Gurdaspur News : ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਕਿਹਾ ਹੈ ਕਿ ਰਾਜ ਵਿੱਚ ਹੜ੍ਹਾਂ ਦੀ ਸਿਥਤੀ ਦਾ ਟਾਕਰਾ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰ ਰਹੀਆਂ ਹਨ।


ਅੱਜ ਗੁਰਦਾਸਪੁਰ ਦੇ ਪੰਚਾਇਤ ਭਵਨ ਵਿਖੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਕੇ ਸਿਹਤ ਵਿਭਾਗ ਵੱਲੋਂ ਕੀਤੀਆਂ ਤਿਆਰੀਆਂ ਦਾ ਰੀਵਿਊ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਹੜ੍ਹਾਂ ਦੀ ਸਥਿਤੀ ਦਾ ਟਾਕਰਾ ਕਰਨ ਲਈ ਪੂਰੀ ਤਰਾਂ ਸਮਰੱਥ ਅਤੇ ਤਿਆਰ ਹੈ। ਉਨ੍ਹਾਂ ਕਿਹਾ ਮਾਲਵੇ ਅਤੇ ਦੁਆਬਾ ਖੇਤਰ ਦੇ ਕੁਝ ਹਿੱਸਿਆਂ ਵਿੱਚ ਆਏ ਹੜ੍ਹ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮਿਸਾਲੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਲ ਮਾਹਿਰ ਡਾਕਟਰਾਂ ਦੀ ਟੀਮ, ਦਵਾਈਆਂ ਅਤੇ ਐਂਬੂਲੈਂਸਾਂ ਸਮੇਤ ਸਿਹਤ ਸੇਵਾਵਾਂ ਦੇ ਪੱਖ ਤੋਂ ਸਾਰੇ ਪ੍ਰਬੰਧ ਮੌਜੂਦ ਹਨ।



ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਦੇਖਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਨੇ ਸਿਹਤ ਵਿਭਾਗ ਨੇ ਨਾਲ ਬਾਕੀ ਵਿਭਾਗਾਂ ਨੂੰ ਵੀ ਪੂਰੀ ਚੌਕਸੀ ਅਤੇ ਤਿਆਰੀ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਇਲਾਕੇ ਵਿੱਚ ਪਾਣੀ ਭਰਦਾ  ਹੈ ਤਾਂ ਉਸ ਨੂੰ ਕੱਢਣ (ਡਰੇਨ ਆਉਟ) ਲਈ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਸਿਹਤ ਦੇ ਪੱਖ ਤੋਂ ਬਚਾਅ ਕਾਰਜਾਂ ਵਿੱਚ ਆਈ.ਐੱਮ.ਏ, ਪ੍ਰਾਈਵੇਟ ਡਾਕਟਰਾਂ, ਨਰਸਿੰਗ ਸੰਸਥਾਵਾਂ ਦੇ ਨਾਲ ਸਿਹਤ ਖੇਤਰ ਵਿੱਚ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਵੀ ਲਿਆ ਜਾਵੇ।

ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹ ਦੌਰਾਨ ਜਿਥੇ ਜਾਨ-ਮਾਲ ਦੇ ਨੁਕਸਾਨ ਦਾ ਖ਼ਤਰਾ ਰਹਿੰਦਾ ਹੈ ,ਓਥੇ ਹੜ੍ਹਾਂ ਤੋਂ ਬਾਅਦ ਵੀ ਕਈ ਤਰਾਂ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਅਤੇ ਬਰਸਾਤੀ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵੀ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚੋਂ ਪੀਣ ਵਾਲੇ ਪਾਣੀ ਦੇ ਸੈਂਪਲ ਭਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੀਣ ਵਾਲਾ ਪਾਣੀ ਕਲੋਰਾਈਡ ਕਰਕੇ ਦਿੱਤਾ ਜਾਵੇ।

ਸਿਹਤ ਮੰਤਰੀ ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਬਹੁਤ ਜਲਦੀ ‘ਡੇਂਗੂ ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਹਰ ਸ਼ੁਕਰਵਾਰ ਨੂੰ ਡਰਾਈ ਡੇਅ ਮਨਾ ਕੇ ਡੇਂਗੂ ਦੇ ਲਾਰਵੇ ਨੂੰ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਕਰਮੀਆਂ ਵੱਲੋਂ ਸਾਂਝੇ ਅਭਿਆਨ ਤਹਿਤ ਘਰ-ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਜਾਵੇ ਤਾਂ ਜੋ ਡੇਂਗੂ, ਮਲੇਰੀਆ ਦੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਬਰਸਾਤੀ ਸੀਜ਼ਨ ਅਤੇ ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਸਿਹਤ ਵਿਭਾਗ ਪੂਰੀ ਤਰਾਂ ਤਿਆਰ ਹੈ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਹੜ੍ਹ ਰੋਕੂ ਪ੍ਰਬੰਧਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ 2 ਹਫ਼ਤਿਆਂ ਦੌਰਾਨ ਦੋ ਵਾਰ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਹੜ੍ਹਾਂ ਦਾ ਖ਼ਤਰਾ ਬਣਿਆ ਸੀ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਚੌਕਸੀ ਤੇ ਆਪਣੇ ਪ੍ਰਬੰਧਾਂ ਨਾਲ ਇਸਨੂੰ ਬਾਖੂਬੀ ਨਜਿੱਠ ਲਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਟੀਮ ਹੜ੍ਹਾਂ ਦੇ ਕਿਸੇ ਵੀ ਖ਼ਤਰੇ ਦਾ ਸਾਹਮਣਾ ਕਰਨ ਲਈ ਪੂਰੀ ਤਰਾਂ ਤਿਆਰ ਹੈ। ਇਸੇ ਦੌਰਾਨ ਸਿਵਲ ਸਰਜਨ ਡਾ. ਹਰਭਜਨ ਰਾਮ ਨੇ ਵੀ ਸਿਹਤ ਵਿਭਾਗ ਵੱਲੋਂ ਕੀਤੇ ਪ੍ਰਬੰਧਾਂ ਦੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਤਿਆਲ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਨਰੇਸ਼ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਰਵਿੰਦਰਪਾਲ ਸਿੰਘ ਸੰਧੂ, ਸਮੂਹ ਐੱਸ.ਡੀ.ਐੱਮ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਸਿਹਤ ਖੇਤਰ ਵਿੱਚ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਤੇ ਆਈ.ਐੱਮ.ਏ. ਦੇ ਨੁਮਾਇੰਦੇ ਵੀ ਹਾਜ਼ਰ ਸਨ।