ਸਿੱਧੂ ਮੂਸੇਵਾਲਾ ਕਤਲ ਕਾਂਡ ਮਗਰੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਨੇ ਲਾਇਸੈਂਸੀ ਹਥਿਆਰ ਰੱਖਣ ਦਾ ਲਿਆ ਪੱਖ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੋਲੀਆਂ ਮਾਰ ਕਤਲ ਕੀਤੇ ਜਾਣ ਮਗਰੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਸਵੈ-ਰੱਖਿਆ ਲਈ ਲਾਇਸੈਂਸੀ ਹਥਿਆਰ ਰੱਖਣ ਦਾ ਸਮਰਥਨ ਕੀਤਾ ਹੈ।
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੋਲੀਆਂ ਮਾਰ ਕਤਲ ਕੀਤੇ ਜਾਣ ਮਗਰੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਸਵੈ-ਰੱਖਿਆ ਲਈ ਲਾਇਸੈਂਸੀ ਹਥਿਆਰ ਰੱਖਣ ਦਾ ਸਮਰਥਨ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜਥੇਦਾਰ ਨੇ ਕਿਹਾ ਕਿ ਮੂਸੇਵਾਲਾ ਇੱਕ ਸੱਚਾ ਸਿੱਖ ਸੀ ਕਿਉਂਕਿ ਗਲੈਮਰ ਦੀ ਦੁਨੀਆ ਵਿੱਚ ਹੋਣ ਦੇ ਬਾਵਜੂਦ ਉਹ ਹਮੇਸ਼ਾ ਪੱਗ ਬੰਨ੍ਹਦਾ ਸੀ।
ਉਨ੍ਹਾਂ ਨੂੰ ਡਰ ਸੀ ਕਿ ਪੰਜਾਬ ਵਿਚ ਖ਼ੂਨ-ਖ਼ਰਾਬੇ ਦੇ ਦਿਨ ਵਾਪਸ ਆ ਸਕਦੇ ਹਨ। ਇਸ ਲਈ, ਜਥੇਦਾਰ ਸਾਹਿਬ ਨੇ ਸਿਰਫ਼ ਸਿੱਖਾਂ ਨੂੰ ਹੀ ਨਹੀਂ, ਸਾਰੇ ਪੰਜਾਬੀਆਂ ਨੂੰ ਆਤਮ-ਰੱਖਿਆ ਲਈ ਹਥਿਆਰ ਰੱਖਣ ਦੀ ਅਪੀਲ ਕੀਤੀ।
ਦੱਸ ਦੇਈਏ ਕਿ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ ਸੀ। ਉਨ੍ਹਾਂ ਨੇ ਕੌਮ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਇਹ ਸਮੇਂ ਦੀ ਨਜ਼ਾਕਤ ਅਨੁਸਾਰ ਲੋੜ ਹੈ ਕਿ ਨੌਜਵਾਨ ਮਾਡਰਨ ਲਾਇਸੈਂਸੀ ਹਥਿਆਰ ਰੱਖਣ।
ਮੁੱਖ ਮੰਤਰੀ ਭਗਵੰਤ ਮਾਨ ਟਵੀਟ ਕਰਕੇ ਕਿਹਾ ਸੀ ਕਿ, "ਮਾਣਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ, ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆਂ…ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ .ਜਥੇਦਾਰ ਸਾਹਿਬ ਆਪਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ.."
ਹੁਣ ਤੱਕ ਤਿੰਨ ਸ਼ੂਟਰਾਂ ਦੀ ਹੋ ਚੁੱਕੀ ਪਛਾਣ, ਗੋਲਡੀ ਬਰਾੜ ਨੂੰ ਭਾਰਤ ਲਿਆਏਗੀ ਸਰਕਾਰ
ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਹੁਣ ਤੱਕ ਤਿੰਨ ਸ਼ੂਟਰਾਂ ਦੀ ਪਛਾਣ ਹੋ ਚੁੱਕੀ ਹੈ, ਜਿਸ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਕੇਂਦਰੀ ਏਜੰਸੀਆਂ ਦੀ ਮਦਦ ਵੀ ਲਈ ਜਾ ਰਹੀ ਹੈ। ਪੰਜਾਬ ਪੁਲਿਸ ਜਲਦ ਹੀ ਗੋਲਡੀ ਬਰਾੜ ਲਈ ਰੈੱਡ ਕਾਰਨਰ ਨੋਟਿਸ ਜਾਰੀ ਕਰੇਗੀ ਜਿਸ ਤਹਿਤ ਗੋਲਡੀ ਬਰਾੜ ਨੂੰ ਭਾਰਤ ਲਿਆਂਦਾ ਜਾ ਸਕਦਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਗਰਮਾਉਣ ਮਗਰੋਂ ਪੰਜਾਬ ਪੁਲਿਸ ਅਲਰਟ ਹੋ ਗਈ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਜਾਏਗਾ ਪੰਜਾਬ
ਉਧਰ, ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਪੰਜਾਬ ਪੁਲਿਸ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲੈ ਕੇ ਆਏਗੀ। ਮਾਨਸਾ ਦੇ ਐਸਐਸਪੀ ਡਾ. ਗੌਰਵ ਤੁਰਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਲਾਰੈਂਸ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਦਿੱਲੀ ਦੇ ਸਪੈਸ਼ਲ ਸੈੱਲ ਕੋਲ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਸ ਦਾ ਰਿਮਾਂਡ ਖਤਮ ਹੋਵੇਗਾ, ਪੰਜਾਬ ਪੁਲਿਸ ਉਸ ਦਾ ਰਿਮਾਂਡ ਲੈ ਲਵੇਗੀ। ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਮਾਨਸਾ ਲਿਆਂਦਾ ਜਾਵੇਗਾ। ਪੰਜਾਬ ਪੁਲਿਸ ਦੀ SIT ਨੇ ਆਪਣੀ ਸਾਰੀ ਕਾਗਜੀ ਕਾਰਵਾਈ ਕਰ ਲਈ ਹੈ।