜੀਤ ਸਿੰਘ ਨੇ ਇਨ੍ਹਾਂ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਸਿਫਰਾਸ਼ ਕੀਤੀ ਸੀ। ਇਸ ਮਗਰੋਂ ਸਰਕਾਰ ਨੇ ਉਕਤ ਅਫਸਰਾਂ ਖਿਲਾਫ ਕਾਰਵਾਈ ਕੀਤੀ ਗਈ ਸੀ ਜਿਸ ਨੂੰ ਇਨ੍ਹਾਂ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ।

ਅਦਾਲਤ ਵਿੱਚ ਬਹਿਸ ਦੌਰਾਨ ਬਚਾਓ ਪੱਖ ਦੇ ਵਕੀਲ ਵੱਲੋਂ ਦਲੀਲ ਦਿੱਤੀ ਗਈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਕੋਲ ਮਾਮਲਾ ਸੀਬੀਆਈ ਨੂੰ ਰੈਫ਼ਰ ਕਰਨ ਦੀ ਪਾਵਰ ਨਹੀਂ ਹੈ। ਇਸ ਦੇ ਨਾਲ ਹੀ ਦੂਸਰੀ ਦਲੀਲ ਦਿੱਤੀ ਗਈ ਕਿ ਸਰਕਾਰ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਨੂੰ ਭੰਗ ਕੀਤੇ ਬਿਨਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਨਹੀਂ ਬਣਾ ਸਕਦੀ। ਦੋਵੇਂ ਹੀ ਦਲੀਲਾਂ ਨੂੰ ਅੱਗੇ ਰੱਖਦੇ ਹੋਏ ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੀ ਸਿਫਾਰਸ਼ ਤਹਿਤ ਕਾਰਵਾਈ 'ਤੇ ਰੋਕ ਲਾ ਦਿੱਤੀ।