Farmer Protest: ਹਰਿਆਣਾ ਸਰਕਾਰ ਨੇ ਸ਼ੰਭੂ ਸਰਹੱਦ ਤੋਂ ਬੈਰੀਕੇਡ ਹਟਾਉਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਸਰਕਾਰ ਨੇ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਸਮਾਂ ਮੰਗਿਆ ਹੈ। ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ 24 ਤਰੀਕ ਤੱਕ ਮੁਲਤਵੀ ਕਰ ਦਿੱਤੀ ਹੈ। 


ਦੱਸ ਦਈਏ ਕਿ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉਜਲ ਦੀ ਡਿਵੀਜ਼ਨ ਬੈਂਚ ਨੇ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਕੀਤੀ। ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਬੰਦ ਕਰਨ ਨੂੰ ਲੈ ਕੇ ਫਟਕਾਰ ਲਗਾਈ ਹੈ। ਇਸ ਮੌਕੇ ਪਟੀਸ਼ਨਕਰ ਦੇ ਵਕੀਲ ਨੇ ਕਿਹਾ ਕਿ ਬਹਿਸ ਦੌਰਾਨ ਉਹ ਕੌਮੀ ਮਾਰਗ ਜਾਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਦਿਸ਼ਾ-ਨਿਰਦੇਸ਼ਾਂ ਦੀ ਮੰਗ ਵੀ ਕਰਨਗੇ। ਉਨ੍ਹਾਂ ਨੇ ਕਿਹਾ ਕਿ  ਉਮੀਦ ਹੈ ਕਿ ਸੁਪਰੀਮ ਕੋਰਟ ਹਰਿਆਣਾ ਸਰਕਾਰ ਵੱਲੋਂ ਚੁਣੌਤੀ ਦਿੱਤੇ ਗਏ ਹਾਈ ਕੋਰਟ ਦੇ ਹੁਕਮਾਂ ਨੂੰ ਮਨਜ਼ੂਰੀ ਦੇ ਕੇ ਸ਼ੰਭੂ ਬਾਰਡਰ ਖੋਲ੍ਹਣ ਦਾ ਹੁਕਮ ਦੇਵੇਗੀ।


ਜ਼ਿਕਰ ਕਰ ਦਈਏ ਕਿ 10 ਜੁਲਾਈ ਨੂੰ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ ਇੱਕ ਹਫ਼ਤੇ ਦੇ ਅੰਦਰ ਬਾਰਡਰ ਤੋਂ ਬੈਰੀਕੇਡ ਹਟਾਵੇ ਤਾਂ ਜੋ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ। ਹਾਈਕੋਰਟ ਨੇ ਇਹ ਆਦੇਸ਼ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਦਿੱਤਾ ਸੀ। ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਨੂੰ ਮੰਦਭਾਗਾ ਕਰਾਰ ਦਿੱਤਾ। ਹਾਈਕੋਰਟ ਨੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ ਕਿਉਂਕਿ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਯਾਦ ਕਰਵਾ ਦਈਏ ਕਿ  ਪੰਜਾਬ ਦੇ ਕਿਸਾਨ ਫਰਵਰੀ 2024 ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਅਜਿਹੇ 'ਚ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਹਰਿਆਣਾ ਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਬੰਦ ਕਰ ਦਿੱਤਾ ਸੀ। 
ਕਿਸਾਨਾਂ ਨੇ ਪੰਜਾਬ ਵੱਲ ਸਰਹੱਦ 'ਤੇ ਪੱਕਾ ਮੋਰਚਾ ਬਣਾ ਲਿਆ। ਅਜਿਹੇ 'ਚ ਉਥੋਂ ਆਵਾਜਾਈ ਬੰਦ ਹੈ। ਇਸ ਕਾਰਨ ਅੰਬਾਲਾ ਦੇ ਵਪਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।